ਪੰਜਾਬ ਦੇ ਹਸਪਤਾਲ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਤਿਆਰ: ਬਲਬੀਰ ਸਿੰਘ
ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 9 ਮਈ
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ ਡਾਕਟਰਾਂ, ਪੈਰਾ-ਮੈਡੀਕਲ ਵਰਕਰਾਂ, ਮਲਟੀਪਰਪਜ਼ ਹੈਲਥ ਵਰਕਰਾਂ ਅਤੇ ਆਸ਼ਾ ਵਰਕਰਾਂ ਨੂੰ ਸਿਹਤ ਵਿਭਾਗ ਦਾ ਅਹਿਮ ਅੰਗ ਦੱਸਦਿਆਂ ਕਿਹਾ ਕਿ ਉਨ੍ਹਾਂ ਦਾ ਕੰਮ ਜਵਾਨਾਂ ਵਾਂਗ ਲੋਕਾਂ ਦੀ ਉਨ੍ਹਾਂ ਦੇ ਘਰਾਂ ਵਿੱਚ ਹੀ ਰੱਖਿਆ ਕਰਨ ਦਾ ਵੀ ਹੈ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਹਸਪਤਾਲਾਂ ਨੂੰ ਤਿਆਰ ਕੀਤਾ ਗਿਆ ਹੈ ਅਤੇ ਮੈਡੀਕਲ ਸਟਾਫ਼ ਦੀ ਰਾਤ ਸਮੇਂ ਡਿਊਟੀ ਵਧਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪ੍ਰਾਈਵੇਟ ਹਸਪਤਾਲਾਂ ਨੂੰ ਵੀ ਸਹਿਯੋਗ ਲਈ ਅੱਗੇ ਆਉਣ ਅਤੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ ਹੈ। ਸਿਹਤ ਮੰਤਰੀ ਨੇ ਕਿਹਾ ਕਿ ਸਮੂਹ ਸਰਕਾਰੀ ਹਸਪਤਾਲਾਂ ਵਿੱਚ ਐਮਰਜੈਂਸੀ ਸੇਵਾਵਾਂ ਤੋਂ ਇਲਾਵਾ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੇ ਮੁਲਾਜ਼ਮ ਇਸ ਮੌਕੇ ਡਟ ਕੇ ਖੜ੍ਹਨਗੇ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਰ੍ਹਾਂ ਸੁਚੇਤ ਰਹਿਣ ਅਤੇ ਸਰਕਾਰ ਅਤੇ ਪ੍ਰਸ਼ਾਸਨ ਦੀਆਂ ਜ਼ਰੂਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਚੰਗੇ ਨਾਗਰਿਕ ਦਾ ਸਬੂਤ ਦੇਣ, ਕਿਉਂਕਿ ਕੋਈ ਵੀ ਜੰਗ ਆਮ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਨਹੀਂ ਜਿੱਤੀ ਜਾ ਸਕਦੀ।