ਬਜਟ ’ਚ ਸੈਰ ਸਪਾਟਾ ਸਨਅਤ ਨੂੰ ਨਹੀਂ ਦਿੱਤੀ ਤਰਜੀਹ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 26 ਮਾਰਚ
ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਵਿੱਚ ਸੈਰ ਸਪਾਟਾ ਸਨਅਤ ਨੂੰ ਵੱਡੀ ਤਰਜੀਹ ਨਹੀਂ ਦਿੱਤੀ ਗਈ ਜਦੋਂਕਿ ਇਹ ਮਾਲੀਏ ਦਾ ਵੱਡਾ ਸਰੋਤ ਬਣ ਸਕਦੀ ਹੈ। ਬਜਟ ਵਿੱਚ ਅੰਮ੍ਰਿਤਸਰ ਨੂੰ ਅਣਦੇਖਿਆ ਕਰ ਦਿੱਤਾ ਗਿਆ ਹੈ ਜਿੱਥੇ ਰੋਜ਼ਾਨਾ ਲੱਖਾਂ ਦੀ ਗਿਣਤੀ ਵਿੱਚ ਦੇਸ਼-ਵਿਦੇਸ਼ ਤੋਂ ਸ਼ਰਧਾਲੂ ਆਉਂਦੇ ਹਨ।
ਸੂਬਾ ਸਰਕਾਰ ਵੱਲੋਂ ਬਜਟ ਵਿੱਚ ਸ੍ਰੀ ਆਨੰਦਪੁਰ ਸਾਹਿਬ ਵਿੱਚ ਝੱਜਰ ਬਚੌਲੀ ਵਾਈਲਡ ਲਾਈਫ਼ ਸੈਂਕਚੁਰੀ ਦੇ ਵਿਕਾਸ ਵੱਲ ਵਿਸ਼ੇਸ਼ ਤਵੱਜੋ ਦਿੱਤੀ ਗਈ ਹੈ। ਇਸ ਦੇ ਵਿਸਥਾਰ ਲਈ ਵਿੱਤੀ ਸਾਲ 2025-26 ਵਾਸਤੇ 281 ਕਰੋੜ ਰੁਪਏ ਰੱਖੇ ਗਏ ਹਨ। ਇਸ ਤੋਂ ਇਲਾਵਾ ਨੰਗਲ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਦੀ ਯੋਜਨਾ ਹੈ। ਇਸ ਵਾਸਤੇ ਬੁਨਿਆਦੀ ਢਾਂਚੇ ਨੂੰ ਵਧਾਉਣ ਅਤੇ ਇਸ ਨੂੰ ਪ੍ਰਮੁੱਖ ਸੈਰ ਸਪਾਟਾ ਸਥਾਨ ਵਜੋਂ ਉਤਸ਼ਾਹਿਤ ਕਰਨ ਲਈ 10 ਕਰੋੜ ਰੁਪਏ ਵਿਸ਼ੇਸ਼ ਤੌਰ ’ਤੇ ਰੱਖੇ ਗਏ ਹਨ। ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਸ ਵਿੱਤੀ ਸਾਲ ਦੌਰਾਨ ਸਰਕਾਰ ਵੱਲੋਂ ਯਾਦਗਾਰੀ ਸਮਾਗਮ ਕਰਵਾਉਣ, ਗੁਰੂ ਸਾਹਿਬ ਦੀਆਂ ਯਾਤਰਾਵਾਂ ਨਾਲ ਸਬੰਧਤ ਸਥਾਨਾਂ ’ਤੇ ਬੁਨਿਆਦੀ ਢਾਂਚੇ ਦਾ ਵਿਕਾਸ ਕਰਨ ਅਤੇ ਗੁਰੂ ਸਾਹਿਬ ਵੱਲੋਂ ਸਥਾਪਤ ਕੀਤੇ ਸ਼ਹਿਰ ਸ੍ਰੀ ਆਨੰਦਪੁਰ ਸਾਹਿਬ ਦੇ ਸਰਬਪੱਖੀ ਵਿਕਾਸ ਵੱਲ ਧਿਆਨ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸੇ ਤਰ੍ਹਾਂ ਸ਼ਹੀਦ ਭਗਤ ਸਿੰਘ ਨਗਰ ਵਿੱਚ 54 ਕਰੋੜ ਰੁਪਏ ਦੀ ਲਾਗਤ ਵਾਲੀ ਵਿਰਾਸਤੀ ਸੜਕ ਅਤੇ ਆਡੀਟੋਰੀਅਮ ਬਣਾਉਣ ਦੀ ਤਜਵੀਜ਼ ਹੈ। ਸੂਬੇ ਭਰ ਵਿੱਚ 32 ਸੱਭਿਆਚਾਰਕ ਪ੍ਰੋਗਰਾਮ, ਤਿਉਹਾਰ ਅਤੇ ਇਤਿਹਾਸਕ ਸ਼ਖ਼ਸੀਅਤਾਂ ’ਤੇ ਅਧਾਰਤ ਨਾਟਕ ਖੇਡੇ ਜਾਣਗੇ। ਵੱਖ-ਵੱਖ ਪਹਿਲਕਦਮੀਆਂ ਵਾਸਤੇ 204 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ, ਪਰ ਇਸ ਦੌਰਾਨ ਅੰਮ੍ਰਿਤਸਰ ਸ਼ਹਿਰ, ਹਰੀਕੇ ਪੱਤਣ ਜਲਗਾਹ, ਕਪੂਰਥਲਾ, ਪਟਿਆਲਾ ਅਣਡਿੱਠ ਕੀਤੇ ਗਏ ਹਨ।
ਅੰਮ੍ਰਿਤਸਰ ਦੇ ਸੈਰ ਸਪਾਟੇ ਵਾਸਤੇ ਕੁਝ ਵਿਸ਼ੇਸ਼ ਨਹੀਂ: ਡਾ. ਹਰਪ੍ਰੀਤ ਸਿੰਘ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਟੂਰਿਜ਼ਮ ਵਿਭਾਗ ਦੇ ਅਸਿਸਟੈਂਟ ਪ੍ਰੋਫੈਸਰ ਡਾ. ਹਰਪ੍ਰੀਤ ਸਿੰਘ ਨੇ ਆਖਿਆ ਕਿ ਬਜਟ ਵਿੱਚ ਸੈਰ ਸਪਾਟੇ ਨੂੰ ਵਿਆਪਕ ਪੱਧਰ ’ਤੇ ਉਤਸ਼ਾਹਿਤ ਕਰਨ ਦੀ ਲੋੜ ਸੀ। ਉਨ੍ਹਾਂ ਕਿਹਾ ਕਿ ਦਿੱਲੀ- ਅੰਮ੍ਰਿਤਸਰ-ਕਟੜਾ ਹਾਈਵੇਅ ਬਣ ਰਿਹਾ ਹੈ ਜਿਸ ਨਾਲ ਅੰਮ੍ਰਿਤਸਰ ਵਿੱਚ ਸੈਰ ਸਪਾਟੇ ਨੂੰ ਉਤਸ਼ਾਹ ਮਿਲੇਗਾ, ਪਰ ਸਰਕਾਰ ਵੱਲੋਂ ਬਜਟ ਵਿੱਚ ਅੰਮ੍ਰਿਤਸਰ ਦੇ ਸੈਰ ਸਪਾਟੇ ਵਾਸਤੇ ਕੁਝ ਵਿਸ਼ੇਸ਼ ਨਹੀਂ ਹੈ। ਇਸੇ ਤਰ੍ਹਾਂ ਧਾਰਮਿਕ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਗੁਰੂ ਨਾਨਕ ਦੇਵ ਨਾਲ ਸਬੰਧਤ ਅਸਥਾਨ ਜਿਵੇਂ ਸੁਲਤਾਨਪੁਰ ਲੋਧੀ, ਡੇਰਾ ਬਾਬਾ ਨਾਨਕ ਤੇ ਹੋਰ ਥਾਵਾਂ ਬਾਰੇ ਕੁਝ ਵਿਸ਼ੇਸ਼ ਨਹੀਂ ਹੈ।Advertisementਸਰਕਾਰ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਸੰਜੀਦਾ ਨਹੀਂ: ਜੌਹਲ
ਇੰਡੀਅਨ ਐਸੋਸੀਏਸ਼ਨ ਆਫ਼ ਟੂਰ ਅਪਰੇਟਰਜ਼ ਦੇ ਪੰਜਾਬ ਚੈਪਟਰ ਦੇ ਚੇਅਰਮੈਨ ਗੁਰਿੰਦਰ ਸਿੰਘ ਜੌਹਲ ਨੇ ਪੰਜਾਬ ਸਰਕਾਰ ਵੱਲੋਂ ਸੈਰ ਸਪਾਟੇ ਬਾਰੇ ਰੱਖੇ ਬਜਟ ਨੂੰ ਨਿਰਾਸ਼ਾਜਨਕ ਆਖਿਆ। ਉਨ੍ਹਾਂ ਕਿਹਾ ਕਿ ਬਜਟ ਤੋਂ ਜਾਪਦਾ ਹੈ ਕਿ ਸਰਕਾਰ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਵਾਸਤੇ ਸੰਜੀਦਾ ਨਹੀਂ ਹੈ।