ਫਾਇਰ ਕਰਮਚਾਰੀ ਅੱਜ ਕਰਨਗੇ ਡਾਇਰੈਕਟਰ ਦੇ ਦਫ਼ਤਰ ਅੱਗੇ ਪ੍ਰਦਰਸ਼ਨ
ਪੱਤਰ ਪ੍ਰੇਰਕ
ਰਤੀਆ, 11 ਜੂਨ
ਅੱਜ ਜ਼ਿਲ੍ਹਾ ਫਤਿਹਾਬਾਦ ਦੇ ਫਾਇਰ ਬ੍ਰਿਗੇਡ ਕਰਮਚਾਰੀਆਂ ਦੀ ਮੀਟਿੰਗ ਜ਼ਿਲ੍ਹਾ ਮੁਖੀ ਰਘੁਵੀਰ ਡਾਂਗਰਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਫੈਸਲਾ ਕੀਤਾ ਗਿਆ ਕਿ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ 12 ਜੂਨ ਨੂੰ ਡਾਇਰੈਕਟਰ ਦੇ ਦਫ਼ਤਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਤੋਂ ਬਾਅਦ ਕਰਮਚਾਰੀਆਂ ਨੇ ਡਾਇਰੈਕਟਰ ਦੇ ਨਾਮ ਫਾਇਰ ਬ੍ਰਿਗੇਡ ਅਧਿਕਾਰੀ ਨੂੰ ਮੰਗ ਪੱਤਰ ਦਿੱਤਾ, ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਮੁਖੀ ਰਘੁਵੀਰ ਡਾਂਗਰਾ ਨੇ ਕੀਤੀ। ਅੱਜ ਦੇ ਵਿਰੋਧ ਪ੍ਰਦਰਸ਼ਨ ਵਿੱਚ ਸੂਬਾ ਸਕੱਤਰ ਸਤਵੀਰ ਸਹਾਰਨ, ਬਲਾਕ ਜਾਖਲ ਮੁਖੀ ਵਰਿੰਦਰ ਨੈਣ, ਫਾਇਰਮੈਨ ਅਵਤਾਰ ਸਿੰਘ, ਭੂਨਾ, ਬਲਾਕ ਮੁਖੀ ਨਰਿੰਦਰ ਕੰਬੋਜ, ਫਾਇਰਮੈਨ ਗੰਗਾ ਸਿੰਘ, ਪਵਨ ਕੁਮਾਰ, ਪੰਕਜ ਭਾਦੂ, ਮਹਿੰਦਰ ਸਿੰਘ, ਇੰਦਰ ਸਿੰਘ, ਜੈਪ੍ਰਕਾਸ਼, ਸੁਖਵਿੰਦਰ ਸਿੰਘ, ਜੈ ਸਿੰਘ ਹਾਜ਼ਰ ਸਨ। ਜ਼ਿਲ੍ਹਾ ਮੁਖੀ ਰਘੁਵੀਰ ਡਾਂਗਰਾ ਨੇ ਕਿਹਾ ਕਿ ਲੰਬੇ ਸਮੇਂ ਤੋਂ ਫਾਇਰ ਬ੍ਰਿਗੇਡ ਕਰਮਚਾਰੀ ਆਪਣੀਆਂ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਹਨ ਪਰ ਸਰਕਾਰ ਦੇ ਉੱਚ ਅਧਿਕਾਰੀ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੇ ਹਨ। ਇਸ ਕਾਰਨ ਫਾਇਰ ਬ੍ਰਿਗੇਡ ਕਰਮਚਾਰੀ ਬਹੁਤ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਫਾਇਰ ਬ੍ਰਿਗੇਡ ਕਰਮਚਾਰੀ ਪਹਿਲਾਂ ਵੀ ਕਈ ਵਾਰ ਬਲਾਕ ਅਤੇ ਜ਼ਿਲ੍ਹਾ ਪੱਧਰ ’ਤੇ ਵਿਰੋਧ ਪ੍ਰਦਰਸ਼ਨ ਕਰ ਚੁੱਕੇ ਹਨ ਪਰ ਉਨ੍ਹਾਂ ਦੀਆਂ ਮੰਗਾਂ ਨਹੀਂ ਸੁਣੀਆਂ ਜਾ ਰਹੀਆਂ, ਜਿਸ ਕਾਰਨ ਹੁਣ ਸੂਬੇ ਦੇ ਫਾਇਰ ਬ੍ਰਿਗੇਡ ਕਰਮਚਾਰੀ 12 ਜੂਨ ਨੂੰ ਡਾਇਰੈਕਟਰ ਦਫ਼ਤਰ ਦੇ ਸਾਹਮਣੇ ਪ੍ਰਦਰਸ਼ਨ ਕਰਨਗੇ। ਜੇ ਉਨ੍ਹਾਂ ਦੀਆਂ ਮੰਗਾਂ ਫੇਰ ਵੀ ਪੂਰੀਆਂ ਨਹੀਂ ਹੋਈਆਂ ਤਾਂ ਉਹ ਵੱਡਾ ਵਿਰੋਧ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ।