ਪੰਜਾਬ ਨੂੰ ਨਸ਼ਾ ਮੁਕਤ ਕਰਨਾ ਮਾਨ ਸਰਕਾਰ ਦੀ ਤਰਜੀਹ: ਅਮੋਲਕ ਸਿੰਘ
ਸ਼ਗਨ ਕਟਾਰੀਆ
ਜੈਤੋ, 30 ਮਈ
ਵਿਧਾਨ ਸਭਾ ਹਲਕਾ ਜੈਤੋ ਦੇ ਪਿੰਡਾਂ ਚੈਨਾ, ਕਰੀਰਵਾਲੀ, ਰਾਮੇਆਣਾ, ਖੱਚਰਾਂ ਅਤੇ ਮੜ੍ਹਾਕ ਵਿੱਚ ਵਿਧਾਇਕ ਅਮੋਲਕ ਸਿੰਘ ਅਗਵਾਈ ਵਿੱਚ ‘ਨਸ਼ਾ ਮੁਕਤੀ ਯਾਤਰਾਵਾਂ’ ਕੀਤੀਆਂ ਗਈਆਂ। ਸਮਾਗਮਾਂ ਨੂੰ ਸੰਬੋਧਨ ਕਰਦਿਆਂ ਅਮੋਲਕ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਾਰੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਨੂੰ ਖ਼ਤਮ ਕਰਨ ਲਈ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਪੰਚਾਇਤਾਂ, ਵਾਰਡਾਂ ਦੀਆਂ ਡਿਫੈਂਸ ਕਮੇਟੀਆਂ ਸਮੇਤ ਆਮ ਲੋਕ ਮੁਹਿੰਮ ਨੂੰ ਪੂਰਨ ਸਹਿਯੋਗ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ‘ਨਸ਼ਾ ਮੁਕਤੀ ਯਾਤਰਾਵਾਂ’ ਦਾ ਮਕਸਦ ਸਮੂਹ ਵਰਗਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਕਰਨਾ ਹੈ ਅਤੇ ਹਰੇਕ ਪਿੰਡ, ਹਰੇਕ ਗਲੀ ਨੂੰ ਨਸ਼ਾ ਮੁਕਤ ਕਰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਜਿੱਥੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਕੇ ਸੂਬੇ ਵਿਚੋਂ ਨਸ਼ਿਆਂ ਦਾ ਮੁਕੰਮਲ ਤੌਰ ’ਤੇ ਖਾਤਮਾ ਕਰ ਰਹੀ ਹੈ, ਉੱਥੇ ਹੀ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਫਸੇ ਨੌਜਵਾਨਾਂ ਦਾ ਨਸ਼ਾ ਛੁਡਵਾ ਕੇ ਉਨ੍ਹਾਂ ਨੂੰ ਮੁੜ ਤੋਂ ਪੈਰਾਂ ’ਤੇ ਖੜ੍ਹੇ ਵੀ ਕਰ ਰਹੀ ਹੈ, ਤਾਂ ਜੋ ਉਹ ਸਮਾਜ ਵਿਚ ਬਿਹਤਰ ਜ਼ਿੰਦਗੀ ਬਤੀਤ ਕਰ ਸਕਣ। ਉਨ੍ਹਾਂ ਪਿੰਡ ਨਿਵਾਸੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਵੀ ਚੁਕਵਾਈ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ।
ਇਸ ਮੌਕੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਧਰਮਜੀਤ ਸਿੰਘ ਰਾਮੇਆਣਾ, ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਡਾ. ਲਛਮਣ ਭਗਤੂਆਣਾ, ਸੀਨੀਅਰ ‘ਆਪ’ ਆਗੂ ਐਡਵੋਕੇਟ ਹਰਸਿਮਰਨ ਮਲਹੋਤਰਾ, ਐਸਡੀਐਮ ਜੈਤੋ ਸੂਰਜ ਕੁਮਾਰ, ਬੀਡੀਪੀਓ ਜੈਤੋ ਇਕਬਾਲ ਸਿੰਘ ਸੰਧੂ, ਐਸਐਚਓ ਜੈਤੋ ਗੁਰਲਾਲ ਸਿੰਘ, ਡਾ. ਗਗਨਦੀਪ ਕੌਰ, ਇੰਚਾਰਜ ਨਸ਼ਾ ਵਿਰੋਧੀ ਸੈੱਲ ਨਰਿੰਦਰਪਾਲ ਸਿੰਘ ਰਾਮੇਆਣਾ, ਅੰਮ੍ਰਿਤਪਾਲ ਸਿੰਘ, ਮਨਦੀਪ ਭੁੱਲਰ, ਸੁਨਾਵਰਦੀਪ ਸਿੰਘ, ਯਾਦਵਿੰਦਰ ਸਿੰਘ ਸਮੇਤ ਅਹਿਮ ਸ਼ਖ਼ਸੀਅਤਾਂ ਹਾਜ਼ਰ ਸਨ।