ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
ਨਵੀਂ ਦਿੱਲੀ (ਪੱਤਰ ਪ੍ਰੇਰਕ): ਇੱਥੇ ਆਲ ਇੰਡੀਆ ਕਿਸਾਨ ਮਜ਼ਦੂਰ ਸਭਾ ਨੇ ਅੱਜ ਪੰਜਾਬ ਵਿੱਚ ਚੱਲ ਰਹੇ ਜ਼ਮੀਨੀ ਅਧਿਕਾਰ ਅੰਦੋਲਨ ਦੇ ਸਮਰਥਨ ਵਿੱਚ ਇਲਾਹਾਬਾਦ ਦੇ ਧਰਨਾ ਸਥਾਨ ’ਤੇ ਵਿਰੋਧ ਪ੍ਰਦਰਸ਼ਨ ਕੀਤਾ। ਸਭਾ ਦੇ ਦਿੱਲੀ ਸਥਿਤ ਕੌਮੀ ਦਫ਼ਤਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਮ ਇੱਕ ਮੰਗ ਪੱਤਰ ਸੌਂਪਿਆ ਜਿਸ ਵਿੱਚ ਮੰਗ ਕੀਤੀ ਗਈ ਕਿ ਰਾਜਾ ਜੀਂਦ ਦੀ 927 ਏਕੜ ਜ਼ਮੀਨ ਬੇਜ਼ਮੀਨੇ ਅਤੇ ਦਲਿਤਾਂ ਵਿੱਚ ਵੰਡੀ ਜਾਣੀ ਚਾਹੀਦੀ ਹੈ। ਸੰਘਰਸ਼ ਨਾਲ ਜੁੜੇ ਸਾਰੇ 350 ਆਗੂਆਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਪ੍ਰਭਾਵਿਤ ਇਲਾਕਿਆਂ ਤੋਂ ਪੁਲੀਸ ਫੋਰਸ ਨੂੰ ਤੁਰੰਤ ਹਟਾਇਆ ਜਾਣਾ ਚਾਹੀਦਾ ਹੈ। ਜ਼ਮੀਨ ਦੀ ਸੀਮਾ ਘਟਾ ਕੇ 5 ਏਕੜ ਕੀਤੀ ਜਾਣੀ ਚਾਹੀਦੀ ਹੈ। ਡਾ. ਆਸ਼ੀਸ਼ ਮਿੱਤਲ ਨੇ ਦੱਸਿਆ ਕਿ ਇਹ ਅੰਦੋਲਨ ਜ਼ਮੀਨ ਪ੍ਰਾਪਤੀ ਸੰਘਰਸ਼ ਸਮਿਤੀ ਵੱਲੋਂ ਚਲਾਇਆ ਜਾ ਰਿਹਾ ਹੈ, ਜਿਸ ਵਿੱਚ ਬੇਜ਼ਮੀਨੇ ਦਲਿਤ 927 ਏਕੜ ਜ਼ਮੀਨ ਦੀ ਮੰਗ ਕਰ ਰਹੇ ਹਨ।