ਬਿਜਲੀ ਮੁਲਾਜ਼ਮਾਂ ਵੱਲੋਂ ਸਰਕਾਰ ਤੇ ਮੈਨੇਜਮੈਂਟ ਖ਼ਿਲਾਫ਼ ਰੋਸ ਮਾਰਚ
ਮਿਹਰ ਸਿੰਘ
ਕੁਰਾਲੀ, 12 ਸਤੰਬਰ
ਪੀਐੱਸਈਬੀ ਜੁਆਇੰਟ ਫੋਰਮ ਪੰਜਾਬ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ਼ ਜੂਨੀਅਰ ਇੰਜਨੀਅਰ ਪੰਜਾਬ ਅਤੇ ਟੀਐੱਸਯੂ ਦੇ ਸੱਦੇ ’ਤੇ ਅੱਜ ਕੁਰਾਲੀ ਦਫ਼ਤਰ ਵਿੱਚ ਬਿਜਲੀ ਮੁਲਾਜ਼ਮਾਂ ਵੱਲੋਂ ਸਰਕਾਰ ਅਤੇ ਪਾਵਰਕੌਮ ਮੈਨੇਜਮੇਂਟ ਖ਼ਿਲਾਫ਼ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਗਿਆ। ਇਸ ਮੌਕੇ ਮੁਜ਼ਾਹਰਾਕਾਰੀ ਬਿਜਲੀ ਕਾਮਿਆਂ ਨੇ ਸ਼ਹਿਰ ਦੇ ਮੇਨ ਚੌਕ ਵਿੱਚ ਨਾਅਰੇਬਾਜ਼ੀ ਕੀਤੀ।
ਇਸ ਰੋਸ ਮਾਰਚ ਵਿੱਚ ਸ਼ਮੂਲੀਅਤ ਕਰਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਸਰਕਾਰ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕਾਰਗੁਜ਼ਾਰੀ ਕਾਰਨ ਮੁਲਾਜ਼ਮ ਵਰਗ ਵਿੱਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ।
ਇਸ ਮੌਕੇ ਪਾਵਰਕੌਮ ਜਥੇਬੰਦੀਆਂ ਦੇ ਮੁਲਾਜ਼ਮ ਆਗੂਆਂ ਸੁਖਵਿੰਦਰ ਸਿੰਘ ਦੁੱਮਣਾ, ਪਰਮਜੀਤ ਸਿੰਘ, ਬਲਵਿੰਦਰ ਸਿੰਘ, ਰਣਜੋਧ ਸਿੰਘ, ਤਰਨਜੀਤ ਸਿੰਘ, ਬਲਜਿੰਦਰ ਸਿੰਘ, ਰਿਸ਼ਵ ਚੀਗਲ, ਨਿਰਮਲ ਸਿੰਘ, ਸ਼ੇਰ ਸਿੰਘ ਆਦਿ ਨੇ ਕਿਹਾ ਕਿ ਸਰਕਾਰ ਤੇ ਪਾਵਰਕੌਮ ਪ੍ਰਬੰਧਕ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹਨ।
ਲਾਲੜੂ (ਸਰਬਜੀਤ ਸਿੰਘ ਭੱਟੀ): ਜੁਆਇੰਟ ਫੋਰਮ ਅਤੇ ਏਕਤਾ ਮੰਚ ਪੰਜਾਬ ਦੇ ਸੱਦੇ ’ਤੇ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਖ਼ਿਲਾਫ਼ ਬਿਜਲੀ ਮੁਲਾਜ਼ਮਾਂ ਵੱਲੋਂ ਐਕਸੀਅਨ ਦਫ਼ਤਰ ਲਾਲੜੂ ਵਿੱਚ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮੁਲਾਜ਼ਮ ਆਗੂ ਮਹਿੰਦਰ ਸਿੰਘ ਸੈਣੀ, ਸਵਰਨ ਸਿੰਘ ਮਾਵੀ, ਮੋਹਨ ਸਿੰਘ ਰਾਣਾ, ਰਾਜੇਸ਼ ਕੁਮਾਰ ਰਾਣਾ, ਅਜੈਬ ਸਿੰਘ ਅੰਟਾਲਾ ਆਦਿ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਵੱਲੋਂ ਪਹਿਲਾਂ ਮੰਨੀਆਂ ਮੰਗਾਂ ਲਾਗੂ ਕੀਤੀਆਂ ਜਾਣ। ਇਸ ਮੌਕੇ ਬੁਲਾਰਿਆਂ ਨੇ ਸਰਕਾਰ ਤੇ ਮੈਨੇਜਮੈਂਟ ਦੀ ਆਲੋਚਨਾ ਕੀਤੀ ਤੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ।