ਪੰਜਾਬ ਵਿੱਚ ਅਗਲੀ ਸਰਕਾਰ ਬਸਪਾ ਦੀ ਹੋਵੇਗੀ: ਕਰੀਮਪੁਰੀ
ਸੁਰਜੀਤ ਮਜਾਰੀ
ਬੰਗਾ, 28 ਅਪਰੈਲ
ਬਸਪਾ ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਅਗਲੀ ਸਰਕਾਰ ਬਸਪਾ ਦੀ ਹੋਵੇਗੀ। ਉਹ ਇੱਥੇ ਮੁਹੱਲਾ ਮੁਕਤਪੁਰਾ ਵਿੱਚ ਸੰਵਿਧਾਨ ਨਿਰਮਾਤਾ ਡਾ. ਅੰਬੇਡਕਰ ਦੇ ਜਨਮ ਦਿਨ ਸਬੰਧੀ ਕਰਵਾਏ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਬਹੁਜਨ ਸਮਾਜ ਦੇ ਹਿੱਤ ਸੁਰੱਖਿਅਤ ਕਰਨ ਲਈ ਬਸਪਾ ਦੀ ਸਰਕਾਰ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬੇ ਵਿੱਚ ਕਾਬਜ਼ ਰਹੀਆਂ ਹੁਣ ਤੱਕ ਦੀਆਂ ਸਰਕਾਰਾਂ ਨੇ ਆਮ ਲੋਕਾਂ ਨੂੰ ਅਣਗੌਲਿਆਂ ਕੀਤਾ ਹੈ ਅਤੇ ਤਾਕਤ ਦੀ ਗ਼ਲਤ ਵਰਤੋਂ ਕਰਦਿਆਂ ਆਪਣੇ ਘਰ ਭਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ। ਡਾ. ਕਰੀਮਪੁਰੀ ਨੇ ਦੱਸਿਆ ਕਿ ਉਹ ਸਮਾਜਿਕ ਪਰਿਵਰਤਨ ਅਤੇ ਆਰਥਿਕ ਮੁਕਤੀ ਦੇ ਪ੍ਰਚਾਰ-ਪ੍ਰਸਾਰ ਲਈ ਪੰਜਾਬ ਦੇ ਕੋਨੇ-ਕੋਨੇ ਤੱਕ ਲਾਮਬੰਦੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਨਾਅਰਿਆਂ ਅਤੇ ਲਾਰਿਆਂ ਦੀ ਰਾਜਨੀਤੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਲੁਧਿਆਣਾ ਦੀ ਜ਼ਿਮਨੀ ਚੋਣ ਵਿੱਚ ‘ਆਪ’ ਨੂੰ ਇਸ ਦਾ ਜਵਾਬ ਦੇਣਗੇ। ਇਸ ਮੌਕੇ ਬਸਪਾ ਆਗੂ ਪ੍ਰਵੀਨ ਬੰਗਾ, ਮਨੋਹਰ ਕਮਾਮ, ਬੀਬੀ ਰਵਿੰਦਰ ਮਹਿੰਮੀ, ਦਵਿੰਦਰ ਬੇਗਮਪੁਰੀ, ਕੌਂਸਲਰ ਜੀਤ ਸਿੰਘ ਭਾਟੀਆ, ਗੋਲਡੀ ਮਲਕ ਤੇ ਰਜਨੀ ਠੱਕਰਵਾਲ ਸ਼ਾਮਲ ਸਨ।
ਧਮਕੀਆਂ ਦੀ ਕੋਈ ਪਰਵਾਹ ਨਹੀਂ
ਬਸਪਾ ਮੁਖੀ ਅਵਤਾਰ ਸਿੰਘ ਕਰੀਮਪੁਰੀ ਨੇ ਬੀਤੇ ਦਿਨੀਂ ਮਿਲੀਆਂ ਧਮਕੀਆਂ ਬਾਰੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਬਸਪਾ ਬਾਨੀ ਬਾਬੂ ਕਾਂਸ਼ੀ ਰਾਮ ਦੇ ਯੋਧੇ ਅਜਿਹੇ ਲੋਕਾਂ ਦੀ ਪਰਵਾਹ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਸਦੀਆਂ ਤੋਂ ਲਤਾੜੇ ਵਰਗ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਉਹ ਹਰ ਕੁਰਬਾਨੀ ਦੇਣ ਲਈ ਤਿਆਰ ਹਨ।Advertisement