ਬੀਕੇਯੂ ਉਗਰਾਹਾਂ ਵੱਲੋਂ ਮੋਗਾ ਮਹਾਪੰਚਾਇਤ ਲਈ ਲਾਮਬੰਦੀ
ਭਵਾਨੀਗੜ੍ਹ, 7 ਜਨਵਰੀ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਬਲਾਕ ਪੱਧਰੀ ਮੀਟਿੰਗ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਫੱਗੂਵਾਲਾ ਵਿੱਚ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਹੇਠ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ, ਹਰਜੀਤ ਸਿੰਘ ਮਹਿਲਾਂ, ਜਸਵੀਰ ਸਿੰਘ ਗੱਗੜਪੁਰ, ਹਰਜਿੰਦਰ ਸਿੰਘ ਘਰਾਚੋਂ, ਬਲਵਿੰਦਰ ਸਿੰਘ ਘਨੌੜ, ਗੁਰਚੇਤ ਸਿੰਘ ਭੱਟੀਵਾਲ, ਕਰਮ ਚੰਦ ਪੰਨਵਾਂ, ਕਸ਼ਮੀਰ ਸਿੰਘ ਆਲੋਅਰਖ ਅਤੇ ਗੁਰਦੇਵ ਸਿੰਘ ਆਲੋਅਰਖ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦਿੱਲੀ ਕਿਸਾਨ ਮੋਰਚੇ ਸਦਕਾ ਵਾਪਸ ਲਏ ਤਿੰਨ ਖੇਤੀ ਕਾਲੇ ਕਾਨੂੰਨਾਂ ਨੂੰ ਮੁੜ ਚੋਰ ਮੋਰੀਆਂ ਰਾਹੀਂ ਲਾਗੂ ਕਰਨ ਦੀ ਚਾਲ ਚੱਲੀ ਜਾ ਰਹੀ ਹੈ। ਉਨ੍ਹਾਂ ਖਨੌਰੀ ਬਾਰਡਰ ’ਤੇ ਕਿਸਾਨੀ ਮੰਗਾਂ ਲਈ ਮਰਨ ਵਰਤ ’ਤੇ ਬੈਠੇ ਬਜ਼ੁਰਗ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦੀ ਚਿੰਤਾ ਕਰਦਿਆਂ ਮੋਦੀ ਸਰਕਾਰ ਦੇ ਅੜੀਅਲ ਵਤੀਰੇ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਇਸ ਧੱਕੇਸ਼ਾਹੀ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਵੱਲੋਂ 9 ਜਨਵਰੀ ਨੂੰ ਮੋਗਾ ਵਿੱਚ ਮਹਾਪੰਚਾਇਤ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਰੈਲੀ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਕਿਸਾਨ ਸ਼ਾਮਲ ਕਰਵਾਉਣ ਲਈ ਜ਼ੋਰਦਾਰ ਤਰੀਕੇ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।