ਬੀਕੇਯੂ ਏਕਤਾ ਸਿੱਧੂਪੁਰ ਵੱਲੋਂ ਚਾਰ ਜ਼ਿਲ੍ਹਿਆਂ ਦੀ ਮਹਾਂਪੰਚਾਇਤ
ਰਵਿੰਦਰ ਰਵੀ
ਬਰਨਾਲਾ/ਧਨੌਲਾ, 7 ਅਪੈਰਲ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸਰਕਾਰਾਂ ਤੋਂ ਚੌਕਸ ਰਹਿਣਾ ਪਵੇਗਾ। ਸ੍ਰੀ ਡੱਲੇਵਾਲ ਅੱਜ ਅਨਾਜ ਮੰਡੀ ਧਨੌਲਾ ਵਿੱਚ ਬੀਕੇਯੂ ਏਕਤਾ ਸਿੱਧੂਪੁਰ ਵੱਲੋਂ ਰੱਖੀ ਚਾਰ ਜ਼ਿਲ੍ਹਿਆਂ ਸੰਗਰੂਰ, ਬਰਨਾਲਾ, ਬਠਿੰਡਾ ਅਤੇ ਮਾਨਸਾ ਦੀ ਮਹਾਖ਼ੰਚਾਇਤ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਬੋਲਦਿਆਂ ਕਿਸਾਨ ਆਗੂ ਨੇ ਕਿਹਾ ਕਿ ਦਿੱਲੀ ਅੰਦੋਲਨ ਸਮੇਂ ਕੇਂਦਰ ਸਰਕਾਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਲਾਗੂ ਨਾ ਕਰਨ ਦੇ ਵਿਰੋਧ ’ਚ 13 ਫਰਵਰੀ 2024 ਨੂੰ ਦਿੱਲੀ ਵੱਲ ਕੂਚ ਕਰਨ ਸਮੇਂ ਹਰਿਆਣਾ ਸਰਕਾਰ ਵੱਲੋਂ ਕੇਂਦਰ ਦੇ ਇਸ਼ਾਰੇ ’ਤੇ ਕਿਸਾਨਾਂ ’ਤੇ ਤਸ਼ੱਦਦ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਸਰਕਾਰ ਵੱਲੋਂ 19 ਮਾਰਚ ਨੂੰ ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਨਾਲ ਹੋਈ ਮੀਟਿੰਗ ਤੋਂ ਬਾਅਦ ਮੋਰਚਿਆਂ ਨੂੰ ਵਾਪਸ ਜਾ ਰਹੇ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਸੇ ਦੌਰਾਨ ਖਨੌਰੀ ਅਤੇ ਸ਼ੰਭੂ ਬਾਰਡਰ ਉੱਪਰ ਪੁਲੀਸ ਭੇਜ ਕੇ ਕਿਸਾਨਾਂ ਵੱਲੋਂ ਰਹਿਣ ਲਈ ਕੀਤੇ ਰਿਹਾਇਸ਼ ਦੇ ਆਰਜ਼ੀ ਪ੍ਰਬੰਧਾਂ ਨੂੰ ਬੁਲਡੋਜ਼ਰ ਚਲਾ ਕੇ ਤੋੜ ਦਿੱਤਾ। ਉਨ੍ਹਾਂ ਕਿਹਾ ਕਿ ਇਸ ਦੌਰਾਨ ਕਿਸਾਨਾਂ ਦੇ ਟਰੈਕਟਰ-ਟਰਾਲੀਆਂ, ਏਸੀ, ਕੂਲਰ, ਗੈਸ ਸਿਲੰਡਰ, ਮੰਜੇ ਤੇ ਬਿਸਤਰੇ ਸਣੇ ਖਾਣ-ਪੀਣ ਦੇ ਰਾਸ਼ਨ ਦੀ ਵੀ ਸ਼ਰ੍ਹੇਆਮ ਲੁੱਟ ਤੇ ਚੋਰੀ ਕੀਤੀ ਗਈ। ਸ੍ਰੀ ਡੱਲੇਵਾਲ ਨੇ ਕਿਹਾ ਕਿ ਕਿਸਾਨਾਂ ਦੇ ਹੋਏ ਨੁਕਸਾਨ ਦਾ ਇੱਕ-ਇੱਕ ਪੈਸਾ ਪੰਜਾਬ ਸਰਕਾਰ ਤੋਂ
ਲਿਆ ਜਾਵੇਗਾ।
ਇਸ ਮੌਕੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ, ਅਭਿਮਨਿਊ ਕੋਹਾੜ, ਹਾਕਮ ਸਿੰਘ ਢਿੱਲਵਾਂ, ਇੰਦਰਜੀਤ ਸਿੰਘ ਪੰਨੀਵਾਲ, ਮਹਾਵੀਰ ਸਿੰਘ ਸਹਾਰਨ, ਜ਼ਿਲ੍ਹਾ ਜਰਨਲ ਸਕੱਤਰ ਰਣ ਸਿੰਘ ਚੱਠਾ, ਹਰਜੀਤ ਸਿੰਘ, ਨੌਜਵਾਨ ਯੂਥ ਆਗੂ ਭਾਨਾ ਸਿੰਘ ਸਿੱਧੂ ਨੇ ਵੀ ਸੰਬੋਧਨ ਕੀਤਾ।
ਵਿਧਾਇਕ ਢੋਸ ਦੇ ਘਰ ਅੱਗੇ ਪੱਕਾ ਮੋਰਚਾ ਲਗਾਵਾਂਗੇ: ਪੰਧੇਰ
ਲੁਧਿਆਣਾ (ਗੁਰਿੰਦਰ ਸਿੰਘ): ਕਿਸਾਨ-ਮਜ਼ਦੂਰ ਮੋਰਚਾ ਨੇ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਤਹਿਤ ਦਿਹਾਤੀ ਖੇਤਰ ਦੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰ ਕੇ ਕਿਸਾਨਾਂ ਦੇ ਮਸਲਿਆਂ ਬਾਰੇ ਆਵਾਜ਼ ਬੁਲੰਦ ਕੀਤੀ ਜਾਵੇਗੀ। ਅੱਜ ਫ਼ਿਰੋਜ਼ਪੁਰ ਰੋਡ ’ਤੇ ਸਥਿਤ ਗੁਰਦੁਆਰਾ ਸਿੰਘ ਸਭਾ ਵਿੱਚ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਤੇ ਦਿਲਬਾਗ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ ਮੋਰਚੇ ਦੀ ਸੂਬਾਈ ਮੀਟਿੰਗ ਵਿੱਚ 11 ਅਪਰੈਲ ਨੂੰ ਵਿਧਾਇਕ ਲਾਡੀ ਢੋਸ ਦੇ ਘਰ ਬਾਹਰ ਪੱਕਾ ਮੋਰਚਾ ਲਗਾਉਣ ਦਾ ਐਲਾਨ ਕੀਤਾ ਗਿਆ ਹੈ। ਤਿੰਨ ਘੰਟੇ ਤੋਂ ਵੱਧ ਸਮਾਂ ਚੱਲੀ ਮੀਟਿੰਗ ਉਪਰੰਤ ਆਗੂਆਂ ਨੇ ਦੱਸਿਆ ਕਿ ਕਿਸਾਨ-ਮਜ਼ਦੂਰ ਮੋਰਚਾ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਪੰਜਾਬ ਸਰਕਾਰ ਕਿਸਾਨਾਂ ਨਾਲ ਬੇਲੋੜੀ ਦੁਸ਼ਮਣੀ ਮੁੱਲ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਹੋਰ ਮੰਗਾਂ ਦੇ ਨਾਲ ਹੀ ਸਰਕਾਰ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਕਰੇ। ਕਿਸਾਨਾਂ ਦਾ ਸਾਮਾਨ ਚੋਰੀ ਕਰਨ ਵਾਲਿਆਂ ਖ਼ਿਲਾਫ ਕੇਸ ਦਰਜ ਕੀਤੇ ਜਾਣ। ਆਗੂਆਂ ਨੇ ਦੱਸਿਆ ਕਿ 16 ਅਪਰੈਲ ਨੂੰ ਕਿਸਾਨ-ਮਜ਼ਦੂਰ ਮੋਰਚੇ ਦੀ ਅਗਲੀ ਮੀਟਿੰਗ ਹੋਵੇਗੀ। ਇਸ ਵਿੱਚ ਸੰਘਰਸ਼ ਦੀ ਅੰਤਿਮ ਰੂਪ-ਰੇਖਾ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜਥੇਬੰਦੀ ਨੇ ਸੰਯੁਕਤ ਕਿਸਾਨ ਮੋਰਚੇ ਨੂੰ ਮੁੜ ਏਕਤਾ ਲਈ ਪੱਤਰ ਲਿਖਿਆ ਗਿਆ ਹੈ। ਮੀਟਿੰਗ ਦੌਰਾਨ ਸਰਵਣ ਸਿੰਘ ਪੰਧੇਰ, ਮਨਜੀਤ ਸਿੰਘ ਰਾਏ, ਦਿਲਬਾਗ ਸਿੰਘ ਹਰੀਗੜ੍ਹ ਆਦਿ ਹਾਜ਼ਰ ਸਨ।