ਪੰਜਾਬ ਸਿੱਖਿਆ ਕ੍ਰਾਂਤੀ: ਜਲੰਧਰ ਦੇ 38 ਸਕੂਲਾਂ ’ਚ 2.34 ਕਰੋੜ ਦੇ ਵਿਕਾਸ ਕਾਰਜ ਕਰਵਾਏ
ਹਤਿੰਦਰ ਮਹਿਤਾ
ਜਲੰਧਰ, 9 ਅਪਰੈਲ
ਸਕੂਲ ਸਿੱਖਿਆ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਦੀ ਵਚਨਬੱਧਤਾ ਤਹਿਤ ਪੰਜਾਬ ਸਰਕਾਰ ਵੱਲੋਂ ਆਪਣੀ ਪ੍ਰਮੁੱਖ ਪਹਿਲਦਕਦਮੀ ’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਜਲੰਧਰ ਦੇ 38 ਸਰਕਾਰੀ ਸਕੂਲਾਂ ਵਿੱਚ 2.34 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਸਮਰਪਿਤ ਕੀਤੇ ਗਏ, ਜਿਸ ਨਾਲ ਜ਼ਿਲ੍ਹੇ ਵਿੱਚ ਵਿੱਦਿਅਕ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਮਿਲਿਆ ਹੈ। ਵਿਧਾਇਕ ਬਲਕਾਰ ਸਿੰਘ, ਰਮਨ ਅਰੋੜਾ ਅਤੇ ਇੰਦਰਜੀਤ ਕੌਰ ਮਾਨ ਨੇ ਆਪੋ-ਆਪਣੇ ਵਿਧਾਨ ਸਭਾ ਹਲਕਿਆਂ ਵਿੱਚ ਇਹ ਪ੍ਰਾਜੈਕਟ ਸਮਰਪਿਤ ਕੀਤੇ ਜਦਕਿ ਜ਼ਿਲ੍ਹੇ ਦੇ ਕਈ ਹੋਰ ਸਕੂਲਾਂ ਵਿੱਚ ਅਪਗ੍ਰੇਡ ਕੀਤੀਆਂ ਸਹੂਲਤਾਂ ਦਾ ਉਦਘਾਟਨ ਕੀਤਾ ਗਿਆ।
ਵਿਧਾਇਕ ਰਮਨ ਅਰੋੜਾ ਨੇ ਆਦਰਸ਼ ਨਗਰ, ਢਿੱਲਵਾਂ, ਚੁਗਿੱਟੀ ਅਤੇ ਅਬਾਦਪੁਰਾ ਦੇ ਸਰਕਾਰੀ ਪ੍ਰਾਇਮਰੀ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 18.80 ਲੱਖ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਵਿਧਾਇਕ ਇੰਦਰਜੀਤ ਕੌਰ ਮਾਨ ਨੇ ਪਿੰਡ ਖੀਵਾ, ਉੱਗੀ, ਚੂਹੜ, ਬਾਹੂਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਤੇ ਸਰਕਾਰੀ ਹਾਈ ਸਕੂਲ ਖੀਵਾ (ਲੜਕੀਆਂ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੀਵਾ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉੱਗੀ ਵਿੱਚ ਉਦਘਾਟਨ ਕੀਤੇ।
ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ): ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਰਹੱਦੀ ਖੇਤਰ ਵਿੱਚ ਸਕੂਲਾਂ ਵਿੱਚ ਵੱਖ-ਵੱਖ ਕੰਮਾਂ ਦੀ ਸ਼ੁਰੂਆਤ ਕਰਦੇ ਕਿਹਾ ਕਿ ਸਰਹੱਦੀ ਇਲਾਕੇ ਦੇ ਬੱਚਿਆਂ ਦੀ ਲੋੜ ਨੂੰ ਸਮਝਦੇ ਹੋਏ ਸਿੱਖਿਆ ਮੰਤਰੀ ਨੇ ਸਰਹੱਦੀ ਖੇਤਰ ਵਿੱਚ ਲੜਕੀਆਂ ਦਾ ਕਾਲਜ ਖੋਲ੍ਹਣ ਦਾ ਐਲਾਨ ਵੀ ਕੀਤਾ। ਉਨ੍ਹਾਂ ਅੱਜ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ। ਸਿੱਖਿਆ ਮੰਤਰੀ ਅੱਜ ਆਪਣੇ ਦੌਰੇ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੀਤਾ ਕਲਾਂ, ਸਰਕਾਰੀ ਐਲੀਮੈਂਟਰੀ ਸਕੂਲ ਝੀਤਾ ਕਲਾਂ, ਸਰਕਾਰੀ ਗਰਲਜ ਸੀਨੀਅਰ ਸੈਕੰਡਰੀ ਸਕੂਲ ਮਹਾਂ ਸਿੰਘ ਗੇਟ, ਸਰਕਾਰੀ ਸੀਨੀਅਰ ਸੈਕਂਡਰੀ ਸਕੂਲ ਟਪਿਆਲਾ ਲੜਕੀਆਂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਟਪਿਆਲਾ ਵਿਖੇ ਗਏ। ਇਸੇ ਦੌਰਾਨ ਟਪਿਆਲਾ ਵਿੱਚ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਸਮਾਗਮ ਵਾਲੀ ਥਾਂ ਦੇ ਨੇੜੇ ਵੱਡਾ ਇਕੱਠ ਕੀਤਾ ਗਿਆ ਸੀ।
ਕਪੂਰਥਲਾ (ਜਸਬੀਰ ਸਿੰਘ ਚਾਨਾ): ਕਪੂਰਥਲਾ ਜ਼ਿਲ੍ਹੇ ਦੇ 8 ਹੋਰ ਸਕੂਲਾਂ ’ਚ 1.04 ਕਰੋੜ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ ਗਿਆ। ਫਗਵਾੜਾ ਵਿੱਚ ਸਰਕਾਰੀ ਹਾਈ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਹਦੀਆਬਾਦ ਵਿਖੇ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਉਦਘਾਟਨ ਕੀਤਾ ਗਿਆ। ਇਸੇ ਤਰ੍ਹਾਂ ਕਪੂਰਥਲਾ ਬਲਾਕ ਦੇ ਸਰਕਾਰੀ ਹਾਈ ਸਕੂਲ ਮਨਸ਼ੂਰਵਾਲ ਦੋਨਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਡੇਰਾ ਜੱਗੂ ਸ਼ਾਹ ਵਿੱਚ ਗੁਰਦੇਵ ਸਿੰਘ ਚੇਅਰਮੈਨ ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ, ਸੁਲਤਾਨਪੁਰ ਲੋਧੀ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੱਲ੍ਹਾਦਿੱਤਾ ਤੇ ਪ੍ਰਾਇਮਰੀ ਸਕੂਲ ਅੱਲ੍ਹਾਦਿਤਾ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਇੰਪਰੂਵਮੈਂਟ ਟਰੱਸਟ ਕਪੂਰਥਲਾ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਵਲੋਂ ਕੀਤਾ ਗਿਆ। ਭੁਲੱਥ ਬਲਾਕ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਡਾਲਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਰਾਏਪੁਰ ਪੀਰਬਖ਼ਸ ਵਾਲਾ ਵਿਖੇ ਲਗਭਗ 15 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਐਡੀਸ਼ਨਲ ਕਲਾਸ ਰੂਮਾਂ ਦਾ ਉਦਘਾਟਨ ਹਰਸਿਮਰਨ ਸਿੰਘ ਘੁੰਮਣ ਡਾਇਰੈਕਟਰ ਜਲ ਸਰੋਤ ਵਿਭਾਗ, ਪੰਜਾਬ ਅਤੇ ਮੈਂਬਰ ਪੰਜਾਬ ਕ੍ਰਿਕਟ ਐਸੋਸੀਏਸ਼ਨ ਨੇ ਕੀਤਾ।
ਬਲਾਚੌਰ (ਬਹਾਦਰਜੀਤ ਸਿੰਘ): ਵਿਧਾਇਕਾ ਸੰਤੋਸ਼ ਕਟਾਰੀਆ ਨੇ ਇਲਾਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਮਾਲੇਵਾਲ, ਚੌਧਰੀ ਮੇਲਾ ਰਾਮ ਭੂੰਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲੇਵਾਲ, ਪ੍ਰਾਇਮਰੀ ਸਕੂਲ ਸਿੰਘਪੁਰ, ਪ੍ਰਾਇਮਰੀ ਸਕੂਲ ਚੂਹੜਪੁਰ, ਪ੍ਰਾਇਮਰੀ ਸਕੂਲ ਕਟਵਾਰਾ ਕਲਾਂ, ਮਿਡਲ ਸਕੂਲ ਕਟਵਾਰਾਂ ਕਲਾਂ, ਪ੍ਰਾਇਮਰੀ ਸਕੂਲ ਕਰੀਮਪੁਰ ਧਿਆਨੀ, ਸਰਕਾਰੀ ਮਿਡਲ ਸਕੂਲ ਕਰੀਮਪੁਰ ਚਾਹਵਾਲਾ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ।
ਪਠਾਨਕੋਟ (ਐੱਨਪੀ ਧਵਨ): ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਪਪਿਆਲ, ਸਰਕਾਰੀ ਪ੍ਰਾਇਮਰੀ ਸਕੂਲ ਨਾਜੋਚੱਕ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਜੋਚੱਕ ਵਿੱਚ ਲੱਖਾਂ ਰੁਪਏ ਦੇੇ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ।
ਰਈਆ (ਦਵਿੰਦਰ ਸਿੰਘ ਭੰਗੂ): ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੂਲਕਾ, ਸਰਕਾਰੀ ਪ੍ਰਾਇਮਰੀ ਸਕੂਲ ਧੂਲਕਾ, ਸਰਕਾਰੀ ਪ੍ਰਾਇਮਰੀ ਸਕੂਲ ਕਾਲੇਕੇ, ਸਰਕਾਰੀ ਪ੍ਰਾਇਮਰੀ ਸਕੂਲ ਸੁਧਾਰ ਰਾਜਪੂਤਾਂ ਅਤੇ ਸਰਕਾਰੀ ਹਾਈ ਸਕੂਲ ਸੁਧਾਰ ਰਾਜਪੂਤਾਂ ’ਚ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ।
ਅਜਨਾਲਾ/ਮਜੀਠਾ (ਸੁਖਦੇਵ ਸਿੰਘ/ ਰਾਜਨ ਮਾਨ): ਭਾਰਤ ਪਾਕਿਸਤਾਨ ਸਰਹੱਦ ਦੇ ਕੰਢੇ ਵਸੇ ਪਿੰਡ ਬਲੜਵਾਲ ਅਤੇ ਸਾਰੰਗਦੇਵ ਦੇ ਸਰਕਾਰੀ ਸਕੂਲਾਂ ਵਿੱਚ ਸਵਾ ਦੋ ਕਰੋੜ ਤੋਂ ਵੱਧ ਦੀ ਰਕਮ ਨਾਲ ਹੋਏ ਕੰਮ ਬੱਚਿਆਂ ਨੂੰ ਸਮਰਪਿਤ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਬਲੜਵਾਲ ਦੇ ਸਕੂਲਾਂ ਵਿੱਚ 1.33 ਕਰੋੜ ਰੁਪਏ ਅਤੇ ਸਾਰੰਗਦੇਵ ਸਕੂਲ ਵਿੱਚ ਲਗਭਗ 82 ਲੱਖ ਰੁਪਏ ਦੇ ਕੰਮਾਂ ਦਾ ਉਦਘਾਟਨ ਕੀਤੇ ਗਏ ਹਨ।
ਧਾਰੀਵਾਲ (ਸੁੱਚਾ ਸਿੰਘ ਪਸਨਾਵਾਲ): ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਰਣੀਆ (ਧਾਰੀਵਾਲ) ਵਿੱਚ ਚਾਰਦੀਵਾਰੀ ਦਾ ਉਦਘਾਟਨ ਕੀਤਾ।
ਬੈਂਸ ਵੱਲੋਂ 3.07 ਕਰੋੜ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ
ਤਰਨ ਤਾਰਨ (ਗੁਰਬਖ਼ਸ਼ਪੁਰੀ): ਅੱਜ ਸਰਹੱਦੀ ਖੇਤਰ ਦੇ ਵੱਖ ਸਰਕਾਰੀ ਸਕੂਲਾਂ ਅੰਦਰ ਬੀਤੇ ਤਿੰਨ ਸਾਲ ਦੇ ਅਰਸੇ ਦੌਰਾਨ 3.07 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਵਿਕਾਸ ਕੰਮਾਂ ਦਾ ਅੱਜ ਸਿੱਖਿਆ ਮੰਤਰੀ ਹਰਜੀਤ ਸਿੰਘ ਬੈਂਸ ਵਲੋਂ ਉਦਘਾਟਨ ਕੀਤੇ| ਕੌਮਾਂਤਰੀ ਸਰਹੱਦ ਤੋਂ ਕੇਵਲ 20 ਮੀਟਰ ਦੂਰੀ ਤੇ ਸਥਿਤ ਸਰਕਾਰੀ ਸਕੂਲ ਕਲਸ ਤੇ ਮਸਤਗੜ੍ਹ, ਮਹਿੰਦੀਪੁਰ, ਖੇਮਕਰਨ, ਵਾਂ ਤਾਰਾ ਸਿੰਘ ਸਕੂਲਾਂ ਵਿਖੇ ਨਵੇਂ ਸਮਾਰਟ ਕਲਾਸ ਰੂਮਾਂ, ਚਾਰਦੀਵਾਰੀ, ਸਾਇੰਸ ਲੈਬਾਂ ਦਾ ਉਦਘਾਟਨ ਕਰਨ ਪਿੱਛੋਂ ਕਿਹਾ ਕਿ ਪੰਜਾਬ ਸਰਕਾਰ ਵਲੋੰ ਸਰੱਹਦੀ ਖੇਤਰ ਅੰਦਰ ਪਛੜੇਪਣ ਨੂੰ ਦੂਰ ਕਰਨ ਲਈ ਸਿੱਖਿਆ ਦੇ ਪਸਾਰ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਸਿੱਖਿਆ ਕਰਾਂਤੀ ਉੱਪਰ ਸਵਾਲ ਚੁੱਕਣ ਵਾਲੇ ਸਿਆਸੀ ਵਿਰੋਧੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਸ੍ਰੀ ਬੈਂਸ ਨੇ ਕਿਹਾ ਕਿ ਜਦ ਉਨ੍ਹਾਂ ਕੋਲ ਤਾਕਤ ਸੀ ਤਾਂ ਉਨ੍ਹਾਂ ਸਿੱਖਿਆ ਸੁਧਾਰ ਲਈ ਕੁਝ ਨਹੀਂ ਕੀਤਾ। ਸਿੱਖਿਆ ਮੰਤਰੀ ਵੱਲੋਂ ਸਰਕਾਰੀ ਸਕੂਲ ਮਹਿੰਦੀਪੁਰ ਲਈ 20 ਲੱਖ ਰੁਪਏ ਦੀ ਗਰਾਂਟ ਦੇਣ ਦਾ ਵੀ ਐਲਾਨ ਕੀਤਾ। ਇਸ ਮੌਕੇ ਹਲਕਾ ਖੇਮਕਰਨ ਦੇ ਵਿਧਾਇਕ ਸਰਵਣ ਸਿੰਘ ਧੁੰਨ ਨੇ ਸਿੱਖਿਆ ਮੰਤਰੀ ਵਲੋਂ ਇਲਾਕੇ ਅੰਦਰ ਫੇਰੀ ਲਗਾਉਣ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪਹਿਲੀ ਵਾਰ ਹੈ ਕਿ ਕੋਈ ਸਿੱਖਿਆ ਮੰਤਰੀ ਚੌਥੀ ਵਾਰ ਸਰਹੱਦੀ ਖੇਤਰ ਦੇ ਸਕੂਲਾਂ ਦਾ ਦੌਰਾ ਕਰਨ ਆਇਆ ਹੋਵੇ।
ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਨਵੀਆਂ ਸਿਖਰਾਂ ’ਤੇ ਪਹੁੰਚਾਇਆ: ਰੌੜੀ
ਗੜ੍ਹਸ਼ੰਕਰ (ਜੰਗ ਬਹਾਦਰ ਸਿੰਘ ਸੇਖੋਂ): ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ’ਸਿੱਖਿਆ ਕ੍ਰਾਂਤੀ’ ਤਹਿਤ ਖੇਤਰ ਦੇ ਤਿੰਨ ਸਕੂਲਾਂ ਵਿੱਚ ਰੱਖੇ ਪ੍ਰੋਗਰਾਮਾਂ ਦੌਰਾਨ 58 ਲੱਖ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕੰਮਾਂ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਨਵੀਆਂ ਸਿਖਰਾਂ ’ਤੇ ਪਹੁੰਚਾਉਣ ਦਾ ਜੋ ਟੀਚਾ ਮਿਥਿਆ ਹੈ, ਉਸ ਤਹਿਤ ਇਲਾਕੇ ਦੇ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ। ਉਨ੍ਹਾਂ ਸਰਕਾਰੀ ਹਾਈ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਸੈਲਾਖੁਰਦ ਵਿੱਚ 30.65 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਕੰਮਾਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਸਕੂਲ ਵਿਚ ਅਤਿਆਧੁਨਿਕ ਕਲਾਸ ਰੂਮ ਬਣਾਏ ਗਏ ਹਨ ਜੋ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਸਾਜ਼ਗਾਰ ਮਾਹੌਲ ਦੇਣ ਤੋਂ ਇਲਾਵਾ ਲੋੜੀਂਦੀਆਂ ਸਹੂਲਤਾਂ ਨਾਲ ਲੈਸ ਹਨ। ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਸਰਕਾਰੀ ਹਾਈ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਸਕਰੂਲੀ ਵਿੱਚ 15.63 ਲੱਖ ਰੁਪਏ ਦੀ ਲਾਗਤ ਅਤੇ ਸਰਕਾਰੀ ਹਾਈ ਸਕੂਲ ਡਗਾਮ ਵਿਖੇ ਕਰੀਬ 12.50 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਕੰਮਾਂ ਦਾ ਉਦਘਾਟਨ ਵੀ ਕੀਤਾ। ਇਸ ਮੌਕੇ ਸਰਪੰਚ ਦਲਜੀਤ ਸਿੰਘ, ਹੈਡਮਾਸਟਰ ਸੰਦੀਪ ਬਡੇਸਰੋਂ, ਪ੍ਰਿੰਸੀਪਲ ਕਿਰਪਾਲ ਸਿੰਘ, ਪ੍ਰਿੰਸੀਪਲ ਸੀਮਾ ਰਾਣੀ, ਗੁਰਦੇਵ ਸਿੰਘ ਮੌਜੂਦ ਸਨ।
ਚੱਬੇਵਾਲ ਨੇ ਸਰਕਾਰੀ ਸਕੂਲ ਫਲਾਹੀ ਨੂੰ ਅਪਨਾਇਆ
ਹੁਸ਼ਿਆਰਪੁਰ (ਜਗਜੀਤ ਸਿੰਘ): ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫਲਾਹੀ ਨੂੰ ਅਪਨਾਉਣ ਦਾ ਐਲਾਨ ਕੀਤਾ ਹੈ। ਉਹ ਅੱਜ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ’ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਲਾਹੀ ਵਿਖੇ ਲਗਭਗ 61 ਲੱਖ ਰੁਪਏ ਦੀ ਲਾਗਤ ਨਾਲ ਹੋਏ ਕੰਮਾਂ ਦਾ ਉਦਘਾਟਨ ਕਰਨ ਪੁੱਜੇ ਸਨ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਲਲਿਤਾ ਅਰੋੜਾ, ਸਕੂਲ ਪ੍ਰਿੰਸੀਪਲ ਮ੍ਰਿਦੁਲਾ ਸ਼ਰਮਾ ਵੀ ਉਨ੍ਹਾਂ ਦੇ ਨਾਲ ਹਾਜ਼ਰ ਸਨ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵਲੋਂ ਸਰਕਾਰੀ ਪ੍ਰਾਇਮਰੀ ਅਤੇ ਸਰਕਾਰੀ ਹਾਈ ਸਕੂਲ ਬੱਸੀ ਗੁਲਾਮ ਹੁਸੈਨ ਵਿੱਚ 35 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਕੰਮਾਂ ਦਾ ਉਦਘਾਟਨ ਕੀਤਾ ਗਿਆ।