ਪੰਜਾਬ ਸਕੂਲ ਬੋਰਡ ਦੇ ਮੁਲਾਜ਼ਮਾਂ ਵੱਲੋਂ ਰੋਸ ਰੈਲੀ
ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 8 ਮਈ
ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਅਤੇ ਸੇਵਾਮੁਕਤ ਮੁਲਾਜ਼ਮ ਜਥੇਬੰਦੀ ਨੇ ਅੱਜ ਸਾਂਝੇ ਤੌਰ ‘ਤੇ ਗੇਟ ਰੈਲੀ ਕਰਕੇ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ। ਮੁਲਾਜ਼ਮ ਜਥੇਬੰਦੀ ਦੇ ਪ੍ਰਧਾਨ ਪਰਵਿੰਦਰ ਸਿੰਘ ਖੰਗੂੜਾ, ਜਨਰਲ ਸਕੱਤਰ ਪਰਮਜੀਤ ਸਿੰਘ ਬੈਨੀਪਾਲ ਅਤੇ ਸੇਵਾਮੁਕਤ ਮੁਲਾਜ਼ਮ ਜਥੇਬੰਦੀ ਦੇ ਪ੍ਰਧਾਨ ਅਮਰ ਸਿੰਘ ਧਾਲੀਵਾਲ ਅਤੇ ਜਨਰਲ ਸਕੱਤਰ ਗੁਰਮੇਲ ਸਿੰਘ ਮੌਜੇਵਾਲ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਵੱਲੋਂ ਬਕਾਇਆ ਰਾਸ਼ੀ ਨਾ ਦੇਣ ਕਾਰਨ ਸਕੂਲ ਬੋਰਡ ‘ਤੇ ਵਿੱਤੀ ਸੰਕਟ ਬਣਿਆ ਹੈ। ਜਿਸ ਕਾਰਨ ਸੇਵਾਮੁਕਤ ਮੁਲਾਜ਼ਮਾਂ ਨੂੰ ਹੁਣ ਤੱਕ ਅਪਰੈਲ ਮਹੀਨੇ ਦੀ ਪੈਨਸ਼ਨ ਵੀ ਨਹੀਂ ਮਿਲੀ ਹੈ ਜਦੋਂਕਿ ਬੋਰਡ ਦੇ ਦਫ਼ਤਰੀ ਸਟਾਫ਼ ਨੂੰ ਮਈ ਦੀ ਤਨਖ਼ਾਹ ਬੜੀ ਮੁਸ਼ਕਲ ਨਾਲ ਜਾਰੀ ਕੀਤੀ ਗਈ ਹੈ। ਆਗੂਆਂ ਨੇ ਕਿਹਾ ਕਿ ਸਿੱਖਿਆ ਬੋਰਡ ਹਰ ਸਾਲ ਕਰੀਬ 100 ਕਰੋੜ ਦੀ ਲਾਗਤ ਨਾਲ ਵਿਦਿਆਰਥੀਆਂ ਨੂੰ ਸਮੇਂ ਸਿਰ ਕਿਤਾਬਾਂ ਛਾਪ ਕੇ ਦਿੰਦਾ ਹੈ। ਪਿਛਲੇ ਕਈ ਸਾਲਾਂ ਤੋਂ ਸਰਕਾਰ ਵੱਲ ਇਹ ਰਾਸ਼ੀ ਪੈਡਿੰਗ ਪਈ ਹੈ ਜਿਸ ਕਾਰਨ ਬੋਰਡ ਨੂੰ ਵਿੱਤੀ ਸੰਕਟ ਸਾਹਮਣਾ ਕਰਨਾ ਪੈ ਰਿਹਾ ਹੈ।