ਪੰਜਾਬ ਸਰਕਾਰ ਪਾਣੀਆਂ ਦੀ ਰਾਖੀ ਲਈ ਵਚਨਬੱਧ: ਸੰਧਵਾਂ
ਕਮਲਜੀਤ ਕੌਰ
ਫ਼ਰੀਦਕੋਟ, 2 ਮਈ
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਫਿਰੋਜ਼ਪੁਰ ਰੋਡ ਫਰੀਦਕੋਟ ਵਿੱਚ ਕੀਤਾ ਗਿਆ। ਇਸ ਸਮਾਗਮ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ, ਕੈਬਿਨਟ ਮੰਤਰੀ ਪੰਜਾਬ ਤਰੁਣਪ੍ਰੀਤ ਸਿੰਘ ਸੌਂਦ, ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ, ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਵਿਧਾਇਕ ਫ਼ਰੀਦਕੋਟ ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੈਤੋ ਅਮੋਲਕ ਸਿੰਘ, ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ, ਐੱਸਐੱਸਪੀ ਡਾ.ਪ੍ਰੱਗਿਆ ਜੈਨ ਵੀ ਹਾਜ਼ਰ ਸਨ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਨਾ ਚਾਹੁੰਦੀ ਹੈ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੀਬੀਐੱਮਬੀ ਨੇ ਰਾਜਸਥਾਨ, ਹਰਿਆਣਾ ਅਤੇ ਪੰਜਾਬ ਨੂੰ ਕ੍ਰਮਵਾਰ 3.318 ਐੱਮਏਐੱਫ, 2.987 ਐੱਮਏਐੱਫ ਅਤੇ 5.512 ਐੱਮਏਐੱਫ ਪਾਣੀ ਦੀ ਵੰਡ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰਿਆਣੇ ਨੇ ਆਪਣਾ ਦਿੱਤਾ ਹੋਇਆ ਸਾਰਾ ਪਾਣੀ ਵਰਤ ਲਿਆ ਹੈ ਅਤੇ ਉਨ੍ਹਾਂ ਨੇ ਪੰਜਾਬ ਦੇ ਪਾਣੀ ਦੇ ਹਿੱਸੇ ਵਿੱਚੋਂ 8500 ਕਿਊਸਿਕ ਪਾਣੀ ਜ਼ਬਰਦਸਤੀ ਕੇਂਦਰ ਦੀਆਂ ਏਜੰਸੀਆਂ ਰਾਹੀਂ ਖੋਹ ਲਿਆ ਹੈ ਤੇ ਪੰਜਾਬ ਨੂੰ ਮੁੜ ਤੋਂ ਕਾਲੇ ਦੌਰ ਵਿੱਚ ਸੁੱਟਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਾਣੀ ਦੀ ਇੱਕ-ਇੱਕ ਬੂੰਦ ਕੀਮਤੀ ਹੈ ਅਤੇ ਕਿਸੇ ਨੂੰ ਵੀ ਇਹ ਪਾਣੀ ਲਿਜਾਣ ਦੀ ਇਜ਼ਾਜਤ ਨਹੀਂ ਦਿੱਤੀ ਜਾਣੀ ਚਾਹੀਦੀ। ਉਨ੍ਹਾਂ ਨਸ਼ਿਆਂ ਦੇ ਖਾਤਮੇ ਲਈ ਸੰਜੀਦਗੀ ਅਤੇ ਇਕਜੁਟਤਾ ਨਾਲ ਕੰਮ ਕਰਨ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਲੇਜ ਡਿਫੈਂਸ ਕਮੇਟੀਆਂ ਬਣਾਈਆਂ ਗਈਆਂ ਹਨ ਜਿਨ੍ਹਾਂ ਵਿੱਚ ਸਰਪੰਚ ਅਤੇ ਹੋਰ ਮੈਂਬਰਾਂ ਨੂੰ ਸ਼ਾਮਿਲ ਕੀਤਾ ਗਿਆ ਹੈ ਜੋ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਆਪਣੀ ਜ਼ਿੰਮੇਵਾਰੀ ਨਿਭਾਉਣਗੇ।
ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਤੇ ਨਸ਼ਾ ਤਸਕਰਾਂ ਦੇ ਖਾਤਮੇ ਤੱਕ ਨਸ਼ਿਆਂ ਵਿਰੁੱਧ ਜੰਗ ਜਾਰੀ ਰਹੇਗੀ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਨਸ਼ਾ ਤਸਕਰਾਂ ਵਿਰੁੱਧ ਕਾਨੂੰਨ ਅਨੁਸਾਰ ਸਖਤ ਕਾਰਵਾਈ ਕਰੇਗੀ ਤੇ ਉਨ੍ਹਾਂ ਦੀਆਂ ਗੈਰ ਕਾਨੂੰਨੀ ਜਾਇਦਾਦਾਂ ਨੂੰ ਜ਼ਬਤ ਕੀਤਾ ਜਾਵੇਗਾ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਇਸ ਸਮਾਗਮ ਵਿੱਚ ਔਰਤਾਂ ਦੀ ਵੱਡੀ ਸ਼ਮੂਲੀਅਤ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਔਰਤਾਂ ਤੋਂ ਬਿਨਾਂ ਯੁੱਧ ਨਸ਼ਿਆਂ ਵਿਰੁੱਧ ਦੀ ਸਫਲਤਾ ਦੀ ਕਾਮਨਾ ਨਹੀਂ ਕੀਤੀ ਜਾ ਸਕਦੀ।