ਪੰਥਕ ਸੰਸਥਾਵਾਂ ਤੋਂ ਬਾਦਲਾਂ ਦੀ ਅਜ਼ਾਰੇਦਾਰੀ ਖਤਮ ਕਰਾਵਾਂਗੇ: ਜਗੀਰ ਕੌਰ
ਪਾਲ ਸਿੰਘ ਨੌਲੀ
ਜਲੰਧਰ, 3 ਫਰਵਰੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹ ਪੰਥਕ ਸੋਚ ਵਾਲਿਆਂ ਨੂੰ ਨਾਲ ਲੈ ਕੇ ਪੰਥ ਦੀਆਂ ਇਹ ਸਿਰਮੌਰ ਸੰਸਥਾਵਾਂ ਨੂੰ ਬਾਦਲਾਂ ਦੀ ਅਜ਼ਾਏਦਾਰੀ ਤੋਂ ਮੁਕਤ ਕਰਵਾਉਣਗੇ। ਉਹ ਇੱਥੇ ਗੁਰੂ ਤੇਗ ਬਹਾਦਰ ਨਗਰ ਦੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੀ ਪ੍ਰਬੰਧਕੀ ਕਮੇਟੀ ਮੀਟਿੰਗ ਵਿੱਚ ਸੰਬੋਧਨ ਕਰ ਰਹੇ ਸਨ। ਇਸ ਮੌਕੇ ਪ੍ਰਧਾਨ ਜਗਜੀਤ ਸਿੰਘ ਗਾਬਾ ਦੀ ਅਗਵਾਈ ਵਿੱਚ ਹੋਈ ਮੀਟਿੰਗ ਦੌਰਾਨ ਹਾਜ਼ਰ ਆਗੂਆਂ ਨੇ ਭਵਿੱਖ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਾਲ ਖੜ੍ਹਨ ਦਾ ਫ਼ੈਸਲਾ ਕੀਤਾ ਹੈ। ਮੀਟਿੰਗ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਬੀਬੀ ਜਗੀਰ ਕੌਰ ਵੱਲੋਂ ਬਾਦਲਾਂ ਖ਼ਿਲਾਫ਼ ਲਏ ਗਏ ਸਟੈਂਡ ਨੇ ਪੰਥਕ ਸੰਸਥਾਵਾਂ ਨੂੰ ਬਚਾਉਣ ਦਾ ਰਾਹ ਦਿਖਾਇਆ ਹੈ ਜਿਸ ਨੂੰ ਵਿਦੇਸ਼ਾਂ ਵਿੱਚੋਂ ਸਿੱਖ ਸੰਗਤਾਂ ਨੇ ਹੁੰਗਾਰਾ ਦਿੱਤਾ ਹੈ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਵਰਗੀਆਂ ਪੰਥਕ ਸੰਸਥਾਵਾਂ ਦੇ ਇਤਿਹਾਸ ਦਾ ਹਰ ਪੰਨਾ ਸਿੱਖ ਕੌਮ ਦੇ ਖੂਨ ਨਾਲ ਲੱਥ-ਪੱਥ ਹੈ ਤੇ ਉਹ ਪੰਥਕ ਸੋਚ ਵਾਲਿਆਂ ਨੂੰ ਨਾਲ ਲੈ ਕੇ ਪੰਥ ਦੀਆਂ ਇਹ ਸਿਰਮੌਰ ਸੰਸਥਾਵਾਂ ਨੂੰ ਬਾਦਲਾਂ ਦੀ ਅਜ਼ਾਏਦਾਰੀ ਤੋਂ ਮੁਕਤ ਕਰਵਾਉਣਗੇ। ਉਨ੍ਹਾਂ ਨੇ ਮੀਟਿੰਗ ਵਿੱਚ ਹਾਜ਼ਰ ਸਾਰੇ ਆਗੂਆਂ ਨੂੰ ਪੰਥਕ ਏਜੰਡੇ ‘ਤੇ ਡੱਟ ਕੇ ਪਹਿਰਾ ਦੇਣ ਦੀ ਅਪੀਲ ਕੀਤੀ। ਇਸ ਮੌਕੇ ਜਥੇਦਾਰ ਗਾਬਾ ਨੇ ਕਿਹਾ ਕਿ ਅਕਾਲੀ ਦਲ ਬਾਦਲਾਂ ਦੀ ਨਿੱਜੀ ਜਾਇਦਾਦ ਨਹੀਂ ਹੈ ਸਗੋਂ ਇਹ ਕੁਬਾਨੀਆਂ ਦੇਣ ਵਾਲੇ ਪੰਥ ਦੀ ਅਮੀਰ ਵਿਰਾਸਤ ਹੈ, ਜਿਸ ਦੀ ਰਾਖੀ ਲਈ ਹਰ ਸਿੱਖ ਕੁਰਬਾਨੀ ਦੇਣ ਲਈ ਤਿਆਰ ਹੈ।