ਪੰਜਾਬ ਬੰਦ ਦਾ ਸਮਰਥਨ: ਪੰਜਾਬ ਦੀਆਂ ਤਹਿਸੀਲਾਂ ’ਚ ਵੀ ਠੱਪ ਰਹੇਗਾ ਕੰਮ-ਕਾਰ
ਮਹਿੰਦਰ ਸਿੰਘ ਰੱਤੀਆਂ
ਮੋਗਾ, 29 ਦਸੰਬਰ
ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ 30 ਦਸੰਬਰ ‘ਪੰਜਾਬ ਬੰਦ’ ਸੱਦੇ ਦਾ ਜਿਥੇ ਵਪਾਰਕ, ਸੱਭਿਆਚਾਰਕ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਸਮਰਥਨ ’ਚ ਹਨ ਉਥੇ ਇਤਿਹਾਸ ’ਚ ਪਹਿਲੀ ਵਾਰ ਸਰਕਾਰੀ ਗਜ਼ਟਿਡ ਅਫ਼ਸਰਾਂ ਦੀ ਜਥੇਬੰਦੀ ਨੇ ਵੀ ਸਮਰਥਨ ਦਾ ਫੈਸਲਾ ਕੀਤਾ ਹੈ। ਪੰਜਾਬ ਰੈਵੇਨਿਊ ਅਫ਼ਸਰ ਐਸੋਸੀਏਸ਼ਨ ਦੇ ਸੂਬਾਈ ਜਨਰਲ ਸਕੱਤਰ ਮਨਿੰਦਰ ਸਿੰਘ (ਤਹਿਸੀਲਦਾਰ ਪਟਿਆਲਾ) ਨੇ ਦੱਸਿਆ ਕਿ ਜਥੇਬੰਦੀ ਦੇ ਸੂਬਾਈ ਕਾਰਜਕਾਰੀ ਪ੍ਰਧਾਨ ਲਛਮਣ ਸਿੰਘ ਦੀ ਅਗਵਾਈ ਹੇਠ ਸੂਬਾ ਭਰ ਦੇ ਮਾਲ ਅਫ਼ਸਰਾਂ ਦੀ ਵਰਚੁਅਲ ਮੀਟਿੰਗ ਦੌਰਾਨ ਸੰਯੁਕਤ ਕਿਸਾਨ ਮੋਰਚੇ ਅਤੇ ਕਿਸਾਨ ਮਜਦੂਰ ਮੋਰਚੇ ਦੇ 30 ਦਸੰਬਰ ਨੂੰ ‘ਪੰਜਾਬ ਬੰਦ’ ਨੂੰ ਸਮਰਥਨ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਭਰ ਦੀਆਂ ਤਹਿਸੀਲਾਂ ਵਿੱਚ ਮਾਲ ਅਫ਼ਸਰ ਹਾਜ਼ਰ ਰਹਿਣਗੇ ਪਰ ਰਜਿਸਟਰੀਆਂ ਆਦਿ ਦਾ ਸਾਰਾ ਕੰਮ ਬੰਦ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਇਸ ਹੱਕ ਵਿੱਚ ਹੈ ਕਿ ਕੇਂਦਰ ਸਰਕਾਰ ਨੂੰ ਆਪਣਾ ਹਠੀ ਰਵੱਈਆ ਛੱਡ ਕੇ ਤਰਜੀਹੀ ਪੱਧਰ ਉੱਤੇ ਕਿਸਾਨਾਂ ਦੀਆਂ ਮੰਨੀਆਂ ਜਾ ਚੁੱਕੀਆਂ ਤੇ ਹੋਰ ਹੱਕੀ ਮੰਗਾਂ ਨੂੰ ਮੰਨਣਾ ਚਾਹੀਦਾ ਹੈ। ਬੀਕੇਯੂ ਕ੍ਰਾਂਤੀਕਾਰੀ ਜ਼ਿਲ੍ਹਾ ਪ੍ਰਧਾਨ ਲਾਭ ਸਿੰਘ ਰੋਡੇ, ਕ੍ਰਾਂਤੀਕਾਰੀ ਪੇਂਡੂ ਮਜਦੂਰ ਯੂਨੀਅਨ ਸੂਬਾ ਆਗੂ ਲਖਵੀਰ ਸਿੰਘ ਲੱਖਾ, ਲੋਕ ਸੰਗਰਾਮ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਤਾਰਾ ਸਿੰਘ ਮੋਗਾ, ਕਿਸਾਨ ਮਜਦੂਰ ਮੋਰਚਾ ਦੇ ਮਲਕੀਤ ਸਿੰਘ ਗੁਲਾਮੀ ਵਾਲਾ ਅਤੇ ਪੰਜਾਬ ਰੋਡਵੇਜ਼ ਪਨਬੱਸ/ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਨੇ ਕਿਹਾ ਕਿ ਬੰਦ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਲਾਗੂ ਰਹੇਗਾ। ਇਸ ਕਾਰਨ ਸੜਕੀ ਅਤੇ ਰੇਲ ਆਵਾਜਾਈ ਠੱਪ ਹੋਣ ਦਾ ਖ਼ਦਸ਼ਾ ਹੈ, ਜਿਸ ਦਾ ਸਿੱਧਾ ਅਸਰ ਸੂਬੇ ਦੇ ਆਮ ਲੋਕਾਂ ’ਤੇ ਪੈ ਸਕਦਾ ਹੈ। ਕਿਸਾਨ ਜਥੇਬੰਦੀਆਂ ਦੇ ਪੰਜਾਬ ਬੰਦ ਦੇ ਸੱਦੇ ਦੇ ਸਮਰਥਨ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਵਪਾਰਕ, ਸੱਭਿਆਚਾਰਕ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਸਮਰਥਨ ’ਚ ਹਨ। ਬੰਦ ਦੌਰਾਨ ਦੁੱਧ ਅਤੇ ਸਬਜ਼ੀ ਮੰਡੀਆਂ ਬੰਦ ਰਹਿਣਗੀਆਂ ਅਤੇ ਸ਼ਾਮ 4 ਵਜੇ ਤੋਂ ਬਾਅਦ ਹੀ ਲੋਕਾਂ ਨੂੰ ਦੁੱਧ ਤੇ ਸਬਜ਼ੀ ਆਦਿ ਮਿਲਣਗੇ। ਉਨ੍ਹਾਂ ਕਿਹਾ ਕਿ ਜੇ ਜਗਜੀਤ ਸਿੰਘ ਡੱਲੇਵਾਲ ਨੂੰ ਕੁਝ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰ ਕੇਂਦਰ ਸਰਕਾਰ ਹੋਵੇਗੀ। ਉਨ੍ਹਾਂ ਕਿਹਾ ਕਿ ਬੰਦ ਲਈ ਸਾਰੇ ਵਰਗਾਂ ਦਾ ਅਤੇ ਆਮ ਜਨਤਾ ਦਾ ਪੂਰਾ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਅਪੀਲ ਕਰਦੇ ਹਾਂ ਕਿ ਸਾਨੂੰ ਸਮਰਥਨ ਦੇ ਕੇ ਪੂਰਾ ਪੰਜਾਬ ਬੰਦ ਕਰ ਕੇਂਦਰ ਸਰਕਾਰ ’ਤੇ ਦਬਾਅ ਬਣਾਇਆ ਜਾਵੇਗਾ।
ਰਾਮਾਂ ਮੰਡੀ (ਪੱਤਰ ਪ੍ਰੇਰਕ): ਡੇਅਰੀ ਤੇ ਦੋਧੀ ਯੂਨੀਅਨ ਰਾਮਾਂ ਮੰਡੀ ਦੀ ਇੱਕ ਮੀਟਿੰਗ ਪ੍ਰਧਾਨ ਸੁਖਮੰਦਰ ਸਿੰਘ ਸੁਖਲੱਧੀ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ 30 ਦਸੰਬਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਨ ਦਾ ਫੈਸਲਾ ਕਰਕੇ ਮਤਾ ਪਾਸ ਕੀਤਾ ਗਿਆ। ਪ੍ਰਧਾਨ ਨੇ ਕਿਹਾ ਕਿ ਦੋਧੀ ਯੂਨੀਅਨ ਕਿਸਾਨਾਂ ਦੀਆਂ ਮੰਗਾਂ ਦਾ ਸਮਰਥਨ ਕਰਦੀ ਹੈ। ਇਸ ਲਈ 30 ਦਸੰਬਰ ਨੂੰ ਸਮੂਹ ਦੋਧੀ ਪਿੰਡਾਂ ਵਿੱਚੋਂ ਦੁੱਧ ਇਕੱਠਾ ਨਹੀਂ ਕਰਨਗੇ ਅਤੇ ਸ਼ਹਿਰ ਦੇ ਘਰਾਂ ਅਤੇ ਦੁਕਾਨਾਂ ਵਿੱਚ ਸਪਲਾਈ ਵੀ ਨਹੀਂ ਕਰਨਗੇ। ਇਸ ਮੌਕੇ ਜਰਨੈਲ ਸਿੰਘ ਬੰਗੀ ਸੀਨੀਅਰ ਸੂਬਾ ਮੀਤ ਪ੍ਰਧਾਨ, ਕਾਲਾ ਸਿੰਘ ਮੀਤ ਪ੍ਰਧਾਨ, ਬੂਟਾ ਸਿੰਘ ਫੁਲੋਖਾਰੀ ਸਕੱਤਰ ਤੇ ਸਤੀਸ਼ ਕੁਮਾਰ ਰਿੰਕੂ ਕੈਸ਼ੀਅਰ।
ਬਰਨਾਲਾ (ਪਰਸ਼ੋਤਮ ਬੱਲੀ): ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੀ ਸੂਬਾ ਕਮੇਟੀ ਦੀ ਵਿਸ਼ੇਸ਼ ਮੀਟਿੰਗ ਇੱਥੇ ਤਰਕਸ਼ੀਲ ਭਵਨ ਵਿੱਚ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਹੇਠ ਹੋਈ। ਜਥੇਬੰਦੀ ਦੇ ਸੂਬਾ ਪ੍ਰੈੱਸ ਸਕੱਤਰ ਅੰਗਰੇਜ਼ ਸਿੰਘ ਭਦੌੜ ਨੇ ਦੱਸਿਆ ਕਿ ਮਹੀਨੇ ਤੋਂ ਵੱਧ ਸਮੇਂ ਤੋਂ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਸਬੰਧੀ ਕੇਂਦਰੀ ਮੋਦੀ ਸਰਕਾਰ ਵੱਲੋਂ ਵੱਟੀ ਸਾਜਸ਼ੀ ਚੁੱਪ ਖ਼ਿਲਾਫ਼ 30 ਦਸੰਬਰ ਨੂੰ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ’ਚ ਉਨ੍ਹਾਂ ਦੀ ਜਥੇਬੰਦੀ ਨੇ ਆਜ਼ਾਦਾਨਾ ਤੌਰ ਤੇ ਤਾਲਮੇਲਵੇਂ ਸ਼ੰਘਰਸ਼ ਦਾ ਸੱਦਾ ਦਿੱਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ ਲਟਕਦੀਆਂ ਮੰਗਾਂ ਦੀ ਪ੍ਰਾਪਤੀ ਲਈ 4 ਜਨਵਰੀ 2025 ਨੂੰ ਹਰਿਆਣਾ ਦੇ ਟੋਹਾਣਾ ਸ਼ਹਿਰ ਵਿਖੇ ਕੀਤੀ ਜਾ ਰਹੀ ਵਿਸ਼ਾਲ ਕਾਨਫਰੰਸ ‘ਚ ਉਨ੍ਹਾਂ ਦੀ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਭਰਵੀਂ ਸ਼ਮੂਲੀਅਤ ਦਾ ਫ਼ੈਸਲਾ ਲਿਆ ਹੈ। ਇਸੇ ਤਰ੍ਹਾਂ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ 9 ਜਨਵਰੀ 2025 ਨੂੰ ਮੋਗਾ ਕਾਨਫਰੰਸ ਵਿੱਚ ਵੀ ਸ਼ਿਰਕਤ ਦਾ ਐਲਾਨ ਕੀਤਾ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਸੂਬਾ ਮੀਤ ਪ੍ਰਧਾਨ ਅਮਨਦੀਪ ਸਿੰਘ ਲਲਤੋਂ, ਸੂਬਾ ਕਮੇਟੀ ਮੈਂਬਰ ਮੱਖਣ ਸਿੰਘ ਭੈਣੀ ਬਾਘਾ, ਕੁਲਵੰਤ ਸਿੰਘ ਕਿਸ਼ਨਗੜ੍ਹ, ਸਾਹਿਬ ਸਿੰਘ ਬਡਬਰ, ਜਗਤਾਰ ਸਿੰਘ ਦੇਹੜਕਾ, ਤਰਸੇਮ ਸਿੰਘ ਬੱਸੂਵਾਲ, ਹਰਵਿੰਦਰ ਸਿੰਘ ਕੋਟਲੀ ਤੇ ਹੋਰ ਹਾਜ਼ਰ ਸਨ।