ਬਸਪਾ ਵੱਲੋਂ ਹੁਸ਼ਿਆਰਪੁਰ ’ਚ ਸੰਵਿਧਾਨ ਬਚਾਓ ਮਹਾਂ ਰੈਲੀ
ਹੁਸ਼ਿਆਰਪੁਰ (ਪੱਤਰ ਪ੍ਰੇਰਕ): ਬਹੁਜਨ ਸਮਾਜ ਪਾਰਟੀ ਨੇ ਅੱਜ ਇੱਥੇ ਸੰਵਿਧਾਨ ਬਚਾਓ ਮਹਾਂ ਰੈਲੀ ਕੀਤੀ ਜਿਸ ਵਿਚ ਪਾਰਟੀ ਦੇ ਕੌਮੀ ਕਨਵੀਨਰ ਆਕਾਸ਼ ਆਨੰਦ ਉਚੇਚੇ ਤੌਰ ’ਤੇ ਪਹੁੰਚੇ। ਰੈਲੀ ਨੂੰ ਸੰਬੋਧਨ ਕਰਦਿਆਂ ਆਨੰਦ ਨੇ ਕਿਹਾ ਕਿ ਪਾਰਟੀ ਦੇ ਸੰਸਥਾਪਕ ਬਾਬੂ ਕਾਂਸ਼ੀ ਰਾਮ ਨੇ ਸਾਰੀ ਉਮਰ ਪੱਛੜੇ ਵਰਗ ਦੇ ਹੱਕਾਂ ਲਈ ਸੰਘਰਸ਼ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਦੇਸ਼ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਭਾਰਤ ਸਰਕਾਰ ਸਵਰਗੀ ਕਾਂਸ਼ੀ ਰਾਮ ਨੂੰ ਭਾਰਤ ਰਤਨ ਦੇ ਸਨਮਾਨ ਨਾਲ ਨਵਿਾਜੇ। ਉਨ੍ਹਾਂ ਕਿਹਾ ਕਿ ਅੱਜ ਕਾਂਸ਼ੀ ਰਾਮ ਨੂੰ ਸ਼ਰਧਾਂਜਲੀ ਦੇਣ ਲਈ ਹੀ ਇਹ ਰੈਲੀ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਕੋਈ ਸ਼ਕਤੀ ਪ੍ਰਦਰਸ਼ਨ ਨਹੀਂ ਹੈ ਬਲਕਿ ਇਕ ਸ਼ਰਧਾਂਜਲੀ ਸਮਾਗਮ ਹੈ। ਉਨ੍ਹਾਂ ਕਿਹਾ ਕਿ ਐਸ.ਸੀ, ਐਸ.ਟੀ ਤੇ ਓ.ਬੀ.ਸੀ ਲਈ ਉਹ ਹਮੇਸ਼ਾਂ ਯਤਨਸ਼ੀਲ ਰਹੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਬਸਪਾ ਪੂਰੇ ਜੋਰ ਸ਼ੋਰ ਨਾਲ ਲੜੇਗੀ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਹਾਲੇ ਗਠਜੋੜ ਕਾਇਮ ਹੈ ਬਾਕੀ ਸਮਾਂ ਦੱਸੇਗਾ। ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਸਮੇਂ-ਸਮੇਂ ’ਤੇ ਆਈਆਂ ਸਰਕਾਰਾਂ ਨੇ ਹਮੇਸ਼ਾ ਦਲਿਤ ਵਿਰੋਧੀ ਫੈਸਲੇ ਕੀਤੇ। ਉਨ੍ਹਾਂ ਕਿਹਾ ਕਿ ਮੌਜੂਦਾ ਮਾਨ ਸਰਕਾਰ ਨੇ ਵੀ ਸੱਤਾ ਵਿਚ ਆਉਣ ਤੋਂ ਪਹਿਲਾਂ ਕਈ ਗਾਰੰਟੀਆਂ ਦਿੱਤੀਆਂ ਸਨ ਪਰ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ। ਐਸ.ਸੀ ਵਿਦਿਆਰਥੀਆਂ ਦੇ ਵਜ਼ੀਫੇ ਰੋਕੇ ਹੋਏ ਹਨ ਅਤੇ ਨੌਕਰੀਆਂ ਵਿਚ ਪੱਛੜੇ ਵਰਗ ਨੂੰ ਪੂਰੀ ਨੁਮਾਇੰਦਗੀ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਕੇਂਦਰ ਤੇ ਰਾਜ ਸਰਕਾਰ ਦੀਆਂ ਨੀਤੀਆਂ ਕਾਰਨ ਅੱਜ ਵੀ ਇਹ ਵਰਗ ਸਮਾਜਿਕ ਤੇ ਆਰਥਿਕ ਪੱਖੋਂ ਪੱਛੜਿਆ ਹੋਇਆ ਹੈ।