ਫ਼ਰੀਦਕੋਟ ਦੇ ਦੋ ਪੁਲੀਸ ਅਫ਼ਸਰਾਂ ਦੀ ਮੁੱਖ ਮੰਤਰੀ ਮੈਡਲ ਲਈ ਚੋਣ
ਬਲਵਿੰਦਰ ਸਿੰਘ ਹਾਲੀ
ਕੋਟਕਪੂਰਾ, 2 ਜਨਵਰੀ
ਗਣਤੰਤਰ ਦਿਵਸ ਮੌਕੇ ਸਨਮਾਨਿਤ ਹੋਣ ਵਾਲੇ ਪੰਜਾਬ ਪੁਲੀਸ ਦੇ ਅਧਿਕਾਰੀਆਂ ਵਿੱਚ ਫਰੀਦਕੋਟ ਜ਼ਿਲ੍ਹੇ ਨਾਲ ਸਬੰਧਤ 2 ਅਫ਼ਸਰਾਂ ਦੇ ਨਾਮ ਵੀ ਸ਼ਾਮਲ ਹਨ। ਇਨ੍ਹਾਂ ਅਫ਼ਸਰਾਂ ਨੂੰ 26 ਜਨਵਰੀ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਵਿੱਚ ਮੁੱਖ ਮੰਤਰੀ ਮੈਡਲ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਸਪੀ ਡਾ. ਪ੍ਰੱਗਿਆ ਜੈਨ ਨੇ ਦੱਸਿਆ ਕਿ ਫਰੀਦਕੋਟ ਦੇ ਐੱਸਪੀ ਡੀ ਜਸਮੀਤ ਸਿੰਘ ਨੂੰ ਫਰੀਦਕੋਟ ਪੁਲੀਸ ਲਈ ਸ਼ਾਨਦਾਰ ਸੇਵਾਵਾਂ ਦੇਣ ਅਤੇ ਗੰਭੀਰ ਅਪਰਾਧਿਕ ਮਾਮਲਿਆਂ ਦੀ ਤਫਤੀਸ਼ ਵਿੱਚ ਅਹਿਮ ਭੂਮਿਕਾ ਨਿਭਾਉਣ ਬਦਲੇ ਇਹ ਮੈਡਲ ਦਿੱਤਾ ਜਾ ਰਿਹਾ ਹੈ ਜਦਕਿ ਇੰਸਪੈਕਟਰ ਸੁਖਮੰਦਰ ਸਿੰਘ ਨੂੰ ਦਫ਼ਤਰੀ ਕੰਮਕਾਜ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ ਕਰਕੇ ਕਰਕੇ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੋਵੇਂ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੁਲੀਸ ਲਈ ਇਹ ਮਾਣ ਵਾਲੀ ਗੱਲ ਹੈ ਅਤੇ ਇਸ ਨਾਲ ਬਾਕੀ ਅਧਿਕਾਰੀਆਂ ਨੂੰ ਵੀ ਮਿਹਨਤ ਨਾਲ ਡਿਊਟੀ ਕਰਨ ਦੀ ਪ੍ਰੇਰਨਾ ਮਿਲੇਗੀ। ਐੱਸਪੀ ਜਸਮੀਤ ਸਿੰਘ ਨੇ ਕਿਹਾ ਕਿ ਇਹ ਮੈਡਲ ਉਨ੍ਹਾਂ ਲਈ ਪ੍ਰੇਰਨਾ ਸਰੋਤ ਹੈ ਅਤੇ ਅੱਗੇ ਤੋਂ ਵੀ ਉਹ ਵੱਖ-ਵੱਖ ਚੁਣੌਤੀਆਂ ਨੂੰ ਸਵੀਕਾਰ ਕਰਦੇ ਹੋਏ ਆਪਣੀ ਜ਼ਿਮੇਵਾਰੀ ਨਿਭਾਉਣਗੇ। ਇੰਸਪੈਕਟਰ ਸੁਖਮੰਦਰ ਸਿੰਘ ਨੇ ਕਿਹਾ ਕਿ ਮੈਡਲ ਉਨ੍ਹਾਂ ਲਈ ਵਿਅਕਤੀਗਤ ਤੌਰ ’ਤੇ ਕਾਫੀ ਅਹਿਮੀਅਤ ਰੱਖਦਾ ਹੈ ਅਤੇ ਉਹ ਆਪਣੇ ਸਾਥੀ ਕਰਮਚਾਰੀਆਂ ਨੂੰ ਇਹ ਮੈਡਲ ਸਮਰਪਿਤ ਕਰਦੇ ਹਨ, ਕਿਉਂਕਿ ਇਹ ਉਨ੍ਹਾਂ ਦੀ ਮਦਦ ਨਾਲ ਹੀ ਮਿਲਿਆ ਹੈ।