ਪੰਜਾਬ ਸਰਕਾਰ ਨੇ ਜੀਐੱਸਟੀ ਉਗਰਾਹੀ ਵਿੱਚ ਰਿਕਾਰਡ ਕਾਇਮ ਕੀਤਾ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਮਈ
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਾਲ ਅਪਰੈਲ ਵਿੱਚ 2653.77 ਕਰੋੜ ਰੁਪਏ ਦੀ ਉਗਰਾਹੀ ਨਾਲ ਇਕ ਮਹੀਨੇ ਵਿੱਚ ਹੁਣ ਤੱਕ ਦਾ ਸੱਭ ਤੋਂ ਵੱਧ ਜੀਐੱਸਟੀ ਮਾਲੀਆ ਇਕੱਠਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਪਰੈਲ 2025 ਵਿੱਚ ਪਿਛਲੇ ਸਾਲ ਦੇ ਮੁਕਾਬਲੇ 19.77 ਫੀਸਦੀ ਵੱਧ ਜੀਐੱਸਟੀ ਇਕੱਠਾ ਕੀਤਾ ਗਿਆ ਹੈ। ਅਪਰੈਲ 2025 ਵਿੱਚ 2654 ਕਰੋੜ ਰੁਪਏ ਜੀਐੱਸਟੀ ਇਕੱਠਾ ਕੀਤਾ ਗਿਆ ਹੈ, ਜਦੋਂ ਕਿ ਪਿਛਲੇ ਸਾਲ ਅਪਰੈਲ ਮਹੀਨੇ ਵਿੱਚ 2215.70 ਕਰੋੜ ਰੁਪਏ ਇਕੱਠੇ ਕੀਤੇ ਗਏ ਸਨ। ਇਸ ਤਰ੍ਹਾਂ 438.07 ਕਰੋੜ ਰੁਪਏ ਦਾ ਵਾਧਾ ਹੋਇਆ ਹੈ। ਸ੍ਰੀ ਚੀਮਾ ਨੇ ਕਿਹਾ ਕਿ ਮਾਲੀਏ ਵਿੱਚ ਇਹ ਮਹੱਤਵਪੂਰਨ ਵਾਧਾ ਸੂਬੇ ਦੇ ਖਜ਼ਾਨੇ ਨੂੰ ਲੋੜੀਂਦਾ ਹੁਲਾਰਾ ਪ੍ਰਦਾਨ ਕਰੇਗਾ, ਜਿਸ ਨਾਲ ਸੂਬਾ ਸਰਕਾਰ ਬੁਨਿਆਦੀ ਢਾਂਚੇ ਦੇ ਵਿਕਾਸ, ਸਿੱਖਿਆ, ਸਿਹਤ ਸੰਭਾਲ ਅਤੇ ਸਮਾਜ ਭਲਾਈ ਪ੍ਰੋਗਰਾਮਾਂ ਵਰਗੇ ਮਹੱਤਵਪੂਰਨ ਖੇਤਰਾਂ ਵਿੱਚ ਹੋਰ ਨਿਵੇਸ਼ ਕਰ ਸਕੇਗੀ। ਵਿੱਤ ਮੰਤਰੀ ਨੇ ਇਸ ਮੀਲ ਪੱਥਰ ਨੂੰ ਪ੍ਰਾਪਤ ਕਰਨ ਵਿੱਚ ਕਰ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਮਿਹਨਤੀ ਯਤਨਾਂ ਅਤੇ ਕਰਦਾਤਾਵਾਂ ਦੁਆਰਾ ਦਿੱਤੇ ਗਏ ਸਹਿਯੋਗ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਨੇ ‘ਆਪ’ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਇੱਕ ਪਾਰਦਰਸ਼ੀ ਕਾਰਜਪ੍ਰਣਾਲੀ ਪ੍ਰਣਾਲੀ ਯਕੀਨੀ ਬਣਾਈ ਰੱਖਣ ਦੀ ਵਚਨਬੱਧਤਾ ਨੂੰ ਦੁਹਰਾਇਆ ਜਿਸ ਤਹਿਤ ਆਰਥਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸਾਰੇ ਭਾਈਵਾਲਾਂ ਦੇ ਯੋਗਦਾਨ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।