ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਅੱਗੇ ਆਉਣ ਲੋਕ: ਭਰਾਜ
ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 21 ਮਈ
ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਇਲਾਕੇ ਦੇ ਪਿੰਡ ਕਾਲਾਝਾੜ ਕਲਾਂ, ਚੰਨੋਂ ਅਤੇ ਭੜੋ ਵਿੱਚ ਨਸ਼ਾ ਮੁਕਤੀ ਯਾਤਰਾ ਤਹਿਤ ਜਾਗਰੂਕਤਾ ਰੈਲੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ ਨੂੰ ਖਤਮ ਕਰਨ ਲਈ ਹਰ ਵਿਅਕਤੀ ਅਤੇ ਘਰ ਨੂੰ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਦ੍ਰਿੜਤਾ ਨਾਲ ਪ੍ਰਣ ਕਰਨ ਅਤੇ ਉਸ ਪ੍ਰਣ ਨੂੰ ਨਿਭਾਉਣ ਵਿੱਚ ਕਿਸੇ ਵੀ ਨਾਗਰਿਕ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡਣੀ ਚਾਹੀਦੀ। ਹਲਕਾ ਵਿਧਾਇਕ ਨੇ ਕਿਹਾ ਕਿ ਹਲਕੇ ਦੇ ਹਰ ਇੱਕ ਪਿੰਡ ਵਿੱਚ ਪੇਂਡੂ ਡਿਫੈਂਸ ਕਮੇਟੀਆਂ ਕਾਰਜਸ਼ੀਲ ਹਨ ਅਤੇ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਇਹ ਡਿਫੈਂਸ ਕਮੇਟੀਆਂ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਸ਼ਿੱਦਤ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਨਸ਼ਾ ਤਸਕਰਾਂ ਦੇ ਕਾਰੋਬਾਰ ਨੂੰ ਮੁਕੰਮਲ ਤੌਰ ’ਤੇ ਬੰਦ ਕਰਵਾਉਣ ਵਿੱਚ ਯੋਗਦਾਨ ਪਾਉਣਗੀਆਂ। ਉਨ੍ਹਾਂ ਕਿਹਾ ਕਿ ਜਾਗਰੂਕਤਾ ਸਭਾਵਾਂ ਵਿੱਚ ਪਹੁੰਚਣ ਵਾਲੇ ਲੋਕਾਂ ਦਾ ਵੀ ਇਹ ਫਰਜ਼ ਬਣਦਾ ਹੈ ਕਿ ਉਹ ਇਥੋਂ ਮਿਲਣ ਵਾਲੇ ਸੁਨੇਹੇ ਆਪਣੇ ਪਰਿਵਾਰਕ ਮੈਂਬਰਾਂ, ਦੋਸਤਾਂ, ਗੁਆਂਢੀਆਂ ਅਤੇ ਹੋਰ ਪਤਵੰਤਿਆਂ ਨਾਲ ਨਿਰੰਤਰ ਸਾਂਝਾ ਕਰਦੇ ਰਹਿਣ ਕਿਉਂਕਿ ਲੋਕ ਲਹਿਰ ਬਣਨ ਨਾਲ ਹੀ ਅਜਿਹੀਆਂ ਸਮਾਜਿਕ ਬੁਰਾਈਆਂ ਦਾ ਖਾਤਮਾ ਸੰਭਵ ਹੁੰਦਾ ਹੈ।
ਵਿਧਾਇਕ ਨੇ ਆਪਣੇ ਦੌਰੇ ਦੌਰਾਨ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਹਰੇਕ ਨਾਗਰਿਕ ਤੱਕ ਸਿੱਧੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਨਸ਼ਾ ਮੁਕਤੀ ਯਾਤਰਾ ਆਰੰਭ ਕੀਤੀ ਹੈ ਤਾਂ ਜੋ ਲੋਕਾਂ ਤੋਂ ਸਿੱਧੀ ਪ੍ਰਤੀਕਿਰਿਆ ਲੈ ਕੇ ਨਸ਼ਿਆਂ ਦੀ ਸਪਲਾਈ ਲਾਈਨ ਤੋੜੀ ਜਾ ਸਕੇ ਅਤੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਦਾ ਮੁਫਤ ਅਤੇ ਢੁਕਵਾਂ ਇਲਾਜ ਕਰਵਾਇਆ ਜਾ ਸਕੇ।