ਫੈਕਟਰੀ ਧਮਾਕਾ: ਖੇਤ ਮਜ਼ਦੂਰ ਯੂਨੀਅਨ ਵੱਲੋਂ ਜ਼ਖ਼ਮੀਆਂ ਨਾਲ ਮੁਲਾਕਾਤ
ਇਕਬਾਲ ਸਿੰਘ ਸ਼ਾਂਤ
ਲੰਬੀ, 31 ਮਈ
ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਲੰਬੀ ਹਲਕੇ ਵਿੱਚ ਗੈਰ-ਕਾਨੂੰਨੀ ਫੈਕਟਰੀ ’ਚ ਵੱਡੇ ਧਮਾਕੇ ਦੀ ਵੱਡੀ ਜਾਂਚ ਮੰਗੀ ਹੈ। ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਲਛਮਣ ਸੇਵੇਵਾਲਾ ਨੇ ਕਿਹਾ ਕਿ ‘ਆਪ’ ਸਰਕਾਰ ਵਿੱਚ ਇੰਨੀ ਵੱਡੀ ਫੈਕਟਰੀ ਦਾ ਬਿਨਾਂ ਮਨਜ਼ੂਰੀ ਚੱਲਦੇ ਰਹਿਣਾ ਸੂਬਾ ਸਰਕਾਰ, ਸੂਹੀਆਂ ਏਜੰਸੀਆਂ ਅਤੇ ਪੁਲੀਸ ਦਾ ਕਾਰਗੁਜ਼ਾਰੀ ’ਤੇ ਵੱਡੇ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਗੈਰਕਾਨੂੰਨੀ ਪਟਾਕਾ ਫੈਕਟਰੀ ਧਮਾਕੇ ਵਿੱਚ ਮਾਰੇ ਪਰਵਾਸੀ ਮਜ਼ਦੂਰਾਂ ਦੇ ਪਰਿਵਾਰਾਂ ਲਈ ਖੇਤੀ ਮੰਤਰੀ ਵੱਲੋਂ ਐਲਾਨੇ ਦੋ-ਦੋ ਲੱਖ ਰੁਪਏ ਦੇ ਮੁਆਵਜ਼ੇ ਨੂੰ ਨਾਕਾਫੀ ਦੱਸਿਆ ਹੈ। ਉਨ੍ਹਾਂ ਮ੍ਰਿਤਕਾਂ ਦੇ ਵਾਰਸਾਂ ਲਈ ਦਸ-ਦਸ ਲੱਖ ਰੁਪਏ ਦੇ ਮੁਆਵਜ਼ੇ ਦੀ ਮੰਗ ਕੀਤੀ ਹੈ। ਸ੍ਰੀ ਸੇਵੇਵਾਲਾ ਨੇ ਕਿਹਾ ਕਿ ਫੈਕਟਰੀ ਮਾਲਕ ਦਾ ਆਮ ਆਦਮੀ ਪਾਰਟੀ ਨਾਲ ਗੂੜ੍ਹਾ ਰਿਸ਼ਤਾ ਇਸ ਗੈਰਕਾਨੂੰਨੀ ਫੈਕਟਰੀ ਸਰਕਾਰੀ ’ਤੇ ਕਾਰਵਾਈ ’ਚ ਅੜਿੱਕਾ ਬਣਿਆ ਜਾਪਦਾ ਹੈ ਜਿਸਦੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ। ਫੈਕਟਰੀ ਮਾਲਕ ਤੋਂ ਇਲਾਵਾ ਦੋਸ਼ੀ ਪਾਏ ਜਾਣ ਵਾਲਿਆਂ ਨੂੰ ਮਿਸਾਲੀ ਸਜ਼ਾਵਾਂ ਦੇਣ ਦੀ ਮੰਗ ਵੀ ਕੀਤੀ। ਇਸ ਦੌਰਾਨ ਭਾਕਿਯੂ ਏਕਤਾ-ਉਗਰਾਹਾਂ ਦੇ ਜ਼ਿਲ੍ਹਾ ਮੀਤ ਪ੍ਰਧਾਨ ਗੁਰਪਾਸ਼ ਸਿੰਘੇਵਾਲਾ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਬਲਾਕ ਪ੍ਰਧਾਨ ਕਾਲਾ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਤੇ ਖੇਤ ਮਜ਼ਦੂਰਾਂ ਵੱਲੋਂ ਸਿਵਲ ਹਸਪਤਾਲ ਬਾਦਲ ’ਚ ਜ਼ੇਰੇ ਇਲਾਜ ਜ਼ਖਮੀਆਂ ਦਾ ਹਾਲ-ਚਾਲ ਪੁੱਛਿਆ ਗਿਆ। ਡਾਕਟਰਾਂ ਨਾਲ ਮਿਲ ਕੇ ਜ਼ਖ਼ਮੀਆਂ ਦੇ ਇਲਾਜ ਸਬੰਧੀ ਜਾਣਕਾਰੀ ਲਈ।