ਬੀਐੱਮਐੱਲ ਮਾਮਲਾ: ਹਰਿਆਣਾ ਦੇ ਦਾਅਵੇ ਦੀ ਪੰਜਾਬ ਨੇ ਕੱਢੀ ਫੂਕ
04:56 AM May 24, 2025 IST
ਟ੍ਰਿਬਿਊਨ ਨਿਊਜ਼ ਸਰਵਿਸ
Advertisement
ਚੰਡੀਗੜ੍ਹ, 23 ਮਈ
ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਭਾਖੜਾ ਮੇਨ ਲਾਈਨ (ਬੀਐੱਮਐੱਲ) ਦੇ ਪਾਣੀ ਦੀ ਵੰਡ ਸਬੰਧੀ ਹਰਿਆਣਾ ਦੇ ਗੁਮਰਾਹਕੁਨ ਪ੍ਰਚਾਰ ਦੀ ਨਿੰਦਾ ਕਰਦਿਆਂ ਗੁਆਂਢੀ ਸੂਬੇ ਦੇ ਦਾਅਵੇ ਨੂੰ ਖ਼ਾਰਜ ਕੀਤਾ। ਗੋਇਲ ਨੇ ਕਿਹਾ ਕਿ ਹਰਿਆਣਾ ਦਾ ਇਹ ਦਾਅਵਾ ਕਰਨਾ ਕਿ ਉਹ ਬੀਐੱਮਐੱਲ ਤੋਂ ਆਪਣਾ ਪੂਰਾ 10,300 ਕਿਊਸਿਕ ਹਿੱਸਾ ਲੈ ਰਿਹਾ ਹੈ, ਤੱਥਾਂ ਤੋਂ ਕੋਹਾਂ ਦੂਰ ਹੈ। ਮੰਤਰੀ ਨੇ ਅੱਜ ਦੁਪਹਿਰ 12 ਵਜੇ ਦੀ ਸਥਿਤੀ ਦੇ ਹਵਾਲੇ ਨਾਲ ਦੱਸਿਆ ਕਿ ਬੀਐੱਮਐੱਲ ਹਾਲੇ ਤੱਕ ਆਪਣੀ ਪੂਰੀ ਕਾਰਜਸ਼ੀਲ ਸਮਰੱਥਾ 11,700 ਕਿਊਸਿਕ ਤੱਕ ਨਹੀਂ ਪਹੁੰਚੀ ਹੈ। ਬੀਐੱਮਐੱਲ ਨਹਿਰ ਦੇ ਪੰਜਾਬ ’ਚ ਸ਼ੁਰੂਆਤੀ ਬਿੰਦੂ ’ਤੇ ਮੌਜੂਦਾ ਸਮੇਂ ਸਾਨੂੰ 9,690 ਕਿਊਸਿਕ ਪਾਣੀ ਮਿਲ ਰਿਹਾ ਹੈ, ਜਿਸ ਵਿੱਚੋਂ ਪੰਜਾਬ 2025 ਕਿਊਸਿਕ ਪਾਣੀ ਵਰਤ ਰਿਹਾ ਹੈ ਅਤੇ ਹਰਿਆਣਾ ਨੂੰ 6720 ਕਿਊਸਿਕ ਪਾਣੀ ਮਿਲ ਰਿਹਾ ਹੈ। ਮੰਤਰੀ ਨੇ ਸਾਫ਼ ਕੀਤਾ ਕਿ ਹਰਿਆਣਾ ਨੂੰ ਬੀਐੱਮਐੱਲ ਨਹਿਰ ਪ੍ਰਣਾਲੀ ਦੀ ਸਮਰੱਥਾ ਅਨੁਸਾਰ ਹੀ ਪਾਣੀ ਦਿੱਤਾ ਜਾਵੇਗਾ।
Advertisement
Advertisement