ਬਠਿੰਡਾ ਵਿੱਚ 66.67 ਫ਼ੀਸਦੀ ਵੋਟਿੰਗ
ਸ਼ਗਨ ਕਟਾਰੀਆ
ਬਠਿੰਡਾ, 21 ਦਸੰਬਰ
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਜਨਰਲ ਤੇ ਉਪ ਚੋਣਾਂ ਦੌਰਾਨ ਅੱਜ ਜ਼ਿਲ੍ਹੇ ਭਰ ਵਿੱਚ ਕੁੱਲ 66.67 ਫੀਸਦੀ ਵੋਟਿੰਗ ਹੋਈ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਗਰ ਨਿਗਮ ਬਠਿੰਡਾ ਦੇ 48 ਨੰਬਰ ਵਾਰਡ ਤੇ ਨਗਰ ਕੌਂਸਲ ਗੋਨਿਆਣਾ ਦੇ 9 ਨੰਬਰ ਵਾਰਡ ਤੋਂ ਆਮ ਆਦਮੀ ਪਾਰਟੀ ਦੇ ਉਮਦੀਵਾਰ ਜੇਤੂ ਰਹੇ ਹਨ। ਨਗਰ ਪੰਚਾਇਤ ਲਹਿਰਾ ਮੁਹੱਬਤ ਦੇ 4 ਵੱਖ-ਵੱਖ ਵਾਰਡਾਂ ’ਚੋਂ ਆਮ ਆਦਮੀ ਪਾਰਟੀ ਦਾ 1 ਜੇਤੂ ਰਿਹਾ ਜਦਕਿ 3 ਆਜ਼ਾਦ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ। ਇਸੇ ਤਰ੍ਹਾਂ ਨਗਰ ਕੌਂਸਲ ਤਲਵੰਡੀ ਸਾਬੋ ਦੇ 15 ਵੱਖ-ਵੱਖ ਵਾਰਡਾਂ ’ਚੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ 9 ਸੀਟਾਂ, ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਨੇ 1 ਸੀਟ, ਆਜ਼ਾਦ ਉਮੀਦਵਾਰਾਂ ਨੇ 3 ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੇ 2 ਸੀਟਾਂ ਹਾਸਲ ਕੀਤੀਆਂ। ਇਸੇ ਤਰ੍ਹਾਂ ਨਗਰ ਪੰਚਾਇਤ ਭਾਈਰੂਪਾ ਦੇ 6 ਨੰਬਰ ਵਾਰਡ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਅਤੇ ਨਗਰ ਕੌਂਸਲ ਮੌੜ ਤੋਂ ਆਜ਼ਾਦ ਉਮੀਦਵਾਰ ਜੇਤੂ ਰਹੇ।