ਬਿਜਲੀ ਵਿਭਾਗ ਦੇ ਨਿੱਜੀਕਰਨ ਖ਼ਿਲਾਫ਼ ਸੈਕਟਰ-27 ਵਿੱਚ ਮੁਜ਼ਾਹਰਾ
ਕੁਲਦੀਪ ਸਿੰਘ
ਚੰਡੀਗੜ੍ਹ, 5 ਜਨਵਰੀ
ਯੂਟੀ ਚੰਡੀਗੜ੍ਹ ਦੇ ਬਿਜਲੀ ਕਾਮਿਆਂ ਵੱਲੋਂ ਵਿਭਾਗ ਦੇ ਨਿੱਜੀਕਰਨ ਖਿਲਾਫ਼ ਕੀਤੇ ਜਾ ਰਹੇ ਸੰਘਰਸ਼ ਦੇ ਸਮਾਨਾਂਤਰ ਸ਼ਹਿਰ ਨਿਵਾਸੀਆਂ ਵੱਲੋਂ ਵੀ ਕੀਤੇ ਜਾ ਰਹੇ ਰੋਸ ਮੁਜ਼ਾਹਰਿਆਂ ਦੀ ਲੜੀ ਵਜੋਂ ਅੱਜ 28ਵੇਂ ਦਿਨ ਸੈਕਟਰ-27 ਵਿੱਚ ਮੁਜ਼ਾਹਰਾ ਕੀਤਾ ਗਿਆ। ਇਹ ਰੋਸ ਮਾਰਚ ਸੈਕਟਰ-27 ਦੇ ਸਰਕਾਰੀ ਸਕੂਲ ਦੇ ਸਾਹਮਣੇ ਤੋਂ ਸ਼ੁਰੂ ਹੋਇਆ ਅਤੇ ਵੱਡੀ ਗਿਣਤੀ ਔਰਤਾਂ ਨੇ ਨਿੱਜੀਕਰਨ ਦਾ ਵਿਰੋਧ ਦਰਸਾਉਂਦੀਆਂ ਤਖ਼ਤੀਆਂ ਫੜ ਕੇ ਸੈਕਟਰ ਨਿਵਾਸੀਆਂ ਨੂੰ ਪ੍ਰਸ਼ਾਸਨ ਖਿਲਾਫ਼ ਜਾਗਰੂਕ ਕੀਤਾ। ਇਸ ਦੌਰਾਨ ਨਾਅਰੇਬਾਜ਼ੀ ਵੀ ਕੀਤੀ ਗਈ।
ਇਸ ਮੁਜ਼ਾਹਰੇ ਦੀ ਅਗਵਾਈ ਮੁਲਾਜ਼ਮ ਆਗੂ ਰਾਜਿੰਦਰ ਕਟੋਚ ਅਤੇ ਨਸੀਬ ਸਿੰਘ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਬਿਜਲੀ ਵਿਭਾਗ ਜੋ ਕਈ ਸਾਲਾਂ ਤੋਂ ਕਰੋੜਾਂ ਰੁਪਇਆਂ ਦੇ ਮੁਨਾਫ਼ੇ ਵਿੱਚ ਚੱਲ ਰਿਹਾ ਹੈ, ਉਸ ਨੂੰ ਕੌਡੀਆਂ ਦੇ ਭਾਅ ਵੇਚ ਕੇ ਸਰਕਾਰ ਚੰਡੀਗੜ੍ਹ ਦੇ ਲੋਕਾਂ ’ਤੇ ਮਹਿੰਗੀ ਬਿਜਲੀ ਦਾ ਵਾਧੂ ਬੋਝ ਪਾਉਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਦੁਨੀਆਂ ਦੀ ਪਹਿਲੀ ਉਦਾਹਰਨ ਹੈ ਜਿੱਥੇ ਸਰਕਾਰ ਨੇ ਸਾਰੇ ਕਾਨੂੰਨ ਛਿੱਕੇ ਟੰਗ ਕੇ ਬਿਜਲੀ ਵਿਭਾਗ ਦੇ ਸਮਾਨ ਦੇ ਨਾਲ-ਨਾਲ ਮੁਲਾਜ਼ਮਾਂ ਨੂੰ ਵੀ ਵੇਚ ਦਿੱਤਾ ਹੈ।
ਬੁਲਾਰਿਆਂ ਨੇ ਕਿਹਾ ਕਿ ਪ੍ਰਸ਼ਾਸਨ ਨੇ ਪਹਿਲਾਂ ਹੀ ਬਿਡਿੰਗ ਪ੍ਰੋਸੈਸ ਵਿੱਚ ਬਹੁਤ ਗਲਤੀਆਂ ਕੀਤੀਆਂ ਹਨ ਤੇ ਹੁਣ ਉਨ੍ਹਾਂ ਗਲਤੀਆਂ ਨੂੰ ਛੁਪਾਉਣ ਲਈ ਗਲਤੀਆਂ ਨੂੰ ਦੁਹਰਾ ਰਿਹਾ ਹੈ ਅਤੇ ਮੁਲਾਜ਼ਮਾਂ ਦੀ ਤਬਾਦਲਾ ਨੀਤੀ ਬਣਾਏ ਬਿਨਾਂ ਹੀ ਉਨ੍ਹਾਂ ਨੂੰ ਕੰਪਨੀ ਹਵਾਲੇ ਕੀਤਾ ਜਾ ਰਿਹਾ ਹੈ। ਯੂ.ਟੀ. ਪਾਵਰਮੈਨ ਯੂਨੀਅਨ ਦੇ ਪ੍ਰਧਾਨ ਅਮਰੀਕ ਸਿੰਘ ਨੇ ਕਿਹਾ ਕਿ ਚੰਡੀਗੜ੍ਹ ਦੇ ਲੋਕਾਂ ਦਾ ਜੋਸ ਦੱਸਦਾ ਹੈ ਕਿ ਉਹ ਚੰਡੀਗੜ੍ਹ ਪ੍ਰਸ਼ਾਸਨ ਦੇ ਇਸ ਤਾਨਾਸ਼ਾਹੀ ਰਵੱਈਏ ਦਾ ਜੋ਼ਰਦਾਰ ਜਵਾਬ ਦੇਣਗੇ।