ਬਿਜਲੀ ਕਾਮਿਆਂ ਨੇ ਲਗਾਤਾਰ ਤੀਜੇ ਦਿਨ ਠੱਪ ਰੱਖਿਆ ਕੰਮਕਾਰ
ਜੋਗਿੰਦਰ ਸਿੰਘ ਮਾਨ
ਮਾਨਸਾ, 12 ਸਤੰਬਰ
ਪੰਜਾਬ ਸਰਕਾਰ ਖਿਲਾਫ਼ ਬਿਜਲੀ ਦਫ਼ਤਰਾਂ ਵਿੱਚ ਲਗਾਤਾਰ ਹੜਤਾਲ ਕਰ ਰਹੇ ਬਿਜਲੀ ਕਾਮਿਆਂ ਦੀਆਂ ਜਥੇਬੰਦੀਆਂ ਪੀ.ਐਸ.ਈ.ਬੀ. ਐਪਲਾਈਜ਼ ਜੁਆਇੰਟ ਫੋਰਮ ਪੰਜਾਬ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਵੱਲੋਂ ਅੱਜ 17 ਸਤੰਬਰ ਤੱਕ ਸਮੂਹਿਕ ਛੁੱਟੀ ਲੈਕੇ ਹੜਤਾਲ ਨੂੰ ਵਧਾ ਦਿੱਤਾ ਹੈ। ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਬਿਜਲੀ ਕਾਮਿਆਂ ਨੂੰ ਹੜਤਾਲ ਤੋਂ ਵਾਪਸ ਲਿਜਾਣ ਲਈ ਕੋਈ ਸਮਝੌਤਾ ਸਿਰੇ ਨਹੀਂ ਚੜ੍ਹ ਸਕਿਆ ਹੈ।
ਅਰਧ-ਸ਼ਹਿਰੀ ਦਫ਼ਤਰ ਮਾਨਸਾ ਅੱਗੇ ਲਾਏ ਧਰਨੇ ਦੇ ਤੀਜੇ ਦਿਨ ਦੌਰਾਨ ਬਿਜਲੀ ਕਾਮਿਆਂ ਨੇ ਆਪਣੀ ਸਮੂਹਿਕ ਛੁੱਟੀ ਵਿੱਚ 17 ਸਤੰਬਰ ਤੱਕ ਵਾਧਾ ਕਰਦਿਆਂ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਦੇ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਬੁਲਾਰਿਆਂ ਨੇ ਕਿਹਾ ਕਿ 31 ਜੁਲਾਈ ਨੂੰ ਬਿਜਲੀ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਕਾਫੀ ਮੰਗਾਂ ’ਤੇ ਦਿੱਤੇ ਮੰਗ ਪੱਤਰ ਅਨੁਸਾਰ ਆਪਸੀ ਸਹਿਮਤੀਆਂ ਬਣੀਆਂ ਸਨ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਬਿਜਲੀ ਮੰਤਰੀ ਨੇ 15 ਅਗਸਤ ਤੱਕ ਮੰਨੀਆਂ ਮੰਗਾਂ ਲਾਗੂ ਕਰਨ ਦਾ ਵਿਸ਼ਵਾਸ਼ ਦਿਵਾਇਆ ਸੀ, ਪਰ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਪਹਿਲਾਂ ਦੀ ਤਰ੍ਹਾਂ ਵਾਅਦਾਖਿਲਾਫ਼ੀ ਕਰ ਰਹੀ ਹੈ।
ਦੋਦਾ (ਪੱਤਰ ਪ੍ਰੇਰਕ): ਪੀਐਸਈਬੀ ਐਂਪਲਾਈਜ਼ ਜੁਆਇੰਟ ਫੋਰਮ ਪੰਜਾਬ, ਬਿਜਲੀ ਮੁਲਾਜਮ ਏਕਤਾ ਮੰਚ, ਐਸੋਸੀਏਸ਼ਨ ਆਫ ਜੇਈਜ਼ ਅਤੇ ਟੀਐਸ ਯੂ ਭੰਗਲ ਪੰਜਾਬ ਦੇ ਸਾਂਝੇ ਸੱਦੇ ਉਤੇ ਬਿਜਲੀ ਮੁਲਾਜ਼ਮਾਂ ਵੱਲੋਂ ਅੱਜ ਤੀਜੇ ਦਿਨ ਵੀ ਰੋਸ ਪ੍ਰਦਰਸ਼ਨ ਕੀਤਾ ਗਿਆ।
ਬਿਜਲੀ ਠੱਪ ਹੋਣ ਕਾਰਨ ਕਿਸਾਨਾਂ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
ਬਰਨਾਲਾ/ਧਨੌਲਾ (ਰਵਿੰਦਰ ਰਵੀ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਲਾਕ ਪ੍ਰਧਾਨ ਬਲੋਰ ਸਿੰਘ ਛੰਨ੍ਹਾ ਦੀ ਅਗਵਾਈ ’ਚ ਪਿਛਲੇ ਚਾਰ ਦਿਨਾਂ ਤੋਂ ਬਿਜਲੀ ਬੋਰਡ ਦੇ ਸਮੂਹ ਕਰਮਚਾਰੀਆਂ ਦੇ ਹੜਤਾਲ ਤੇ ਜਾਣ ਕਰਕੇ ਪਿੰਡਾਂ ਦੇ ਖੇਤੀਬਾੜੀ ਸੈਕਟਰ ਦੀ ਬਿਜਲੀ ਪਿਛਲੇ ਤਿੰਨ ਦਿਨਾਂ ਤੋਂ ਬੰਦ ਹੋਣ ਕਾਰਨ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂ ਬਲੋਰ ਸਿੰਘ ਛੰਨਾਂ, ਜਰਨੈਲ ਸਿੰਘ ਜਵੰਧਾ ਪਿੰਡੀ ਤੇ ਹੋਰਨਾਂ ਨੇ ਕਿਹਾ ਕਿ ਕਿਸਾਨਾਂ ਨੇ ਪੁੱਤਾਂ ਵਾਂਗ ਪਾਲੀ ਝੋਨੇ ਦੀ ਫਸਲ ਨੂੰ ਅਖੀਰਲਾ ਪਾਣੀ ਲਾਉਣਾ ਹੈ ਪਰ ਬਿਜਲੀ ਬੋਰਡ ਦੇ ਮੁਲਾਜ਼ਮਾਂ ਦੇ ਹੜਤਾਲ ’ਤੇ ਜਾਣ ਕਰਕੇ ਸਮੁੱਚੇ ਪਿੰਡਾਂ ਦੇ ਖੇਤਾਂ ਦੀ ਬਿਜਲੀ ਪਿਛਲੇ ਚਾਰ ਦਿਨਾਂ ਤੋਂ ਬੰਦ ਪਈ ਹੈ ਜਿਸ ਨਾਲ ਝੋਨੇ ਦੀ ਫਸਲ ਬਰਬਾਦ ਹੋ ਰਹੀ ਹੈ।