ਪੰਜਾਬ ਯੂਥ ਕਾਂਗਰਸ ਵੱਲੋਂ ਈਡੀ ਦਫ਼ਤਰ ਦਾ ਘਿਰਾਓ
ਹਤਿੰਦਰ ਮਹਿਤਾ
ਜਲੰਧਰ, 17 ਅਪਰੈਲ
ਪੰਜਾਬ ਯੂਥ ਕਾਂਗਰਸ (ਪੀਵਾਈਸੀ) ਦੇ ਸੈਂਕੜੇ ਵਾਲੰਟੀਅਰਾਂ ਨੇ ਅੱਜ ਇੱਥੇ ਐਨਫੋਰਸਮੈਂਟ ਡਾਇਰੈਕਟੋਰੇਟ ਦਾ ਘਿਰਾਓ ਕੀਤਾ। ਇਸ ਮੌਕੇ ਕੇਂਦਰ ਸਰਕਾਰ ਵੱਲੋਂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਵਿਰੁੱਧ ਜਾਰੀ ‘ਰਾਜਨੀਤਿਕ ਬਦਲਾਖੋਰੀ’ ਵਿਰੁੱਧ ਵਿਰੋਧ ਦਰਜ ਕਰਵਾਉਣ ਲਈ ਧਰਨੇ ਦਿੱਤਾ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਵੀ ਸਾੜਿਆ ਗਿਆ।
ਯੂਥ ਕਾਂਗਰਸ ਦੇ ਵਰਕਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਉਨ੍ਹਾਂ ’ਤੇ ਕਾਂਗਰਸੀ ਆਗੂਆਂ ਨੂੰ ਬਦਨਾਮ ਕਰਨ ਲਈ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ। ਉਨ੍ਹਾਂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨਾਲ ਇਕਜੁੱਟਤਾ ਪ੍ਰਗਟ ਕੀਤੀ। ਪੀਵਾਈਸੀ ਪ੍ਰਧਾਨ ਮੋਹਿਤ ਮਹਿੰਦਰਾ ਨੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰਾਹੁਲ ਗਾਂਧੀ ਦੇਸ਼ ਦੀ ਆਵਾਜ਼ ਬਣ ਗਏ ਹਨ ਕਿਉਂਕਿ ਉਹ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਸਖ਼ਤ ਵਿਰੋਧ ਕਰ ਰਹੇ ਹਨ। ਰਾਹੁਲ ਗਾਂਧੀ, ਭਾਜਪਾ ਸਰਕਾਰ ਦੇ ਘੁਟਾਲਿਆਂ ਅਤੇ ਭਾਜਪਾ ਆਗੂਆਂ ਦੀ ਆਰਥਿਕ ਅਪਰਾਧੀਆਂ ਨਾਲ ਮਿਲੀਭੁਗਤ ਦਾ ਪਰਦਾਫਾਸ਼ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਵਿਰੋਧੀ ਆਗੂਆਂ ਦੀ ਆਵਾਜ਼ ਨੂੰ ਦਬਾਉਣ ਲਈ ਈਡੀ ਦੀ ਦੁਰਵਰਤੋਂ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਰਾਹੁਲ ਗਾਂਧੀ ਦੀ ਵਧਦੀ ਲੋਕਪ੍ਰਿਯਤਾ ਤੋਂ ਭਾਜਪਾ ਘਬਰਾ ਗਈ ਹੈ । ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਵਿਰੋਧੀ ਧਿਰ ਦੇ ਨੇਤਾ ਸਨ ਅਤੇ ਦੇਸ਼ ਦੀ ਆਵਾਜ਼ ਦੀ ਨੁਮਾਇੰਦਗੀ ਕਰਦੇ ਹਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ’ਡਰੋ ਮਤ’ ਦਾ ਨਾਅਰਾ ਦਿੱਤਾ ਹੈ ਅਤੇ ਪੰਜਾਬ ਯੂਥ ਕਾਂਗਰਸ ਆਪਣੇ ਆਗੂ ਦੇ ਨਾਲ ਚੱਟਾਨ ਵਾਂਗ ਖੜ੍ਹੀ ਰਹੇਗੀ। ਉਨ੍ਹਾਂ ਕਿਹਾ ਕਿ ਭਾਜਪਾ ਦੇ ਨਾਪਾਕ ਮਨਸੂਬਿਆਂ ਨੂੰ ਹਰਾਉਣ ਲਈ ਸਭ ਤੋਂ ਅੱਗੇ ਲੜਣਗੇ।