ਪੰਜਾਬ ਵਿੱਚ ਕਈ ਥਾਵਾਂ ’ਤੇ ਮੀਂਹ ਅਤੇ ਗੜੇ ਪਏ
ਆਤਿਸ਼ ਗੁਪਤਾ
ਚੰਡੀਗੜ੍ਹ, 8 ਮਈ
ਪੰਜਾਬ ਵਿੱਚ ਅੱਜ ਬਾਅਦ ਦੁਪਹਿਰ ਤੇਜ਼ ਹਵਾਵਾਂ ਚੱਲਣ ਮਗਰੋਂ ਪਏ ਮੀਂਹ ਤੇ ਗੜੇਮਾਰੀ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਹਾਲਾਂਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਕਣਕ ਦੀ ਸੰਭਾਲ ਲਈ ਪੁਖਤਾ ਪ੍ਰਬੰਧ ਕੀਤੇ ਜਾਣ ਦੇ ਦਾਅਵੇ ਕੀਤੇ ਜਾ ਰਹੇ ਸਨ, ਪਰ ਮੰਡੀਆਂ ਵਿੱਚ ਕਣਕ ਦੇ ਅੰਬਾਰ ਲੱਗਣ ਕਰਕੇ ਵਧੇਰੇ ਥਾਵਾਂ ’ਤੇ ਮੰਡੀਆਂ ਵਿੱਚ ਖੁੱਲ੍ਹੇ ਅਸਮਾਨ ਹੇਠ ਪਈ ਕਣਕ ਭਿੱਜ ਗਈ ਹੈ। ਕਈ ਥਾਵਾਂ ’ਤੇ ਮੰਡੀਆਂ ਵਿੱਚ ਪਾਣੀ ਵੀ ਖੜ੍ਹ ਗਿਆ ਹੈ।
ਪੰਜਾਬ ’ਚ ਅੱਜ ਬਾਅਦ ਦੁਪਹਿਰ ਪਹਿਲਾਂ ਤੇਜ਼ ਹਵਾਵਾਂ ਚੱਲੀਆਂ ਮਗਰੋਂ ਮੀਂਹ ਪਿਆ। ਇਸੇ ਦੌਰਾਨ ਫਾਜ਼ਿਲਕਾ ਦੇ ਪਿੰਡ ਕੇਰੀਆ ਅਤੇ ਮਾਲੇਰਕੋਟਲਾ ਕੁਝ ਖੇਤਰਾਂ ਵਿੱਚ ਗੜੇ ਵੀ ਪਏ। ਕਈ ਇਲਾਕਿਆਂ ਵਿੱਚ ਮੀਂਹ ਇੰਨਾ ਤੇਜ਼ ਸੀ ਕਿ ਸ਼ਹਿਰਾਂ ਦੀਆਂ ਸੜਕਾਂ ਪਾਣੀ ਵਿੱਚ ਡੁੱਬ ਗਈਆਂ, ਜਿਸ ਕਰਕੇ ਲੋਕਾਂ ਨੂੰ ਸੜਕਾਂ ’ਤੇ ਵਾਹਨ ਚਲਾਉਣ ਸਮੇਂ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਉੱਧਰ, ਹੇਠਲੇ ਖੇਤਰਾਂ ਵਿੱਚ ਪਾਣੀ ਖੜ੍ਹਾ ਹੋ ਗਿਆ। ਸੂਬੇ ਵਿੱਚ ਮੀਂਹ ਪੈਣ ਕਰ ਕੇ ਤਾਪਮਾਨ ’ਚ ਵੀ 7.8 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਫ਼ਤਹਿਗੜ੍ਹ ਸਾਹਿਬ, ਫਾਜ਼ਿਲਕਾ, ਗਿੱਦੜਬਾਹਾ, ਮਾਲੇਰਕੋਟਲਾ, ਬਰਨਾਲਾ, ਫਰੀਦਕੋਟ, ਸੰਗਰੂਰ, ਪਾਤੜਾਂ, ਰਾਮਪੁਰਾਫੂਲ, ਬਠਿੰਡਾ ਤੇ ਅੰਮ੍ਰਿਤਸਰ ਸਣੇ ਕਈ ਹੋਰਨਾਂ ਖੇਤਰਾਂ ਵਿੱਚ ਮੀਂਹ ਪਿਆ ਹੈ। ਇਸ ਦੌਰਾਨ ਪਠਾਨਕੋਟ ਵਿੱਚ ਪਿਛਲੇ 24 ਘੰਟਿਆਂ ਦੌਰਾਨ ਸਭ ਤੋਂ ਵੱਧ 42 ਐੱਮਐੱਮ ਮੀਂਹ ਪਿਆ ਹੈ। ਮੌਸਮ ਵਿਭਾਗ ਨੇ ਪੰਜਾਬ ਵਿੱਚ 10 ਤੇ 11 ਮਈ ਨੂੰ ਕੁਝ ਥਾਵਾਂ ’ਤੇ ਹਲਕਾ ਮੀਂਹ ਤੇ 30-40 ਕਿੱਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਪੇਸ਼ੀਨਗੋਈ ਕੀਤੀ।
ਜਾਣਕਾਰੀ ਅਨੁਸਾਰ ਅੱਜ ਬਠਿੰਡਾ ਹਵਾਈ ਅੱਡੇ ’ਤੇ ਸਭ ਤੋਂ ਵੱਧ 37.9 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।