ਪੱਛਮੀ ਬੰਗਾਲ: ਸੁਪਰੀਮ ਕੋਰਟ ਵੱਲੋਂ ਵਾਧੂ ਆਸਾਮੀਆਂ ਦੀ ਸੀਬੀਆਈ ਜਾਂਚ ਦੇ ਨਿਰਦੇਸ਼ ਖਾਰਜ
ਨਵੀਂ ਦਿੱਲੀ, 8 ਅਪਰੈਲ
ਸੁਪਰੀਮ ਕੋਰਟ ਨੇ ਅੱਜ ਕਲਕੱਤਾ ਹਾਈ ਕੋਰਟ ਦੇ ਉਨ੍ਹਾਂ ਹੁਕਮਾਂ ਨੂੰ ਖਾਰਜ ਕਰ ਦਿੱਤਾ, ਜਿਨ੍ਹਾਂ ਵਿੱਚ ਸੂਬੇ ਵੱਲੋਂ ਸੰਚਾਲਿਤ ਅਤੇ ਸਹਾਇਤਾ ਪ੍ਰਾਪਤ ਸਕੂਲਾਂ ’ਚ ਵਾਧੂ ਆਸਾਮੀਆਂ ਦੀ ਸਿਰਜਣਾ ਦੇ ਪੱਛਮੀ ਬੰਗਾਲ ਮੰਤਰੀ ਮੰਡਲ ਦੇ ਫੈਸਲੇ ਦੀ ਸੀਬੀਆਈ ਜਾਂਚ ਦਾ ਹੁਕਮ ਦਿੱਤਾ ਗਿਆ ਸੀ। ਹਾਲਾਂਕਿ, ਚੀਫ਼ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਸੰਜੇ ਕੁਮਾਰ ਦੇ ਬੈਂਚ ਨੇ ਇਹ ਸਪੱਸ਼ਟ ਕਰ ਦਿੱਤਾ ਕਿ ਪੱਛਮੀ ਬੰਗਾਲ ਦੇ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ’ਚ 25,753 ਅਧਿਆਪਕਾਂ ਅਤੇ ਮੁਲਾਜ਼ਮਾਂ ਦੀਆਂ ਨਿਯੁਕਤੀਆਂ ਨਾਲ ਸਬੰਧਤ ਹੋਰ ਪਹਿਲੂਆਂ ਦੀ ਜਾਂਚ ਜਾਰੀ ਰਹੇਗੀ। ਬੈਂਚ ਨੇ ਕਿਹਾ, ‘‘ਉਪਰੋਕਤ ਚਰਚਾ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਡਾ ਮੰਨਣਾ ਹੈ ਕਿ ਕਲਕੱਤਾ ਹਾਈ ਕੋਰਟ ਵੱਲੋਂ ਵਾਧੂ ਆਸਾਮੀਆਂ ਦੇ ਸਿਰਜਣਾ ਦੇ ਮੁੱਦੇ ਨੂੰ ਸੀਬੀਆਈ ਦੇ ਸਪੁਰਦ ਕਰਨਾ ਉਚਿਤ ਨਹੀਂ ਸੀ।’’ -ਪੀਟੀਆਈ
ਰਾਹੁਲ ਵੱਲੋਂ ਰਾਸ਼ਟਰਪਤੀ ਨੂੰ ਦਖ਼ਲ ਦੇਣ ਦੀ ਅਪੀਲ
ਨਵੀਂ ਦਿੱਲੀ: ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਪੱਤਰ ਲਿਖਿਆ ਹੈ। ਰਾਹੁਲ ਨੇ ਰਾਸ਼ਟਰਪਤੀ ਨੂੰ ਅਪੀਲ ਕੀਤੀ ਹੈ ਕਿ ਉਹ ਪੱਛਮੀ ਬੰਗਾਲ ਦੇ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ’ਚ 25,753 ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਨਾਲ ਜੁੜੇ ਮਾਮਲੇ ਵਿੱਚ ਦਖ਼ਲ ਦੇਣ ਅਤੇ ਸਰਕਾਰ ਨੂੰ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਦੇਣ ਕਿ ਨਿਰਪੱਖ ਤਰੀਕੇ ਤੋਂ ਚੁਣੇ ਗਏ ਉਮੀਦਵਾਰਾਂ ਨੂੰ ਸੇਵਾ ਜਾਰੀ ਰੱਖਣ ਦੀ ਇਜਾਜ਼ਤ ਮਿਲੇ। -ਪੀਟੀਆਈ