ਪੰਜਾਬ ਦੇ ਹੱਕ ’ਚ ਠੋਸ ਕਦਮ ਚੁੱਕਣ ਵਾਲੇ ਮਾਨ ਪਹਿਲੇ ਮੁੱਖ ਮੰਤਰੀ: ਚੀਮਾ
ਗੁਰਦੀਪ ਸਿੰਘ ਲਾਲੀ
ਸੰਗਰੂਰ, 2 ਮਈ
ਕੈਬਨਿਟ ਮੰਤਰੀ ਤੇ ‘ਯੁੱਧ ਨਸ਼ਿਆਂ ਵਿਰੁੱਧ’ ਸੂਬਾ ਪੱਧਰੀ ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਪਹਿਲੇ ਅਜਿਹੇ ਮੁੱਖ ਮੰਤਰੀ ਹਨ ਜਿਨ੍ਹਾਂ ਨੇ ਨਸ਼ਾ ਤਸਕਰੀ ਰੋਕਣ ਤੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਠੋਸ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰ ਜਾਂ ਤਾਂ ਨਸ਼ਾ ਵੇਚਣਾ ਛੱਡ ਦੇਣ ਜੇ ਅਜਿਹਾ ਨਾ ਕੀਤਾ ਤਾਂ ਪੰਜਾਬ ਛੱਡਣਾ ਪਵੇਗਾ। ਸ੍ਰੀ ਚੀਮਾ ਸਥਾਨਕ ਸਨਰਾਈਜ਼ ਪੈਲੇਸ ’ਚ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕਰਵਾਏ ਵਿਲੇਜ ਡਿਫੈਂਸ ਕਮੇਟੀ ਦੇ ਵਿਸ਼ੇਸ਼ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਸਮਾਗਮ ’ਚ ਕੈਬਨਿਟ ਮੰਤਰੀ ਬਰਿੰਦਰ ਗੋਇਲ, ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਤੇ ਵਿਧਾਇਕ ਨਰਿੰਦਰ ਕੌਰ ਭਰਾਜ ਵੀ ਸ਼ਾਮਲ ਸਨ। ਸ੍ਰੀ ਚੀਮਾ ਨੇ ਕਿਹਾ ਕਿ ਪੁਲੀਸ ਕਾਰਵਾਈ ਦੇ ਨਾਲ-ਨਾਲ ਸਰਕਾਰ ਨੇ ਪਿੰਡ ਪੱਧਰ ’ਤੇ ਵਿਲੇਜ ਡਿਫੈਂਸ ਕਮੇਟੀਆਂ ਅਤੇ ਸ਼ਹਿਰੀ ਪੱਧਰ ’ਤੇ ਵਾਰਡ ਡਿਫੈਂਸ ਕਮੇਟੀਆਂ ਬਣਾਈਆਂ ਹਨ। ਇਨ੍ਹਾਂ ਦੇ ਮੈਂਬਰ ਆਪਣੇ-ਆਪਣੇ ਖੇਤਰਾਂ ਵਿੱਚ ਸਖ਼ਤ ਨਿਗਰਾਨੀ ਰੱਖਣਗੇ। ਇਸ ਦੌਰਾਨ ਕੈਬਨਿਟ ਮੰਤਰੀ ਗੋਇਲ ਨੇ ਕਿਹਾ ਕਿ ਮਾਨ ਸਰਕਾਰ ਨਸ਼ਿਆਂ ਵਿਰੁੱਧ ਫ਼ੈਸਲਾਕੁੰਨ ਜੰਗ ਲੜ ਰਹੀ ਹੈ ਅਤੇ ਦੂਜੇ ਪਾਸੇ ਕੇਂਦਰ ਵੱਲੋਂ ਪੰਜਾਬ ਦੇ ਪਾਣੀਆਂ ਦੀ ਲੁੱਟ ਕੀਤੀ ਜਾ ਰਹੀ ਹੈ। ਸਮਾਗਮ ਨੂੰ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਅਤੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਵੀ ਸੰਬੋਧਨ ਕੀਤਾ।
ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪਿੰਡਾਂ ਤੋਂ ਕਰਨੀ ਪਵੇਗੀ ਸ਼ੁਰੂਆਤ: ਧਾਲੀਵਾਲ
ਫ਼ਿਰੋਜ਼ਪੁਰ (ਸੰਜੀਵ ਹਾਂਡਾ): ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਫ਼ਿਰੋਜ਼ਪੁਰ ਵਿੱਚ ਵਿਲੇਜ ਡਿਫੈਂਸ ਕਮੇਟੀਆਂ (ਵੀਡੀਸੀ) ਦੇ ਮੈਂਬਰਾਂ ਨਾਲ ਮੀਟਿੰਗ ਕੀਤੀ। ਸ੍ਰੀ ਧਾਲੀਵਾਲ ਨੇ ਕਿਹਾ ਕਿ ਜੇ ਪੰਜਾਬ ਨੂੰ ਨਸ਼ਿਆਂ ਦੀ ਮਾਰ ਤੋਂ ਬਚਾਉਣਾ ਹੈ ਤਾਂ ਪਹਿਲਾਂ ਪਿੰਡਾਂ ਨੂੰ ਨਸ਼ਾ ਮੁਕਤ ਕਰਨਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਇਸ ਜੰਗ ਵਿੱਚ ਪਿੰਡ ਰੱਖਿਆ ਕਮੇਟੀਆਂ ਸਭ ਤੋਂ ਮਹੱਤਵਪੂਰਨ ਸ਼ਕਤੀ ਹਨ ਤੇ ਹਰ ਪਿੰਡ ਦਾ ਵੀਡੀਸੀ ਮੈਂਬਰ ਨਸ਼ਿਆਂ ਖ਼ਿਲਾਫ਼ ਪਹਿਲੀ ਰੋਕ ਵਜੋਂ ਕਾਰਜ ਕਰਦਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਨੀਤੀਆਂ ਕਾਰਨ ਹੀ ਸੂਬੇ ਵਿੱਚ ਨਸ਼ਿਆਂ ਦੀ ਮਾਰ ਪਈ ਹੈ। ਉਨ੍ਹਾਂ ਕਿਹਾ ਕਿ ਹੁਣ ‘ਆਪ’ ਨਸ਼ਿਆਂ ਦਾ ਖ਼ਾਤਮਾ ਕਰੇਗੀ। ਇਸ ਦੌਰਾਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ‘ਆਪ’ ਸਰਕਾਰ ਪਿਛਲੀਆਂ ਸਰਕਾਰਾਂ ਦੀ ਗੰਦਗੀ ਸਾਫ਼ ਕਰਨ ਵਿੱਚ ਜੁਟੀ ਹੋਈ ਸੀ। ਹੁਣ ਨਸ਼ਿਆਂ ਤੇ ਭ੍ਰਿਸ਼ਟਾਚਾਰ ਵਿਰੁੱਧ ਅਤੇ ਪੰਜਾਬ ਦੇ ਪਾਣੀਆਂ ਦੇ ਮੁੱਦੇ ‘ਤੇ ਪੂਰੀ ਤਾਕਤ ਨਾਲ ਮੋਰਚਾ ਖੋਲ੍ਹ ਦਿੱਤਾ ਗਿਆ ਹੈ।