ਪੰਜਾਬ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਲਾਮਬੰਦੀ ਮੀਟਿੰਗ
ਪੱਤਰ ਪ੍ਰੇਰਕ
ਫਗਵਾੜਾ, 28 ਦਸੰਬਰ
ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਕਿਸਾਨਾਂ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਦੋਆਬਾ ਵੱਲੋਂ ਜਨਰਲ ਸਕੱਤਰ ਸਤਨਾਮ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਵਰਗਾਂ ਦੇ ਨੁਮਾਇੰਦਿਆ ਨਾਲ ਮੀਟਿੰਗ ਕਰਕੇ ਇਸ ਨੂੰ ਸਫ਼ਲ ਬਣਾਉਣ ਦੀ ਅਪੀਲ ਕੀਤੀ ਗਈ। ਅੱਜ ਕਿਸਾਨਾਂ ਵੱਲੋਂ ਧਾਰਮਿਕ, ਸਮਾਜਿਕ, ਕੱਪੜਾ ਵਪਾਰੀ ਤੇ ਹੋਰ ਵਰਗਾ ਦੇ ਆਗੂਆਂ ਨਾਲ ਮੀਟਿੰਗ ਕੀਤੀ ਤੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਬੁਰੀ ਤਰ੍ਹਾਂ ਰੋਲਣ ’ਤੇ ਤੁਲੀ ਹੋਈ ਹੈ ਤੇ ਪਿਛਲੇ ਲੰਬੇਂ ਸਮੇਂ ਤੋਂ ਕਿਸਾਨ ਧਰਨੇ ’ਤੇ ਬੈਠੇ ਹਨ ਪਰ ਸਰਕਾਰ ਉਨ੍ਹਾਂ ਦੀ ਸੁਣਨ ਨੂੰ ਤਿਆਰ ਨਹੀਂ ਤੇ ਆਪਣੀ ਜਿੱਦ ’ਤੇ ਅੜੀ ਹੋਈ ਹੈ ਜਿਸ ਨੂੰ ਲੋਕ ਕਦੇ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਅਪੀਲ ਕੀਤੀ ਕਿ 30 ਦਸੰਬਰ ਨੂੰ ਸਾਰੇ ਹੀ ਉਨ੍ਹਾਂ ਦਾ ਸਹਿਯੋਗ ਦੇਣ ਤੇ ਮੁਕੰਮਲ ਤੌਰ ’ਤੇ ਸ਼ਹਿਰ ਨੂੰ ਬੰਦ ਰੱਖਿਆ ਜਾਵੇ।
ਲੋਕਾਂ ਨੇ ਇਸ ’ਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਗੁਰਪਾਲ ਸਿੰਘ ਪਾਲਾ ਮੌਲੀ, ਕੁਲਵਿੰਦਰ ਸਿੰਘ ਕਾਲਾ ਸਰਪੰਚ, ਸੁਖਵਿੰਦਰ ਸਿੰਘ ਕੰਬੋਜ, ਸਰਬਰ ਗੁਲਾਮ ਸੱਬਾ ਆਦਿ ਸ਼ਾਮਲ ਸਨ।