ਫ਼ਸਲੀ ਮੁਆਵਜ਼ਾ: ਬੀਕੇਯੂ ਉਗਰਾਹਾਂ ਵੱਲੋਂ ਡੀਸੀ ਦਫ਼ਤਰ ਅੱਗੇ ਧਰਨਾ
ਜੋਗਿੰਦਰ ਸਿੰਘ ਮਾਨ
ਮਾਨਸਾ, 6 ਫਰਵਰੀ
ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਵੱਲੋਂ ਚਿੱਟੀ ਮੱਖੀ-ਗੁਲਾਬੀ ਸੁੰਡੀ ਅਤੇ ਮੀਂਹਾਂ ਨਾਲ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਦੇਣ ਅਤੇ ਲੰਪੀ ਸਕਿਨ ਬਿਮਾਰੀ ਨਾਲ ਦੁਧਾਰੂ ਗਊਆਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਤੁਰੰਤ ਵੰਡਣ ਦੀ ਮੰਗ ਲਈ ਅੱਜ ਮਾਨਸਾ ਦੇ ਡੀਸੀ ਦਫ਼ਤਰ ਅੱਗੇ ਧਰਨਾ ਦੇ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਅੱਗੇ ਜਥੇਬੰਦੀ ਵੱਲੋਂ ਕਈ ਦਿਨਾਂ ਤੱਕ ਧਰਨਾ ਦੇ ਕੇ ਸੰਘਰਸ਼ ਲੜਿਆ ਗਿਆ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਮੰਨਿਆ ਸੀ ਕਿ ਗੁਲਾਬੀ ਸੁੰਡੀ, ਚਿੱਟੀ ਮੱਖੀ ਅਤੇ ਬੇਮੌਸਮੀ ਬਾਰਸ਼ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਕਿਸਾਨਾਂ ਨੂੰ ਦਿੱਤਾ ਜਾਵੇਗਾ। ਦੁਧਾਰੂ ਗਊਆਂ ਦੇ ਹੋਏ ਨੁਕਸਾਨ ਦੀ ਭਰਪਾਈ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਪੰਜਾਬ ਸਰਕਾਰ ਵੱਲੋਂ ਕਿਸੇ ਵੀ ਕਿਸਾਨ ਨੂੰ ਇੱਕ ਵੀ ਧੇਲਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਆਰਥਿਕ ਪੱਖੋਂ ਕਿਸਾਨ ਟੁੱਟ ਚੁੱਕੇ ਕਿਸਾਨਾਂ ਦੀ ਸਰਕਾਰ ਨੇ ਅਜੇ ਤੱਕ ਸਾਰ ਨਹੀਂ ਲਈ ਹੈ। ਉਨ੍ਹਾਂ ਕਿਹਾ ਕਿ ਜ਼ੀਰਾ ਸ਼ਰਾਬ ਫੈਕਟਰੀ ਦੇ ਮਾਲਕਾਂ ਦੀ ਸੁਣਵਾਈ ਸਰਕਾਰ ਤੁਰੰਤ ਕਰਦੀ ਹੈ।
ਕਿਸਾਨ ਆਗੂ ਨੇ ਕਿਹਾ ਕਿ ਜਿਹੜੇ ਕਿਸਾਨ ਖੇਤੀ ਮੋਟਰ ਕੁਨੈਕਸ਼ਨਾਂ ਤੋਂ ਵਾਂਝੇ ਹਨ, ਉਨ੍ਹਾਂ ਨੂੰ ਪਹਿਲ ਦੇ ਆਧਾਰ ‘ਤੇ ਟਿਊਬਵੈਲ ਕੁਨੈਕਸ਼ਨ ਜਾਰੀ ਕੀਤੇ ਜਾਣ ਅਤੇ ਮਜ਼ਦੂਰਾਂ ਨੂੰ ਨਰਮਾ ਚੁਗਾਈ ਦਾ ਮੁਆਵਜ਼ਾ ਤੁਰੰਤ ਦਿੱਤਾ ਜਾਵੇ ਆਦਿ।
ਇਸ ਮੌਕੇ ਜੋਗਿੰਦਰ ਸਿੰਘ ਦਿਆਲਪੁਰਾ, ਉੱਤਮ ਸਿੰਘ ਰਾਮਾਨੰਦੀ, ਭਾਨ ਸਿੰਘ ਬਰਨਾਲਾ, ਬਲਵੰਤ ਸਿੰਘ ਰੜ੍ਹ, ਹਰਪਾਲ ਸਿੰਘ ਸਰਦੂਲਗੜ੍ਹ, ਕੁਲਦੀਪ ਸਿੰਘ ਚਚੋਹਰ, ਸੁਖਪਾਲ ਸਿੰਘ ਕਾਲਾ ਮੰਡੇਰ, ਜਸਵਿੰਦਰ ਕੌਰ, ਜੋਤੀ ਕੌਰ, ਸਿੰਦਰ ਕੌਰ ਅਤੇ ਜਗਰਾਜ ਸਿੰਘ ਮਾਨਸਾ ਨੇ ਵੀ ਸੰਬੋਧਨ ਕੀਤਾ।