ਬਾਜ਼ਾਰ ’ਚੋਂ ਨਾਜਾਇਜ਼ ਕਬਜ਼ੇ ਹਟਾਏ
ਨਗਰ ਕੌਂਸਲ ਖੰਨਾ ਦੇ ਪ੍ਰਧਾਨ ਕਮਲਜੀਤ ਸਿੰਘ ਲੱਧੜ ਤੇ ਕਾਰਜਸਾਧਕ ਅਫ਼ਸਰ ਚਰਨਜੀਤ ਸਿੰਘ ਉੱਭੀ ਦੀਆਂ ਹਦਾਇਤਾ ਅਨੁਸਾਰ ਤਹਿਬਜ਼ਾਰੀ ਸ਼ਾਖਾ ਦੇ ਇੰਚਾਰਜ ਅਨਿਲ ਕੁਮਾਰ ਗੱਟੂ ਨੇ ਅੱਜ ਆਪਣੀ ਟੀਮ ਨਾਲ ਸ਼ਹਿਰ ਦੀਆਂ ਵੱਖ ਵੱਖ ਥਾਵਾਂ ਤੋਂ ਨਾਜਾਇਜ਼ ਕਬਜ਼ੇ ਹਟਾਏ। ਇਸ ਮੌਕੇ ਕੌਂਸਲ ਟੀਮ ਨੇ ਜਰਨੈਲੀ ਸੜਕ, ਮੰਜਾ ਬਾਜ਼ਾਰ ਅਤੇ ਹੋਰ ਵੱਖ ਵੱਖ ਥਾਵਾਂ ’ਤੇ ਦੁਕਾਨਾਂ ਦੇ ਅੱਗੇ ਸਰਕਾਰੀ ਜ਼ਮੀਨ ’ਤੇ ਪਿਆ ਸਾਮਾਨ ਹਟਾਇਆ ਅਤੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਦੁਕਾਨਦਾਰਾਂ ਦਾ ਮੌਕੇ ’ਤੇ ਸਾਮਾਨ ਜ਼ਬਤ ਕੀਤਾ।
ਇਸ ਮੌਕੇ ਅਧਿਕਾਰੀਆਂ ਨੇ ਸਖ਼ਤ ਚਿਤਾਵਨੀ ਦਿੱਤੀ ਕਿ ਨਿਯਮਾਂ ਦੀ ਉਲੰਘਣਾ ਕਰਕੇ ਵਾਰ ਵਾ ਸੜਕ ਜਾਂ ਫੁੱਟਪਾਥ ’ਤੇ ਸਾਮਾਨ ਰੱਖਣ ਵਾਲੇ ਦੁਕਾਨਦਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਅਨਿਲ ਕੁਮਾਰ ਨੇ ਕਿਹਾ ਕਿ ਸ਼ਹਿਰ ਵਿੱਚ ਕਿਸੇ ਵੀ ਦੁਕਾਨਦਾਰ ਨੂੰ ਨਿਯਮਾਂ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਸ਼ਹਿਰ ਦੀਆਂ ਹੋਰ ਥਾਵਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਜਾਰੀ ਰਹੇਗੀ ਅਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਸਾਰੇ ਦੁਕਾਨਦਾਰ ਆਪਣਾ ਸਾਮਾਨ ਅੰਦਰ ਰੱਖਣ ਤਾਂ ਜੋ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਜਸਵਿੰਦਰ ਸਿੰਘ, ਕੁਲਵਿੰਦਰ ਸਿੰਘ, ਹੈਰੀ ਸ਼ਰਮਾ, ਕ੍ਰਿਸ਼ਨ ਕੁਮਾਰ, ਵਿਕਰਮ, ਵਿੱਕੀ, ਰੋਹਿਤ, ਅਨਿਲ ਕੁਮਾਰ ਤੇ ਹੋਰ ਹਾਜ਼ਰ ਸਨ।