ਬਿਜਲੀ ਉਤਪਾਦਨ ਲਈ ਸਰਕਾਰ ਨੇ ਕੁਝ ਨਹੀਂ ਕੀਤਾ: ਸੁਖਬੀਰ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 6 ਫਰਵਰੀ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ‘ਆਪ’ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੱਖ-ਵੱਖ ਮੁੱਦਿਆਂ ‘ਤੇ ਘੇਰਦਿਆਂ ਦੋਸ਼ ਲਾਇਆ ਕਿ ਸਿਰਫ਼ ਦਸ ਮਹੀਨੇ ਪਹਿਲਾਂ ਸੱਤਾ ਵਿੱਚ ਆਈ ਮੌਜੂਦਾ ਸਰਕਾਰ ਨੇ ਸੂਬੇ ਨੂੰ ਧਰਾਤਲ ਵੱਲ ਧੱਕ ਦਿੱਤਾ ਹੈ। ਉਨ੍ਹਾਂ ‘ਆਪ’ ਸਰਕਾਰ ਦੀ ਸਨਅਤ ਨੀਤੀ, ਬਿਜਲੀ ਪੈਦਾਵਾਰ ਬਾਰੇ ਨੀਤੀ ਤੇ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ‘ਤੇ ਸਵਾਲ ਖੜ੍ਹੇ ਕੀਤੇ। ਉਹ ਅੱਜ ਇੱਥੇ ਸ੍ਰੀ ਦਰਬਾਰ ਸਾਹਿਬ ਸਮੂਹ ਵਿੱਚ ਪਰਿਵਾਰ ਵੱਲੋਂ ਰਖਵਾਏ ਅਖੰਡ ਪਾਠ ਦੇ ਭੋਗ ਵਿੱਚ ਸ਼ਾਮਲ ਹੋਣ ਲਈ ਆਏ ਸਨ। ਸ੍ਰੀ ਬਾਦਲ ਨੇ ਕਿਹਾ ਕਿ ‘ਆਪ’ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਇਕ ਵੀ ਯੂਨਿਟ ਬਿਜਲੀ ਪੈਦਾ ਕਰਨ ਦਾ ਕੋਈ ਨਵਾਂ ਪ੍ਰਬੰਧ ਨਹੀਂ ਕੀਤਾ ਹੈ। ਸੂਬੇ ਦੀਆਂ ਬਿਜਲੀ ਦੀਆਂ ਲੋੜਾਂ ਦੀ ਪੂਰਤੀ ਸਿਰਫ਼ ਰਾਜਪੁਰਾ ਤੇ ਤਲਵੰਡੀ ਸਾਬੋ ਥਰਮਲ ਪਲਾਂਟ ਕਰ ਰਹੇ ਹਨ, ਜੋ ਅਕਾਲੀ ਸਰਕਾਰ ਵੇਲੇ ਲਗਾਏ ਗਏ ਸਨ। ਉਨ੍ਹਾਂ ਕਿਹਾ ਕਿ ਇਹ ਥਰਮਲ ਪਲਾਂਟ ਸੂਬੇ ਨੂੰ 2 ਰੁਪਏ 80 ਪੈਸੇ ਪ੍ਰਤੀ ਯੂਨਿਟ ਦੀ ਦਰ ‘ਤੇ ਬਿਜਲੀ ਸਪਲਾਈ ਕਰ ਰਹੇ ਹਨ, ਜਦਕਿ ‘ਆਪ’ ਸਰਕਾਰ ਬਿਜਲੀ ਦੀ ਮੰਗ ਪੂਰੀ ਕਰਨ ਲਈ ਬਾਹਰੋਂ 8 ਤੋਂ 10 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਜਲੀ ਖਰੀਦ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿੱਚ ਗੈਂਗਸਟਰਾਂ ਦੀਆਂ ਵਧ ਰਹੀਆਂ ਗਤੀਵਿਧੀਆਂ ਤੇ ਫਿਰੌਤੀ ਮੰਗਣ ਦੀਆਂ ਘਟਨਾਵਾਂ ਕਾਰਨ ਸਨਅਤਕਾਰ ਸੂਬੇ ਤੋਂ ਬਾਹਰ ਜਾਣ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ ਵਾਰ ਵਾਰ ਪੈਰੋਲ ਛੁੱਟੀ ਦੇਣ ਦਾ ਵੀ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਦਾ ਸਿਆਸੀ ਏਜੰਡਾ ਪੂਰਨ ਲਈ ਇਹ ਪੈਰੋਲ ਦਿੱਤੀ ਜਾ ਰਹੀ ਹੈ।
‘ਆਪ’ ਦੇ ਝੂਠ ਦਾ ਭਾਂਡਾ ਭੰਨੇਗਾ ਮਹਿਲਾ ਵਿੰਗ: ਹਰਸਿਮਰਤ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਇੱਥੇ ਪਾਰਟੀ ਦੀਆਂ ਮਹਿਲਾ ਆਗੂਆਂ ਨਾਲ ਮੀਟਿੰਗ ਕਰਕੇ ਪੰਜਾਬ ਦੀ ‘ਆਪ’ ਸਰਕਾਰ ਦੇ ਝੂਠ ਦਾ ਪਰਦਾਫਾਸ਼ ਕਰਨ ਦਾ ਸੱਦਾ ਦਿੱਤਾ ਹੈ। ਪਾਰਟੀ ਵੱਲੋਂ ਦਲ ਦੀ ਮਹਿਲਾ ਵਿੰਗ ਦੀ ਕਮਾਨ ਹਾਲੇ ਕਿਸੇ ਆਗੂ ਨੂੰ ਸੌਂਪੀ ਨਹੀਂ ਗਈ ਹੈ। ਬੀਬਾ ਬਾਦਲ ਨੇ ਕਿਹਾ ਕਿ ਪਾਰਟੀ ਦੇ ਹੋਰਨਾਂ ਵਿੰਗਾਂ ਵਾਂਗ ਮਹਿਲਾ ਵਿੰਗ ਨੂੰ ਸਰਗਰਮ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਝੂਠੀਆਂ ਗਾਰੰਟੀਆਂ ਦੇ ਕੇ ਗੁਮਰਾਹ ਕੀਤਾ ਹੈ। ਸੂਬੇ ਦੀਆਂ ਮਹਿਲਾਵਾਂ ਨੂੰ ‘ਆਪ’ ਵੱਲੋਂ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦੀ ਗਾਰੰਟੀ ਦਿੱਤੀ ਗਈ ਸੀ, ਜੋ ਹੁਣ ਤੱਕ ਪੂਰੀ ਨਹੀਂ ਹੋਈ ਹੈ।