ਬੀਬੀਐੱਮਬੀ ਦੇ ਚੇਅਰਮੈਨ ਵੱਲੋਂ ਪਾਣੀ ਛੱਡਣਾ ਕਾਇਰਾਨਾ ਹਰਕਤ: ਬੈਂਸ
ਬੀ ਐੱਸ ਚਾਨਾ
ਸ੍ਰੀ ਕੀਰਤਪੁਰ ਸਾਹਿਬ, 8 ਮਈ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਲੋਹਾਂਦ ਖੱਡ ਗੇਟਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਸ੍ਰੀ ਬੈਂਸ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਪਾਣੀਆਂ ਦੀ ਲੜਾਈ ਇਕੱਲੀ ਸਾਡੀ ਪਾਰਟੀ ਦੀ ਲੜਾਈ ਨਹੀਂ ਹੈ, ਸਗੋਂ ਇਹ ਸਾਰੇ ਪੰਜਾਬ ਦੀ ਲੜਾਈ ਹੈ, ਜਿਸ ਨੂੰ ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ ਲੜਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਸਵੇਰੇ ਕਰੀਬ 8.30 ਵਜੇ ਬੀਬੀਐੱਮਬੀ ਦੇ ਚੇਅਰਮੈਨ ਵੱਲੋਂ ਇੱਥੇ ਆ ਕੇ ਹਰਿਆਣਾ ਨੂੰ ਪਾਣੀ ਛੱਡਣ ਦੀ ਕਾਇਰਰਾਨਾ ਹਰਕਤ ਕੀਤੀ ਗਈ ਜੋ ਬਰਦਾਸ਼ਤ ਕਰਨ ਦੇ ਯੋਗ ਨਹੀਂ ਸੀ। ਉਨ੍ਹਾਂ ਕਿਹਾ ਕਿ ਚੇਅਰਮੈਨ ਵੱਲੋਂ ਪੰਜਾਬ ਦੇ ਸਥਾਨਕ ਕਰਮਚਾਰੀਆਂ ਨੂੰ ਡਰਾ ਕੇ ਇਥੋਂ ਹਰਿਆਣਾ ਨੂੰ ਵਾਧੂ ਪਾਣੀ ਛੱਡਿਆ ਗਿਆ, ਜਿਸ ਬਾਰੇ ਪਤਾ ਲੱਗਣ ’ਤੇ ਸਥਾਨਕ ਲੋਕ ਲੋਹਾਂਦ ਖੱਡ ਪੁੱਜੇ, ਜਿੱਥੋਂ ਬੀਬੀਐੱਮਬੀ ਦੇ ਚੇਅਰਮੈਨ ਨੰਗਲ ਲਈ ਰਵਾਨਾ ਹੋ ਗਏ। ਉਨ੍ਹਾਂ ਕਿਹਾ ਕਿ ਜੇ ਨੰਗਲ ਤੋਂ ਪਾਣੀ ਛੱਡ ਦਿੱਤਾ ਜਾਂਦਾ ਤਾਂ ਪੰਜਾਬ ਸਰਕਾਰ ਵੱਲੋਂ ਦਰਿਆਵਾਂ ਦੇ ਕਿਨਾਰੇ ਲਗਾਏ ਜਾ ਰਹੇ ਡੰਗਿਆਂ, ਨਹਿਰਾਂ ਦੀ ਕੀਤੀ ਜਾ ਰਹੀ ਮੁਰੰਮਤ ਦੇ ਕੰਮ ਨੂੰ ਖਤਰਾ ਪੈਦਾ ਹੋ ਜਾਣਾ ਸੀ। ਇਸ ਨਾਲ ਕਈ ਪਿੰਡਾਂ ਦਾ ਨੁਕਸਾਨ ਵੀ ਹੋ ਸਕਦਾ ਸੀ। ਬੈਂਸ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਦੇ ਹੁਕਮ ਜਾਰੀ ਕਰਕੇ ਪੰਜਾਬ ਦੇ ਖ਼ਿਲਾਫ਼ ਕੋਈ ਸਾਜਿਸ਼ ਰਚੀ ਜਾ ਰਹੀ ਹੈ, ਜਿਸ ਬਾਰੇ ਪੰਜਾਬ ਸਰਕਾਰ ਵੱਲੋਂ ਆਪਣੇ ਪੱਧਰ ’ਤੇ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਕਿਸੇ ਨੂੰ ਵੀ ਦੇਣ ਲਈ ਵਾਧੂ ਪਾਣੀ ਨਹੀਂ ਹੈ।
ਧਾਲੀਵਾਲ ਵੱਲੋਂ ਮੁੱਖ ਮੰਤਰੀ ਦੀ ਸ਼ਲਾਘਾ
ਚੇਤਨਪੁਰਾ (ਪੱਤਰ ਪ੍ਰੇਰਕ): ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਭਾਖੜਾ ਡੈਮ ਤੋਂ ਕਥਿਤ ਤੌਰ ’ਤੇ ਭਾਖੜਾ ਬਿਆਸ ਮੈਨਜਮੈਂਟ ਦੇ ਚੇਅਰਮੈਨ ਤੇ ਸਕੱਤਰ ਵੱਲੋਂ ਪੰਜਾਬ ਸਰਕਾਰ ਨੂੰ ਬਿਨਾਂ ਕੋਈ ਅਗਾਊਂ ਜਾਣਕਾਰੀ ਦਿੱਤੇ ਕਥਿਤ ਤੌਰ ’ਤੇ ਚੋਰੀ ਛੁਪੇ ਪੰਜਾਬ ਦੇ ਪਾਣੀਆਂ ਨੂੰ ਹਰਿਆਣਾ ਲਈ ਛੱਡੇ ਜਾਣ ਦੀ ਕਾਰਵਾਈ ਨੂੰ ਰੋਕਣ ਲਈ ਨਿੱਜੀ ਤੌਰ ’ਤੇ ਨੰਗਲ ਡੈਮ ਵਿਖੇ ਪੁੱਜਣ ਦੀ ਸ਼ਲਾਘਾ ਕੀਤੀ। ਸ੍ਰੀ ਧਾਲੀਵਾਲ ਨੇ ਬੀਬੀਐੱਮਬੀ ਦੇ ਚੇਅਰਮੈਨ ਤੇ ਸਕੱਤਰ ਦੀ ਪੰਜਾਬ ਦੇ ਪਾਣੀਆਂ ’ਤੇ ਕਥਿਤ ਤੌਰ ’ਤੇ ਡਾਕਾ ਮਾਰ ਕੇ ਹਰਿਆਣਾ ਨੂੰ ਅੱਜ ਸਵੇਰ ਪਾਣੀ ਛੱਡਣ ਦੀ ਕਾਰਵਾਈ ਦੀ ਵੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਆਪਣੇ ਦਿੱਤੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਲਈ ਸਮਾਂ ਦਿੱਤਾ ਹੈ ਪਰ ਬੀਬੀਐੱਮਬੀ ਨੇ ਕਥਿਤ ਤੌਰ ’ਤੇ ਹਰਿਆਣਾ ਨੂੰ ਪੰਜਾਬ ਵਿਰੋਧੀ ਭਾਜਪਾ ਦੇ ਹੁਕਮ ਪੁਗਾਉਣ ਲਈ ਜ਼ਿੱਦ ਫੜੀ ਹੋਈ ਹੈ, ਜਿਸ ਨੂੰ ਸੂਬਾ ਸਰਕਾਰ ਕਦਾਚਿਤ ਪੂਰੀ ਨਹੀਂ ਹੋਣ ਦੇਵੇਗੀ।