ਪੰਜਾਬ ਨੂੰ ਮੁੜ ਕਾਲੇ ਦੌਰ ਵੱਲ ਧੱਕਿਆ ਜਾ ਰਿਹੈ: ਹਰਪ੍ਰੀਤ ਸਿੰਘ
ਸਰਬਜੀਤ ਸਿੰਘ ਭੱਟੀ
ਲਾਲੜੂ, 31 ਮਈ
ਅਕਾਲ ਤਖ਼ਤ ਵੱਲੋਂ ਬਣਾਈ ਭਰਤੀ ਕਮੇਟੀ ਦੀ ਇੱਥੇ ਹੋਈ ਮੀਟਿੰਗ ਦੌਰਾਨ ਕਰੀਬ ਡੇਢ ਦਹਾਕੇ ਮਗਰੋਂ ਹਲਕੇ ’ਚ ਪੰਥਕ ਰੰਗ ਦੇਖਣ ਨੂੰ ਮਿਲਿਆ। ਇਸ ਮੀਟਿੰਗ ’ਚ ਐੱਸਜੀਪੀਸੀ ਮੈਂਬਰ ਨਿਰਮੈਲ ਸਿੰਘ ਜੌਲਾ ਦੀ ਅਗਵਾਈ ਹੇਠ ਵੱਡੀ ਗਿਣਤੀ ਇਲਾਕਾ ਵਾਸੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਤਖ਼ਤ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ’ਤੇ ਚਿੰਤਾ ਜ਼ਾਹਿਰ ਕੀਤੀ। ਉਨ੍ਹਾਂ ਪੁਲੀਸ ਹਿਰਾਸਤ ਵਿੱਚ ਮਾਰੇ ਗਏ ਨੌਜਵਾਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਨੂੰ ਮੁੜ ਕਾਲੇ ਦੌਰ ਵੱਲ ਧੱਕਣ ਦੀ ਸਾਜਿਸ਼ ਚੱਲ ਰਹੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਯੂਨੀਵਰਸਿਟੀ ਦੇ ਨਾਂ ਬਦਲਣ ਦੀ ਮੰਗ ਕਰਨ ਵਾਲੀ ਚਿੱਠੀ ਨੂੰ ਵੱਡੀ ਸਾਜਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਰੋਧੀ ਤਾਕਤਾਂ ਬੋਲੀ, ਰਾਜਧਾਨੀ, ਪਾਣੀ ਤੇ ਕਿਸਾਨੀ ਮੁੱਦਿਆਂ ਨੂੰ ਸਿੱਖ ਮੁੱਦਿਆਂ ਵਜੋਂ ਪੇਸ਼ ਕਰ ਕੇ ਪੰਜਾਬ ਦੇ ਹਿੰਦੂਆਂ ਅਤੇ ਸਿੱਖਾਂ ਵਿੱਚ ਪਾੜ ਪਾਉਣ ਦੀਆਂ ਚਾਲਾਂ ਚੱਲ ਰਹੀਆਂ ਹਨ।
ਇਸ ਮੌਕੇ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਪੰਜਾਬ ਤੇ ਪੰਥਪ੍ਰਸਤ ਲੀਡਰਸ਼ਿਪ ਦੇਣ ਲਈ ਭਰਤੀ ਕਮੇਟੀ ਵਚਨਬੱਧ ਹੈ। ਭਰਤੀ ਦੇ ਸਮਾਪਤ ਹੁੰਦਿਆਂ ਹੀ ਜਥੇਬੰਧਕ ਢਾਂਚੇ ਲਈ ਤਿਆਰੀ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਮੁਹਿੰਮ ਵਿੱਚੋਂ ਮਿਲਣ ਵਾਲੀ ਲੀਡਰਸ਼ਿਪ ਸਵਾਰਥੀ ਹਿੱਤਾਂ ਤੋਂ ਉੱਪਰ ਉੱਠ ਕੇ ਪੰਥ ਅਤੇ ਪੰਜਾਬ ਦੇ ਮੁੱਦਿਆਂ ’ਤੇ ਪਹਿਰਾ ਦੇਵੇਗੀ। ਜਥੇਦਾਰ ਇਕਬਾਲ ਸਿੰਘ ਝੂੰਦਾਂ ਨੇ ਕਿਹਾ ਕਿ ਅੱਜ ਇਕੱਠੇ ਹੋਣ ਦੀ ਲੋੜ ਹੈ। ਉਨ੍ਹਾਂ ਅਕਾਲ ਤਖ਼ਤ ਸਾਹਿਬ ਤੋਂ ਆਕੀ ਹੋਈ ਲੀਡਰਸ਼ਿਪ ਨੂੰ ਅਖੌਤੀ ਕਰਾਰ ਦਿੱਤਾ। ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਸੂਬੇ ਦੇ ਹੱਕਾਂ ’ਤੇ ਪਹਿਰਾ ਨਹੀਂ ਦੇ ਸਕੀ। ਆਗੂਆਂ ਨੇ ਆਪਣੇ ਸਵਾਰਥ ਕਰ ਕੇ ਪਾਰਟੀ ਦਾ ਵੱਡਾ ਨੁਕਸਾਨ ਕੀਤਾ। ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਪੰਥਕ ਅਤੇ ਪੰਜਾਬ ਦੀ ਨੁਮਾਇੰਦਾ ਜਮਾਤ ’ਤੇ ਇੱਕ ਪਰਿਵਾਰ ਅਤੇ ਇੱਕ ਵਿਅਕਤੀ ਵਿਸ਼ੇਸ਼ ਦਾ ਕਾਬਜ਼ ਹੋਣਾ ਪੰਥ ਤੇ ਪੰਜਾਬ ਦੋਵਾਂ ਲਈ ਖ਼ਤਰਨਾਕ ਸਾਬਿਤ ਹੋਇਆ। ਮੰਚ ਸੰਚਾਲਨ ਐੱਸਜੀਪੀਸੀ ਮੈਂਬਰ ਸਤਵਿੰਦਰ ਸਿੰਘ ਟੌਹੜਾ ਨੇ ਕੀਤਾ। ਇਸ ਮੀਟਿੰਗ ਵਿੱਚ ਸੁਰਿੰਦਰ ਸਿੰਘ ਧਰਮਗੜ੍ਹ, ਹਰਵਿੰਦਰ ਸਿੰਘ ਕਸੌਲੀ, ਸੁਰਜੀਤ ਸਿੰਘ ਤਸਿੰਬਲੀ, ਜਸਵਿੰਦਰ ਸਿੰਘ ਮਲਕਪੁਰ, ਰਵਿੰਦਰ ਸਿੰਘ ਵਜੀਦਪੁਰ ਸਣੇ ਸਮੂਹ ਗੁਰਦੁਆਰਾ ਕਮੇਟੀਆਂ ਦੇ ਪ੍ਰਧਾਨ, ਮੈਂਬਰ, ਪੰਚ ਸਰਪੰਚ ਤੇ ਇਲਾਕੇ ਦੇ ਪਤਵੰਤੇ ਹਾਜ਼ਰ ਸਨ।