ਫਰਮ ਮਾਲਕ 80 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 19 ਅਪਰੈਲ
ਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਅੰਮ੍ਰਿਤਸਰ ਜ਼ੋਨ ਨੇ ਦਿੱਲੀ ਦੇ ਬਵਾਨਾ ਕੋਲੋਂ 80 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ ਜ਼ਬਤ ਕੀਤੀਆਂ ਹਨ। ਇਸ ਸਬੰਧੀ ਦਵਾਈਆਂ ਬਣਾਉਣ ਵਾਲੀ ਫਰਮ ਦੇ ਮਾਲਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਦਿੱਲੀ ਦਾ ਰਹਿਣ ਵਾਲਾ ਹੈ। ਐੱਨਸੀਬੀ ਦੇ ਸੂਤਰਾਂ ਨੇ ਦੱਸਿਆ ਕਿ ਮੁਲਜ਼ਮ ਨੂੰ ਦਿੱਲੀ ਦੇ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਕਥਿਤ ਤੌਰ ’ਤੇ ਦੇਸ਼ ਤੋਂ ਬਾਹਰ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਜਾਂਚ ਏਜੰਸੀ ਵੱਲੋਂ ਮੁਲਜ਼ਮ ਵਿਰੁੱਧ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਗਿਆ ਸੀ। ਚੀਫ ਜੁਡੀਸ਼ਲ ਮੈਜਿਸਟ੍ਰੇਟ ਦੀ ਅਦਾਲਤ ਨੇ ਮੁਲਜ਼ਮ ਨੂੰ ਚਾਰ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਸੂਤਰਾਂ ਨੇ ਦਸਿਆ ਕਿ ਕੌਸ਼ਿਕ ਸ਼ੁਰੂ ਵਿੱਚ ਇੱਕ ਡਿਸਟ੍ਰੀਬਿਊਟਰ ਸੀ ਪਰ ਬਾਅਦ ਵਿੱਚ ਉਸ ਨੇ ਦਿੱਲੀ ਵਿੱਚ ਇੱਕ ਫਰਮ ਖੋਲ੍ਹੀ ਸੀ। ਇਸੇ ਤਰ੍ਹਾਂ ਦੇ ਦੋਸ਼ਾਂ ਕਾਰਨ ਉਸ ਦਾ ਲਾਇਸੈਂਸ ਰੱਦ ਕਰ ਦਿੱਤਾ ਗਿਆ ਸੀ ਪਰ ਬਾਅਦ ਵਿੱਚ ਉਸ ਨੇ ਗਲਤ ਤੱਥ ਪੇਸ਼ ਕਰਕੇ ਲਾਇਸੈਂਸ ਪ੍ਰਾਪਤ ਕਰ ਲਿਆ ਸੀ ਅਤੇ ਹਿਮਾਚਲ ਪ੍ਰਦੇਸ਼ ’ਚ ਵੀ ਇੱਕ ਹੋਰ ਫਰਮ ਖੋਲ੍ਹੀ ਸੀ।