ਪੰਜਾਬ ਪੁਲੀਸ ਨੇ ਸਰਹੱਦੀ ਜ਼ਿਲ੍ਹਿਆਂ ਵਿਚ ਸੁਰੱਖਿਆ ਵਧਾਈ
ਆਤਿਸ਼ ਗੁਪਤਾ
ਚੰਡੀਗੜ੍ਹ, 9 ਮਈ
ਭਾਰਤ-ਪਾਕਿਸਤਾਨ ਵਿਚਾਲੇ ਤਣਾਅ ਦੇ ਮੱਦੇਨਜ਼ਰ ਪੰਜਾਬ ਪੁਲੀਸ ਨੇ ਸਰਹੱਦੀ ਜ਼ਿਲ੍ਹਿਆਂ ਵਿੱਚ ਸੁਰੱਖਿਆ ਵਧਾ ਦਿੱਤੀ ਹੈ। ਪੁਲੀਸ ਨੇ ਅੱਜ ਪਠਾਨਕੋਟ, ਗੁਰਦਾਸਪੁਰ, ਬਟਾਲਾ, ਅੰਮ੍ਰਿਤਸਰ ਦਿਹਾਤੀ, ਤਰਨ ਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਸਮੇਤ ਸੱਤ ਪੁਲੀਸ ਜ਼ਿਲ੍ਹਿਆਂ ਵਿੱਚ ਸਰਹੱਦ ’ਤੇ ਦੂਜੀ ਸੁਰੱਖਿਆ ਲਾਈਨ ਹੋਰ ਮਜ਼ਬੂਤ ਕਰਨ ਲਈ 14 ਵਾਧੂ ਕੰਪਨੀਆਂ ਤੇ ਘਟਕ ਟੀਮਾਂ ਤਾਇਨਾਤ ਕੀਤੀਆਂ ਹਨ। ਇਨ੍ਹਾਂ ਵੱਲੋਂ 24 ਘੰਟੇ ਸਰਹੱਦੀ ਜ਼ਿਲ੍ਹਿਆਂ ’ਚ ਚੌਕਸੀ ਰੱਖੀ ਜਾ ਰਹੀ ਹੈ। ਇਸ ਦੇ ਨਾਲ ਹੀ ਪੰਜਾਬ ਪੁਲੀਸ ਵੱਲੋਂ ਬੀਐੱਸਐੱਫ ਦੇ ਅਧਿਕਾਰੀਆਂ ਨਾਲ ਵੀ ਤਾਲਮੇਲ ਰੱਖਿਆ ਜਾ ਰਿਹਾ ਹੈ। ਦੂਜੇ ਪਾਸੇ ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਨੇ ਪੱਛਮੀ ਕਮਾਂਡ ਦੇ ਸੀਨੀਅਰ ਫ਼ੌਜੀ ਅਧਿਕਾਰੀਆਂ ਨਾਲ ਚੰਡੀ ਮੰਦਰ ਵਿੱਚ ਮੀਟਿੰਗ ਕੀਤੀ, ਜਿਸ ਵਿੱਚ ਸੂਬਾ ਸਰਕਾਰ ਨੇ ਫ਼ੌਜ ਦੀਆਂ ਸਾਰੀਆਂ ਲੋੜਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਹੈ। ਇਸ ਤੋਂ ਇਲਾਵਾ ਸਰਹੱਦੀ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ, ਪੁਲੀਸ ਕਮਿਸ਼ਨਰ ਤੇ ਐੱਸਐੱਸਪੀਜ਼ ਵੱਲੋਂ ਵੀ ਫ਼ੌਜ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ। ਫ਼ੌਜ ਦੇ ਵਾਹਨਾਂ ਦੀ ਸੁਰੱਖਿਅਤ ਆਵਾਜਾਈ ਦੇ ਨਾਲ-ਨਾਲ ਠਹਿਰਨ ਲਈ ਵੀ ਬੰਦੋਬਸਤ ਕਰਕੇ ਦਿੱਤੇ ਜਾ ਰਹੇ ਹਨ।