ਪੰਜਾਬ ਸਰਕਾਰ ਨੇ ਸਕੂਲਾਂ ਦੀ ਨੁਹਾਰ ਬਦਲੀ: ਰੌੜੀ
ਜੰਗ ਬਹਾਦਰ ਸਿੰਘ ਸੇਖੋਂ
ਗੜ੍ਹਸ਼ੰਕਰ, 8 ਅਪਰੈਲ
ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਚਾਰ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨਾਲ ਰੂਬਰੂ ਹੁੰਦਿਆਂ ਕਿਹਾ ਕਿ ਸੂਬਾ ਸਰਕਾਰ ਲਈ ਸਿੱਖਿਆ ਤਰਜੀਹੀ ਖੇਤਰ ਹੈ ਜਿਸ ’ਤੇ ਪਹਿਰਾ ਦਿੰਦਿਆਂ ਪੰਜਾਬ ਵਿਚ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਗੜ੍ਹਸ਼ੰਕਰ ਹਲਕੇ ਦੇ ਚਾਰ ਸਕੂਲਾਂ ਵਿੱਚ 81.36 ਲੱਖ ਰੁਪਏ ਦੀ ਲਾਗਤ ਵਾਲੇ ਕੰਮਾਂ ਦਾ ਉਦਘਾਟਨ ਕੀਤਾ ਗਿਆ ਜਿਸ ਨਾਲ ਵਿਦਿਆਰਥੀਆਂ ਨੂੰ ਹੋਰ ਵਧੀਆ ਸਹੂਲਤਾਂ ਮਿਲਣਗੀਆਂ।
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੀਰਮਪੁਰ, ਸਰਕਾਰੀ ਹਾਈ ਸਕੂਲ ਬੀਰਮਪੁਰ, ਸਰਕਾਰੀ ਐਲੀਮੈਂਟਰੀ ਸਕੂਲ ਹਾਜੀਪੁਰ, ਸਰਕਾਰੀ ਪ੍ਰਾਇਮਰੀ ਸਕੂਲ ਰਾਮਪੁਰ ਬਿਲੜੋਂ ਵਿਚ ਵੱਖ-ਵੱਖ ਮੁਕੰਮਲ ਹੋ ਚੁੱਕੇ ਕੰਮਾਂ ਦਾ ਉਦਘਾਟਨ ਕਰਦਿਆਂ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਪੰਜਾਬ ਦੀ ਸਿੱਖਿਆ ਕ੍ਰਾਂਤੀ ਨਾਲ ਸਕੂਲਾਂ ਦੀ ਨੁਹਾਰ ਬਦਲ ਦੇਣ ਦਾ ਦਾਅਵਾ ਕੀਤਾ। ਰੌੜੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੀਰਮਪੁਰ ਵਿੱਚ 51.97 ਲੱਖ ਰੁਪਏ ਦੀ ਲਾਗਤ ਵਾਲੇ ਅਤੇ ਸਰਕਾਰੀ ਹਾਈ ਸਕੂਲ ਬੀਰਮਪੁਰ ਵਿੱਚ 4.88 ਲੱਖ ਰੁਪਏ ਦੀ ਲਾਗਤ ਵਾਲੇ ਕੰਮਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਬੀਰਮਪੁਰ ਸਕੂਲ ਬੁਨਿਆਦੀ ਢਾਂਚੇ ਪੱਖੋਂ ਇਲਾਕੇ ਵਿੱਚ ਮਿਸਾਲ ਹੈ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿਚ ਅਹਿਮ ਭੂਮਿਕਾ ਨਿਭਾਅ ਰਿਹਾ ਹੈ। ਸਰਕਾਰੀ ਐਲੀਮੈਂਟਰੀ ਸਕੂਲ ਹਾਜੀਪੁਰ ਵਿੱਚ 7.51 ਲੱਖ ਰੁਪਏ ਦੀ ਲਾਗਤ ਨਾਲ ਬਣੇ ਕਲਾਸ ਰੂਮਾਂ ਦਾ ਉਦਘਾਟਨ ਕਰਦਿਆਂ ਡਿਪਟੀ ਸਪੀਕਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਕਿਸੇ ਸਹੂਲਤ ਦੀ ਘਾਟ ਨਹੀਂ ਰਹੇਗੀ। ਸਰਕਾਰੀ ਪ੍ਰਾਇਮਰੀ ਸਕੂਲ ਰਾਮਪੁਰ ਵਿਖੇ 17 ਲੱਖ ਰੁਪਏ ਦੀ ਲਾਗਤ ਵਾਲੇ ਕੰਮਾਂ ਦਾ ਉਦਘਾਟਨ ਕਰਦਿਆਂ ਡਿਪਟੀ ਸਪੀਕਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰੀ ਸਕੂਲਾਂ ਵਿਚ ਮੁਫ਼ਤ ਸਹੂਲਤਾਂ ਅਤੇ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ ਜਿਸ ਦੇ ਮੱਦੇਨਜ਼ਰ ਲੋਕਾਂ ਨੂੰ ਵੱਧ ਤੋਂ ਵੱਧ ਵਿਦਿਆਰਥੀ ਇਨ੍ਹਾਂ ਸਕੂਲਾਂ ਵਿਚ ਪੜ੍ਹਾਉਣੇ ਚਾਹੀਦੇ ਹਨ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਲਲਿਤਾ ਅਰੋੜਾ ਤੋਂ ਇਲਾਵਾ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।