ਫਾਜ਼ਿਲਕਾ ਪੁਲੀਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਇਆ ਸਰਚ ਅਪਰੇਸ਼ਨ
ਪਰਮਜੀਤ ਸਿੰਘ
ਫਾਜ਼ਿਲਕਾ, 19 ਸਤੰਬਰ
ਜ਼ਿਲ੍ਹਾ ਪੁਲੀਸ ਮੁਖੀ ਵਰਿੰਦਰ ਸਿੰਘ ਬਰਾੜ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਸਮੂਹ ਸਬ ਡਿਵੀਜ਼ਨਾਂ ਵਿੱਚ ਅੱਜ ਸਪੈਸ਼ਲ ਕਾਰਡਨ ਐਂਡ ਸਰਚ ਅਪਰੇਸ਼ਨ ਚਲਾਇਆ ਗਿਆ। ਐਸਐਸਪੀ ਬਰਾੜ ਨੇ ਦੱਸਿਆ ਕਿ ਇਸ ਅਪਰੇਸ਼ਨ ਦੌਰਾਨ ਹਲਕਾ ਨਿਗਰਾਨ ਅਫ਼ਸਰਾਂ ਅਤੇ ਮੁੱਖ ਅਫਸਰਾਂ ਵੱਲੋਂ ਪਲੀਸ ਜਵਾਨਾਂ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਜ਼ਿਲ੍ਹੇ ਦੇ ਬੱਸ ਸਟੈਂਡਾਂ, ਰੇਲਵੇ ਸਟੇਸ਼ਨਾਂ ਅਤੇ ਹੋਰ ਭੀੜ ਭੜੱਕੇ ਵਾਲੀਆਂ ਥਾਵਾਂ ਅਤੇ ਡਰੱਗ ਹੌਟਸਪੌਟ ਖੇਤਰਾਂ ਵਿਚ ਤਲਾਸ਼ੀ ਲਈ ਗਈ। ਇਸ ਦੌਰਾਨ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨਾਂ ’ਤੇ ਆਉਣ ਵਾਲੀਆਂ ਬੱਸਾਂ ਅਤੇ ਰੇਲਗੱਡੀਆਂ ਅਤੇ ਪਾਰਕਿੰਗ ਵਿੱਚ ਖੜ੍ਹੇ ਵਹੀਕਲਾਂ ਦੀ ਚੈਕਿੰਗ ਕੀਤੀ ਗਈ ਅਤੇ ਯਾਤਰੀਆਂ ਪਾਸੋੋਂ ਪੁੱਛ-ਪੜਤਾਲ ਕੀਤੀ ਗਈ। ਇਸ ਅਪਰੇਸ਼ਨ ਦੌਰਾਨ ਜ਼ਿਲ੍ਹਾ ਫਾਜ਼ਿਲਕਾ ਅਧੀਨ ਪੈਂਦੇ 12 ਰੇਲਵੇ ਸਟੇਸ਼ਨਾਂ ਅਤੇ 18 ਬੱਸ ਸਟੈਂਡਾਂ ’ਤੇ ਚੈਕਿੰਗ ਕੀਤੀ ਗਈ। ਇਸ ਦੌਰਾਨ 216 ਸ਼ੱਕੀ ਵਿਅਕਤੀਆਂ ਨੂੰ ਚੈੱਕ ਕੀਤਾ ਗਿਆ ਅਤੇ 2 ਵਿਅਕਤੀਆਂ ਪਾਸੋਂ 5 ਗਰਾਮ ਹੈਰੋਇਨ ਬਰਾਮਦ ਹੋਣ ’ਤੇ ਉਨ੍ਹਾਂ ਖ਼ਿਲਾਫ਼ ਐੱਨਡੀਪੀਐਸ ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਹੈ। ਇਸ ਅਪਰੇਸ਼ਨ ਦੌਰਾਨ 6 ਮੋਟਰਸਾਈਕਲ ਵੀ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ ਐੱਸਐੱਸਪੀ ਵੱਲੋਂ ਆਪਣੇ ਦਫ਼ਤਰ ਵਿੱਚ ਪਬਲਿਕ ਦਰਬਾਰ ਲਾਇਆ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਹਾਜ਼ਰੀ ਲਾ ਕੇ ਆਪਣੇ ਮਸਲੇ ਅਤੇ ਸ਼ਿਕਾਇਤਾਂ ਦਰਜ ਕਰਵਾਈਆਂ। ਐੱਸਐੱਸਪੀ ਬਰਾੜ ਨੇ ਹਰ ਸ਼ਿਕਾਇਤ ਨੂੰ ਧਿਆਨ ਨਾਲ ਸੁਣਿਆ ਅਤੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਮਸਲਿਆਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇਗਾ।