ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਡਾਵਾਂਡੋਲ: ਚੰਨੀ
ਸੰਜੀਵ ਬੱਬੀ
ਚਮਕੌਰ ਸਾਹਿਬ, 11 ਅਪਰੈਲ
ਸਾਬਕਾ ਮੁੱਖ ਮੰਤਰੀ ਤੇ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ’ਚ ਅਮਨ ਤੇ ਕਾਨੂੰਨ ਦੀ ਸਥਿਤੀ ਡਾਵਾਂਡੋਲ ਹੋ ਚੁੱਕੀ ਹੈ। ਪੰਜਾਬ ਨੂੰ ਮੁੜ ਉਸੇ ਸਥਿਤੀ ਵੱਲ ਧੱਕਿਆ ਜਾ ਰਿਹਾ ਹੈ ਜਿਸ ਦਾ ਖਮਿਆਜ਼ਾ ਪੰਜਾਬੀਆਂ ਨੂੰ ਹਜ਼ਾਰਾਂ ਦੀ ਤਾਦਾਦ ’ਚ ਜਾਨਾਂ ਕੁਰਬਾਨ ਕਰਕੇ ਤਾਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਤੰਤਰ ਤੇ ਕੇਂਦਰੀ ਏਜੰਸੀਆਂ ਵੱਲੋਂ ਕਥਿਤ ਤੌਰ ’ਤੇ ਸੂਬੇ ਦਾ ਮਾਹੌਲ ਮੁੜ ਵਿਗਾੜਨ ਲਈ ਪੂਰੀ ਵਾਹ ਲਾਈ ਜਾ ਰਹੀ ਹੈ ਪਰ ਮੁੱਖ ਮੰਤਰੀ ਇਸ ਸਬੰਧੀ ਚੁੱਪੀ ਧਾਰੀ ਬੈਠੇ ਹਨ। ਸ੍ਰੀ ਚੰਨੀ ਨੇ ਇਹ ਦਾਅਵਾ ਚਮਕੌਰ ਸਾਹਿਬ ਵਿੱਚ ਨਗਰ ਪੰਚਾਇਤ ਕੌਂਸਲਰ ਕਿਰਪਾਲ ਸਿੰਘ ਗਿੱਲ ਦੀ ਅਗਵਾਈ ਹੇਠ ਵੱਖ-ਵੱਖ ਪਾਰਟੀਆਂ ਦੇ ਲਗਪਗ ਦੋ ਦਰਜਨ ਆਗੂਆਂ ਤੇ ਵਰਕਰਾਂ ਨੂੰ ਕਾਂਗਰਸ ’ਚ ਸ਼ਾਮਲ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਜਲੰਧਰ ’ਚ ਭਾਜਪਾ ਆਗੂ ਦੇ ਘਰ ’ਤੇ ਹੋ ਥਾਈਂ ਹੋਏ ਗ੍ਰਨੇਡ ਹਮਲੇ ਪੰਜਾਬ ’ਚ ਅਮਨ-ਕਾਨੂੰਨ ਦੀ ਵਿਗੜੀ ਹਾਲਤ ਦੀ ਗਵਾਹੀ ਭਰਦੇ ਹਨ। ਸਾਬਕਾ ਮੁੱਖ ਮੰਤਰੀ ਨੇ ਸੂਬਾ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਕਾਂਗਰਸ ਸਰਕਾਰ ਸਮੇਂ ਚਮਕੌਰ ਸਾਹਿਬ ਵਿੱਚ ਟੈਕਨੀਕਲ ਯੂਨੀਵਰਸਿਟੀ ਦਾ ਨਿਰਮਾਣ ਸ਼ੁਰੂ ਕਰਵਾਇਆ ਗਿਆ ਸੀ ਪਰ ਮੌਜੂਦਾ ਸਰਕਾਰ ਨੇ ਕੰਮ ਬੰਦ ਕਰਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਤੋਂ ਅੱਕੇ ਲੋਕ ਮੁੜ ਕਾਂਗਰਸ ਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਸ਼ੇਰਾ, ਸਾਬਕਾ ਕੌਂਸਲਰ ਵਰਿੰਦਰ ਕੁਮਾਰ ਵਿੱਕੀ, ਲਾਭ ਸਿੰਘ, ਪ੍ਰਦੀਪ ਕੁਮਾਰ, ਸੰਜੀਵ ਕੁਮਾਰ ਪਿੰਨੀ, ਮੇਜਰ ਸਿੰਘ, ਸੁਖਜੀਤ ਸਿੰਘ, ਬਲਦੇਵ ਸਿੰਘ, ਕਰਮਜੀਤ ਸਿੰਘ, ਦੀਪਾ ਖਾਨ, ਜਸਵਿੰਦਰ ਸਿੰਘ ਜੱਸੀ, ਡਾ ਮਿੰਟੂ ਅਰੋੜਾ, ਸਰਬਜੀਤ ਸਿੰਘ, ਗੁਰਦੀਪ ਸਿੰਘ ਕੀਪਾ ਅਤੇ ਬਹਾਦਰ ਸਿੰਘ ਆਦਿ ਹਾਜ਼ਰ ਸਨ।
ਕਿਸਾਨ ਆਗੂਆਂ ਵੱਲੋਂ ਚੰਨੀ ਦਾ ਸਨਮਾਨ
ਮੋਰਿੰਡਾ (ਸੰਜੀਵ ਤੇਜਪਾਲ): ਇਲਾਕੇ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਲੋਕ ਸਭਾ ਵਿੱਚ ਕਿਸਾਨੀ ਮਸਲੇ ਚੁੱਕਣ ਅਤੇ ਕਿਸਾਨੀ ਮੰਗਾਂ ਸਬੰਧੀ ਕੀਤੀਆਂ ਹਾਂ ਪੱਖੀ ਸਿਫਾਰਸ਼ਾਂ ਕਰਨ ਕਾਰਨ ਅੱਜ ਇੱਕ ਪ੍ਰਭਾਵਸ਼ਾਲੀ ਇਕੱਠ ਵਿਚ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ਸ੍ਰੀ ਚੰਨੀ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਪ੍ਰਧਾਨਗੀ ਹੇਠ ਬਣਾਈ ਗਈ 31 ਮੈਂਬਰੀ ਸੰਸਦੀ ਕਮੇਟੀ ਵੱਲੋਂ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀ ਭਲਾਈ ਸਮੇਤ, ਹੋਰ ਵੱਖ ਵੱਖ ਵਿਸ਼ਿਆਂ ’ਤੇ ਕੇਂਦਰ ਨੂੰ 12 ਰਿਪੋਰਟਾਂ ਪੇਸ਼ ਕੀਤੀਆਂ ਹਨ। ਉਨ੍ਹਾਂ ਸਨਮਾਨ ਲਈ ਕਿਸਾਨ ਆਗੂਆਂ ਦਾ ਧੰਨਵਾਦ ਕੀਤਾ। ਇਸ ਮੌਕੇ ਕਿਸਾਨ ਆਗੂ ਕੁਲਵੰਤ ਸਿੰਘ ਰੁੜਕੀ, ਦਵਿੰਦਰ ਸਿੰਘ ਦੇਹਕਲਾਂ, ਜਸਪਾਲ ਸਿੰਘ ਲਾਂਡਰਾਂ, ਬੰਤ ਸਿੰਘ ਕਲਾਰਾਂ ਸਾਬਕਾ ਚੇਅਰਮੈਨ, ਅਵਤਾਰ ਸਿੰਘ ਲੁਠੇੜੀ ਆਦਿ ਹਾਜ਼ਰ ਸਨ।