ਬਿਜਲੀ ਵਿਭਾਗ ਦੇ ਨਿੱਜੀਕਰਨ ਖ਼ਿਲਾਫ਼ ਬੁਟੇਰਲਾ ਅਤੇ ਬਡਹੇੜੀ ’ਚ ਮੁਜ਼ਾਹਰਾ
ਕੁਲਦੀਪ ਸਿੰਘ
ਚੰਡੀਗੜ੍ਹ, 17 ਦਸੰਬਰ
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਬਿਜਲੀ ਵਿਭਾਗ ਦੇ ਕੀਤੇ ਜਾ ਰਹੇ ਨਿੱਜੀਕਰਨ ਵਿਰੁੱਧ ਪੇਂਡੂ ਸੰਘਰਸ਼ ਕਮੇਟੀ ਅਤੇ ਨੌਜਵਾਨ ਕਿਸਾਨ ਏਕਤਾ ਵੱਲੋਂ ਸ਼ੁਰੂ ਕੀਤੇ ਰੋਸ ਮਾਰਚਾਂ ਦੀ ਲੜੀ ਤਹਿਤ ਅੱਜ 11 ਵੇਂ ਦਿਨ ਸ਼ਹਿਰ ਵਾਸੀਆਂ ਨੇ ਸੈਕਟਰ-41 ਸਮੇਤ ਇਸ ਖੇਤਰ ਅਧੀਨ ਆਉਂਦੇ ਪਿੰਡ ਬਡਹੇੜੀ ਅਤੇ ਬੁਟੇਰਲਾ ਵਿੱਚ ਰੋਸ ਮਾਰਚ ਕੀਤਾ ਗਿਆ।
ਇਹ ਰੋਸ ਮਾਰਚ ਸੈਕਟਰ-41 ਦੀ ਕ੍ਰਿਸ਼ਨਾ ਮਾਰਕੀਟ ਤੋਂ ਸ਼ੁਰੂ ਹੋ ਕੇ ਪਿੰਡ ਬਡਹੇੜੀ ਅਤੇ ਪਿੰਡ ਬੁਟਰੇਲਾ ਦੇ ਰਿਹਾਇਸ਼ੀ ਇਲਾਕਿਆਂ ਅਤੇ ਮਾਰਕੀਟਾਂ ਵਿੱਚੋਂ ਹੁੰਦਾ ਹੋਇਆ ਕ੍ਰਿਸ਼ਨਾ ਮਾਰਕੀਟ ਕੋਲ ਆ ਕੇ ਸਮਾਪਤ ਹੋਇਆ। ਅੱਜ ਦੇ ਇਸ ਰੋਸ ਮਾਰਚ ਦੀ ਅਗਵਾਈ ਪੇਂਡੂ ਸੰਘਰਸ਼ ਕਮੇਟੀ ਦੇ ਪ੍ਰਧਾਨ ਨੰਬਰਦਾਰ ਸਿੰਘ ਪਲਸੌਰਾ, ਏਰੀਆ ਕੌਂਸਲਰ ਹਰਦੀਪ ਸਿੰਘ ਬੁਟੇਰਲਾ, ਕੌਂਸਲਰ ਪ੍ਰੇਮ ਲਤਾ ਅਤੇ ਕੌਂਸਲਰ ਯੋਗੇਸ਼ ਢੀਂਗਰਾ ਨੇ ਕੀਤੀ। ਇਸ ਮੌਕੇ ਕੌਂਸਲਰ ਹਰਦੀਪ ਸਿੰਘ ਬੁਟੇਰਲਾ ਨੇ ਕਿਹਾ ਕਿ ਬਿਜਲੀ ਵਿਭਾਗ ਪ੍ਰਤੀ ਲੋਕਾਂ ਦੀ ਕੋਈ ਸ਼ਿਕਾਇਤ ਨਹੀਂ ਅਤੇ ਬਿਜਲੀ ਵਿਭਾਗ ਚੰਡੀਗੜ੍ਹ ਲੋਕਾਂ ਨੂੰ ਸਸਤੀ ਬਿਜਲੀ ਦੇ ਕੇ ਮੁਨਾਫ਼ਾ ਕਮਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਚੰਡੀਗੜ੍ਹ ਦੇ ਲੋਕਾਂ ’ਤੇ ਹੋਰ ਨਵਾਂ ਬੋਝ ਨਹੀਂ ਪੈਣ ਦੇਣਗੇ ਅਤੇ ਮੁਨਾਫ਼ੇ ਵਿੱਚ ਚੱਲ ਰਹੇ ਬਿਜਲੀ ਵਿਭਾਗ ਨੂੰ ਕਿਸੇ ਵੀ ਕੀਮਤ ’ਤੇ ਨਿੱਜੀ ਹੱਥਾਂ ਵਿੱਚ ਨਹੀਂ ਜਾਣ ਦੇਣਗੇ।
ਕੌਂਸਲਰ ਪ੍ਰੇਮ ਲਤਾ ਅਤੇ ਯੋਗੇਸ਼ ਢੀਂਗਰਾ ਨੇ ਕਿਹਾ ਕਿ ਉਹ ਚੰਡੀਗੜ੍ਹ ਪ੍ਰਸ਼ਾਸਨ ਦੇ ਇਸ ਫ਼ੈਸਲੇ ਖ਼ਿਲਾਫ਼ ਚੰਡੀਗੜ੍ਹ ਦੇ ਲੋਕਾਂ ਦੇ ਨਾਲ ਖੜ੍ਹੇ ਹਨ। ਕਾਮਰੇਡ ਇੰਦਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਪ੍ਰਸ਼ਾਸਨ ਅਤੇ ਭਾਜਪਾ ਸਰਕਾਰ ਲੋਕਾਂ ਦੀਆਂ ਜੇਬਾਂ ’ਤੇ ਡਾਕੇ ਮਾਰ ਕੇ ਕਾਰਪੋਰੇਟ ਘਰਾਣਿਆਂ ਦੇ ਘਰ ਭਰਨ ਦੇ ਮਨਸੂਬੇ ਘੜ ਰਹੀ ਹੈ ਜਿਸ ਦਾ ਚੰਡੀਗੜ੍ਹ ਦੇ ਲੋਕ ਡਟ ਕੇ ਵਿਰੋਧ ਕਰਨਗੇ। ਪੇਂਡੂ ਸੰਘਰਸ਼ ਕਮੇਟੀ ਦੇ ਪ੍ਰਧਾਨ ਦਲਜੀਤ ਸਿੰਘ ਪਲਸੌਰਾ ਨੇ ਚੰਡੀਗੜ੍ਹ ਦੇ ਲੋਕਾਂ ਨੂੰ ਇਸ ਸੰਘਰਸ਼ ਵਿੱਚ ਵੱਡੇ ਪੱਧਰ ’ਤੇ ਸ਼ਾਮਲ ਹੋਣ ਦੀ ਅਪੀਲ ਕੀਤੀ। ਨੌਜਵਾਨ ਕਿਸਾਨ ਏਕਤਾ ਦੇ ਪ੍ਰਧਾਨ ਕਿਰਪਾਲ ਸਿੰਘ ਨੇ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਹੁਣ ਕੋਈ ਵੀ ਫ਼ੈਸਲਾ ਸੋਚ ਸਮਝ ਕੇ ਕਰੇ ਕਿਉਂਕਿ ਹੁਣ ਚੰਡੀਗੜ੍ਹ ਦੇ ਲੋਕ ਸੜਕਾਂ ’ਤੇ ਉਤਰ ਆਏ ਹਨ ਤੇ ਉਹ ਇਸ ਸੰਘਰਸ਼ ਨੂੰ ਵੱਡੇ ਪੱਧਰ ’ਤੇ ਲੈ ਕੇ ਜਾਣਗੇ। ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨ-39 ਦੇ ਪ੍ਰਧਾਨ ਜਗਤਾਰ ਸਿੰਘ ਚੌਂਤਾ, ਤਰਕਸ਼ੀਲ ਸੋਸਾਇਟੀ ਦੇ ਆਗੂ ਜੋਗਾ ਸਿੰਘ, ਅਵਤਾਰ ਸਿੰਘ, ਅਪਿੰਦਰ ਸਿੰਘ ਰੌਬੀ, ਓਮ ਪ੍ਰਕਾਸ਼ ਕਾਕਾ ਪ੍ਰਧਾਨ ਕ੍ਰਿਸ਼ਨਾ ਮਾਰਕੀਟ ਸਮੇਤ ਵੱਖ-ਵੱਖ ਪਿੰਡਾਂ ਅਤੇ ਸੈਕਟਰਾਂ ਵਿੱਚੋਂ ਭਾਰੀ ਗਿਣਤੀ ਵਿੱਚ ਔਰਤਾਂ ਅਤੇ ਬੱਚਿਆਂ ਨੇ ਅੱਜ ਦੇ ਰੋਸ ਮਾਰਚ ਵਿੱਚ ਸ਼ਮੂਲੀਅਤ ਕੀਤੀ ਜਿਨ੍ਹਾਂ ਨੇ ਹੱਥਾਂ ਵਿੱਚ ਨਿੱਜੀਕਰਨ ਦੇ ਵਿਰੋਧ ਵਿੱਚ ਲਿਖੀਆਂ ਤਖ਼ਤੀਆਂ ਦਿਖਾ ਕੇ ਆਪਣੇ ਰੋਸ ਦਾ ਪ੍ਰਗਟਾਵਾ ਕੀਤਾ।
ਕਾਂਗਰਸ ਵੱਲੋਂ ਭੁੱਖ ਹੜਤਾਲ ਸ਼ੁਰੂ ਕਰਨ ਦਾ ਐਲਾਨ
ਚੰਡੀਗੜ੍ਹ(ਟ੍ਰਿਬਿਊਨ ਨਿਊਜ਼ ਸਰਵਿਸ): ਚੰਡੀਗੜ੍ਹ ਕਾਂਗਰਸ ਨੇ ਬਿਜਲੀ ਵਿਭਾਗ ਦੇ ਨਿੱਜੀਕਰਨ ਵਿਰੁੱਧ ਭੁੱਖ ਹੜਤਾਲ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਨੇ ਦਿੱਤੀ ਹੈ। ਉਨ੍ਹਾਂ ਨੇ ਚੰਡੀਗੜ੍ਹ ਦੇ ਬਿਜਲੀ ਵਿਭਾਗ ਦੇ ਨਿੱਜੀਕਰਨ ਕਰਨ ਦੇ ਫ਼ੈਸਲੇ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਕਾਂਗਰਸ ਵੱਲੋਂ ਸੈਕਟਰ-22 ਵਿੱਚ ਸਥਿਤ ਨਹਿਰੂ ਪਾਰਕ ਮੂਹਰੇ 7 ਦਿਨ ਲਗਾਤਾਰ ਲੜੀਵਾਰ ਭੁੱਖ ਹੜਤਾਲ ਸ਼ੁਰੂ ਕੀਤੀ ਜਾਵੇਗੀ। ਇਸ ਦੌਰਾਨ ਚੰਡੀਗੜ੍ਹ ਕਾਂਗਰਸ ਦੇ ਆਗੂ ਰੋਜ਼ਾਨਾ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਭੁੱਖ ਹੜਤਾਲ ’ਤੇ ਬੈਠਣਗੇ। ਸ੍ਰੀ ਲੱਕੀ ਨੇ ਕਿਹਾ ਕਿ ਚੰਡੀਗੜ੍ਹ ਦਾ ਬਿਜਲੀ ਵਿਭਾਗ ਸਰਪਲਸ ਚੱਲ ਰਿਹਾ ਹੈ, ਉਸ ਦੇ ਬਾਵਜੂਦ ਉਸ ਦੀ ਕਰੋੜਾਂ ਰੁਪਏ ਦੀ ਸੰਪਤੀ ਸਣੇ ਨਿੱਜੀ ਕੰਪਨੀ ਦੇ ਹੱਥਾਂ ਵਿੱਚ ਸੌਂਪਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਵਿਭਾਗ ਦੇ ਨਿੱਜੀਕਰਨ ਦੇ ਨਾਲ ਜਿੱਥੇ ਬਿਜਲੀ ਮਹਿਕਮੇ ਵਿੱਚ ਕੰਮ ਕਰਨ ਵਾਲੇ ਹਜ਼ਾਰਾਂ ਵਰਕਰਾਂ ਦਾ ਭਵਿੱਖ ਦਾਅ ’ਤੇ ਲੱਗ ਜਾਵੇਗਾ। ਇਸ ਤੋਂ ਇਲਾਵਾ ਬਿਜਲੀ ਦੀਆਂ ਦਰ੍ਹਾਂ ਵਿੱਚ ਵੀ ਬੇਲੋੜਾ ਵਾਧਾ ਕੀਤਾ ਜਾਵੇਗਾ। ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਨੇ ਕਿਹਾ ਕਿ ਉਹ ਕਦੇ ਵੀ ਸ਼ਹਿਰ ਦੇ ਬਿਜਲੀ ਵਿਭਾਗ ਦਾ ਨਿੱਜੀਕਰਨ ਨਹੀਂ ਹੋਣ ਦੇਣਗੇ।