ਪੰਜਾਬ ਨੂੰ ਦਬਾਉਣ ਦੀ ਨੀਤੀ ’ਤੇ ਚੱਲ ਰਿਹੈ ਕੇਂਦਰ: ਗਿਆਨੀ ਹਰਪ੍ਰੀਤ ਸਿੰਘ
ਮਿਹਰ ਸਿੰਘ
ਕੁਰਾਲੀ, 4 ਮਈ
ਅਕਾਲ ਤਖਤ ਵੱਲੋਂ ਗਠਿਤ ਪੰਜ ਮੈਂਬਰੀ ਕਮੇਟੀ ਵੱਲੋਂ ਅਕਾਲੀ ਦਲ ਦੀ ਮੁੜ ਸੁਰਜੀਤੀ ਲਈ ਆਰੰਭੀ ਮੁਹਿੰਮ ਤਹਿਤ ਅਕਾਲੀ ਵਰਕਰਾਂ ਦੀ ਕਾਨਫਰੰਸ ਅੱਜ ਬਲਾਕ ਮਾਜਰੀ ਵਿਖੇ ਹੋਈ। ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੇਂਦਰ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਨੂੰ ਕਮਜ਼ੋਰ ਕਰ ਰਿਹਾ ਹੈ। ਹੁਣ ਵੀ ਕੇਂਦਰ ਸਰਕਾਰ ਦੇਸ਼ ਦੇ ਸੂਬਿਆਂ ਨੂੰ ਕਮਜ਼ੋਰ ਕਰਨ ਅਤੇ ਪੰਜਾਬ ਨੂੰ ਦਬਾਉਣ ਦੀ ਨੀਤੀ ’ਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪਾਣੀਆਂ ਦੇ ਮਸਲੇ ਵਿੱਚ ਵੀ ਕੇਂਦਰ ਸਰਕਾਰ ਪੰਜਾਬ ਨਾਲ ਧੱਕਾ ਕਰ ਰਹੀ ਹੈ। ਉਨ੍ਹਾਂ ਸਾਰੇ ਪੰਜਾਬੀਆਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ। ਸ਼੍ਰੋਮਣੀ ਅਕਾਲੀ ਦਲ ਦੇ ਇੱਕ ਧੜੇ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਮੁੜ ਪ੍ਰਧਾਨ ਚੁਣੇ ਜਾਣ ਬਾਰੇ ਟਿੱਪਣੀ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਅਕਾਲ ਤਖਤ ਅਤੇ ਪੰਥ ਦਾ ਭਗੌੜਾ ਧੜਾ ਹੈ। ਉਨ੍ਹਾਂ ਮਜ਼ਬੂਤ ਪੰਥਕ ਪਾਰਟੀ ਬਣਾਉਣ ਲਈ ਵੱਧ ਤੋਂ ਵੱਧ ਮੈਂਬਰਸ਼ਿਪ ਕਰਨ ਅਤੇ ਨੌਜਵਾਨਾਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ। ਪੰਜ ਮੈਂਬਰੀ ਕਮੇਟੀ ਦੇ ਮੈਂਬਰ ਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਦੋ ਮਹੀਨਿਆਂ ਵਿੱਚ 25 ਲੱਖ ਮੈਂਬਰਸ਼ਿਪ ਪਰਚੀਆਂ ਵੰਡੀਆਂ ਜਾ ਚੁੱਕੀਆਂ ਹਨ। ਕਾਨਫਰੰਸ ਨੂੰ ਸਾਬਕਾ ਸਪੀਕਰ ਰਵੀਇੰਦਰ ਸਿੰਘ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਜਥੇਦਾਰ ਮਨਜੀਤ ਸਿੰਘ ਮੁੰਧੋਂ, ਭਜਨ ਸਿੰਘ ਸ਼ੇਰਗਿੱਲ, ਗੁਰਮੀਤ ਸਿੰਘ ਸਾਂਟੂ, ਅਰਵਿੰਦਰ ਸਿੰਘ ਪੈਂਟਾ, ਐੱਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਮਨਦੀਪ ਸਿੰਘ ਖਿਜ਼ਰਾਬਾਦ, ਬਲਦੇਵ ਸਿੰਘ ਖਿਜ਼ਰਾਬਾਦ, ਰਵਿੰਦਰ ਸਿੰਘ ਵਜੀਦਪੁਰ, ਹਰਬੰਸ ਸਿੰਘ ਕੰਧੋਲਾ ਆਦਿ ਨੇ ਵੀ ਸੰਬੋਧਨ ਕੀਤਾ।