ਬਿਜਲੀ ਕਾਮਿਆਂ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
ਸੁੱਚਾ ਸਿੰਘ ਪਸਨਾਵਾਲ
ਕਾਦੀਆਂ, 30 ਦਸੰਬਰ
ਅੱਜ ਇਥੇ ਟੈਕਨੀਕਲ ਸਰਵਿਸ ਯੂਨੀਅਨ ਮੰਡਲ ਕਾਦੀਆਂ, ਐਂਪਲਾਈਜ਼ ਫੈਡਰੇਸ਼ਨ ਚਾਹਲ, ਐਂਪਲਾਈਜ਼ ਫੈਡਰੇਸ਼ਨ ਏਟਕ ਆਦਿ ਬਿਜਲੀ ਮੁਲਾਜ਼ਮ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਕਿਸਾਨੀ ਮੰਗਾਂ ਦੇ ਚੱਲ ਰਹੇ ਸੰਘਰਸ਼ ਦੀ ਹਮਾਇਤ ਕਰਦੇ ਹੋਏ ਅਤੇ ਚੰਡੀਗੜ੍ਹ ਅਤੇ ਯੂਪੀ ਵਿੱਚ ਬਿਜਲੀ ਮਹਿਕਮੇ ਦੇ ਨਿੱਜੀਕਰਨ ਦੇ ਵਿਰੋਧ ਵਿੱਚ ਰੋਸ ਪ੍ਰਦਰਸਨ ਕਰਕੇ ਕੇਂਦਰ ਅਤੇ ਪੰਜਾਬ ਸਰਕਾਰ ਦੀ ਅਰਥੀ ਸਾੜੀ ਅਤੇ ਨਾਅਰੇਬਾਜ਼ੀ ਕੀਤੀ। ਪਾਵਰਕੌਮ ਸਬ-ਡਿਵੀਜ਼ਨ ਕਾਦੀਆਂ ਦੇ ਬਿਜਲੀ ਕਾਮਿਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਖਨੌਰੀ ਅਤੇ ਸ਼ੰਭੂ ਬਾਰਡਰ ’ਤੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਕਰਕੇ ਮਸਲੇ ਹੱਲ ਕੀਤੇ ਜਾਣ। ਬਿਜਲੀ ਮੁਲਾਜ਼ਮ ਆਗੂਆਂ ਨੇ ਕਿਹਾ ਕੇਂਦਰ ਸਰਕਾਰ ਵੱਲੋਂ ਸਰਕਾਰੀ ਅਦਾਰਿਆਂ ਨੂੰ ਨਿੱਜੀ ਕੰਪਨੀਆਂ ਦੇ ਹਵਾਲੇ ਕਰਕੇ ਕਾਰਪੋਰੇਟ ਘਰਾਣਿਆਂ ਦੇ ਹਿੱਤ ਪੂਰੇ ਜਾ ਰਹੇ ਹਨ। ਉਨ੍ਹਾਂ ਨੇ ਮੰਗ ਕੀਤੀ ਕਿ ਕਿਸਾਨਾਂ ਦੀਆਂ ਮੰਗਾਂ ਦੀ ਪੂਰਤੀ ਕੀਤੀ ਜਾਵੇ, ਬਿਜਲੀ ਸੋਧ ਬਿੱਲ 2022 ਰੱਦ ਕੀਤਾ ਜਾਵੇ, ਲੇਬਰ ਐਕਟ ਵਿੱਚ ਮਜ਼ਦੂਰ ਵਿਰੋਧੀ ਕੀਤੀਆਂ ਸੋਧਾਂ ਰੱਦ ਕਰ ਕੇ ਪਹਿਲੇ ਵਾਲੇ ਮਜ਼ਦੂਰ ਪੱਖੀ ਨਿਯਮ ਬਹਾਲ ਰੱਖੇ ਜਾਣ, ਹਰ ਤਰ੍ਹਾਂ ਦੇ ਠੇਕਾ ਕਾਮੇ ਪੱਕੇ ਕੀਤੇ ਜਾਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਸਰਕਾਰੀ ਅਦਾਰਿਆਂ ਵਿੱਚੋਂ ਨਿੱਜੀ ਕੰਪਨੀਆਂ ਨੂੰ ਬਾਹਰ ਕੱਢ ਕੇ ਨਵੀਂ ਪੱਕੀ ਭਰਤੀ ਕੀਤੀ ਜਾਵੇ। ਆਗੂਆਂ ਕਿਹਾ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਪੱਖੀ ਨੀਤੀਆਂ ਲਾਗੂ ਕਰਨ ਵਿਰੁੱਧ ਸਮੁੱਚੀਆਂ ਸੰਘਰਸ਼ੀਲ ਜਥੇਬੰਦੀਆਂ ਨੂੰ ਇਕ ਪਲੈਟਫਾਰਮ ’ਤੇ ਇਕੱਠੇ ਹੋ ਕੇ ਸੰਘਰਸ਼ ਕਰਨ ਦਾ ਸੱਦਾ ਦਿੱਤਾ। ਟੈਕਨੀਕਲ ਸਰਵਿਸਜ਼ ਯੂਨੀਅਨ ਮੰਡਲ ਕਾਦੀਆਂ ਦੇ ਆਗੂ ਜਗਤਾਰ ਸਿੰਘ ਖੁੱਡਾ, ਠਾਕੁਰ ਰਣਜੀਤ ਸਿੰਘ, ਕਸ਼ਮੀਰ ਸਿੰਘ, ਸੁਰਜੀਤ ਸਿੰਘ ਗੋਰਾਇਆ, ਐਂਪਲਾਈਜ਼ ਫੈਡਰੇਸ਼ਨ ਚਾਹਲ ਦੇ ਬਲਜਿੰਦਰ ਸਿੰਘ ਬਾਜਵਾ ਤੁਗਲਵਾਲ, ਸੁਖਵਿੰਦਰ ਕੌਰ, ਐਂਪਲਾਈਜ਼ ਫੈਡਰੇਸਨ ਏਟਕ ਦੇ ਰਾਮ ਲੁਭਾਇਆ, ਰਛਪਾਲ ਸਿੰਘ ਹਾਜ਼ਰ ਸਨ।