ਪੰਪ ਅਪਰੇਟਰਾਂ ਨੇ ਕੈਬਨਿਟ ਮੰਤਰੀ ਨੂੰ ਮੰਗ ਪੱਤਰ ਸੌਂਪਿਆ
ਜੋਗਿੰਦਰ ਸਿੰਘ ਓਬਰਾਏ
ਖੰਨਾ, 7 ਜਨਵਰੀ
ਨਗਰ ਕੌਂਸਲ ਵਿਚ ਆਊਟਸੋਰਸ ਪ੍ਰਣਾਲੀ ਰਾਹੀਂ ਬਤੌਰ ਕੰਮ ਕਰਦੇ ਪੰਪ ਅਪਰੇਟਰਾਂ ਨੇ ਆਪਣੀਆਂ ਹੱਕੀਂ ਮੰਗਾਂ ਸਬੰਧੀ ਅੱਜ ਇਥੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੂੰ ਮੰਗ ਪੱਤਰ ਸੌਂਪਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁਲਵੀਰ ਸਿੰਘ, ਮੋਹਿੰਦਰਪਾਲ ਸਿੰਘ ਅਤੇ ਰਾਜ ਕੁਮਾਰ ਨੇ ਦੱਸਿਆ ਕਿ ਉਹ ਪਿਛਲੇ 20 ਸਾਲਾਂ ਤੋਂ ਨਗਰ ਕੌਂਸਲ ਵਿਚ ਪੰਪ ਅਪਰੇਟਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ ਜਿੱਥੋਂ ਉਨ੍ਹਾਂ ਨੂੰ ਸਿਰਫ਼ ਦਸ ਹਜ਼ਾਰ ਰੁਪਏ ਤਨਖਾਹ ਮਿਲਦੀ ਹੈ ਜਿਸ ਨਾਲ ਉਨ੍ਹਾਂ ਨੂੰ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਅਪਰੇਟਰ ਆਪਣੇ ਬੱਚਿਆਂ ਨੂੰ ਚੰਗੀ ਸਿੱਖਿਆ ਅਤੇ ਸਿਹਤ ਸਹੂਲਤਾਂ ਦੇਣ ਤੋਂ ਅਸਮਰੱਥ ਹਨ। ਉਨ੍ਹਾਂ ਕਿਹਾ ਕਿ ਪੰਪ ਅਪਰੇਟਰ ਦੀ ਨੌਕਰੀ ਲਈ ਮੁੱਢਲੀ ਯੋਗਤਾ ਅਤੇ ਲੰਬੇ ਸਮੇਂ ਤੋਂ ਤਜਰਬਾ ਵੀ ਰੱਖਦੇ ਹਨ । ਉਨ੍ਹਾਂ ਮੰਗ ਕੀਤੀ ਕਿ ਭਵਿੱਖ ਦੇ ਮੱਦੇਨਜ਼ਰ ਉਨ੍ਹਾਂ ਨੂੰ ਆਊਟਸੋਰਸ ਦੇ ਅਧਾਰ ’ਤੇ ਨਗਰ ਕੌਂਸਲ ਅਧੀਨ ਕਟਰੈਕਟ ’ਤੇ ਕੀਤਾ ਜਾਵੇ। ਉਨ੍ਹਾਂ ਅਪੀਲ ਕੀਤੀ ਕਿ ਠੇਕੇਦਾਰੀ ਸਿਸਟਮ ਖਤਮ ਕਰਕੇ ਸਿੱਧੇ ਤੌਰ ’ਤੇ ਨਗਰ ਕੌਂਸਲ ਵੱਲੋਂ ਤਨਖਾਹ ਮੁਲਾਜ਼ਮਾਂ ਦੇ ਬੈਂਕ ਖਾਤੇ ਵਿਚ ਪਾਈ ਜਾਵੇ। ਇਸ ਮੌਕੇ ਕੈਬਨਿਟ ਮੰਤਰੀ ਸੌਂਦ ਨੇ ਭਰੋਸਾ ਦਿਵਾਇਆ ਕਿ ਉਹ ਪੰਪ ਅਪਰੇਟਰਾਂ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਕਰਕੇ ਹੱਲ ਕਰਵਾਉਣਗੇ।
ਇਸ ਮੌਕੇ ਕਿਰਨਦੀਪ ਸਿੰਘ, ਵਿਕਰਮ ਕੁਮਾਰ, ਹਰਪ੍ਰੀਤ ਸਿੰਘ, ਜਸਵਿੰਦਰ ਸਿੰਘ, ਗੌਤਮ ਗੁਪਤਾ, ਬਲਵਿੰਦਰ ਸਿੰਘ, ਜਪਿੰਦਰ ਕੌਰ, ਪਰਮਜੀਤ ਸਿੰਘ ਆਦਿ ਹਾਜ਼ਰ ਸਨ।