ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਵੱਖਰਾ ਕਾਨੂੰਨ ਬਣਾਇਆ ਜਾਵੇ: ਗੜਗੱਜ
ਸੁਭਾਸ਼ ਚੰਦਰ
ਸਮਾਣਾ, 4 ਅਪਰੈਲ
ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਤੁਰੰਤ ਵੱਖਰਾ ਸਖ਼ਤ ਕਾਨੂੰਨ ਬਣਾਇਆ ਜਾਵੇ। ਸਮਾਣਾ ਵਿੱਚ ਲੱਗੇ ਟਾਵਰ ਮੋਰਚੇ ’ਚ ਸ਼ਿਰਕਤ ਕਰਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਸਿੱਖ ਜਗਤ ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨਦਾ ਹੈ ਅਤੇ ਭਾਰਤ ਦੀ ਸਰਵ ਉੱਚ ਅਦਾਲਤ ਨੇ ਗੁਰੂ ਗ੍ਰੰਥ ਸਾਹਿਬ ਨੂੰ ‘ਜੀਵਤ ਗੁਰੂ’ ਤਸਦੀਕ ਕੀਤਾ ਹੈ। ਇਸ ਲਈ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੁੱਧ ਸਖ਼ਤ ਤੋਂ ਸਖ਼ਤ ਵੱਖਰਾ ਕਾਨੂੰਨ ਬਣਾਉਣਾ ਜ਼ਰੂਰੀ ਹੈ। ਕਾਨੂੰਨ ਬਣਾਉਣ ਦੀ ਮੰਗ ਲਈ ਪਿਛਲੇ 6 ਮਹੀਨੇ ਤੋਂ 400 ਫੁੱਟ ਉੱਚੇ ਟਾਵਰ ’ਤੇ ਚੜ੍ਹੇ ਭਾਈ ਗੁਰਜੀਤ ਸਿੰਘ ਫੌਜੀ ਨੂੰ ਪ੍ਰਸ਼ਾਦਾ ਛਕਣ ਦਾ ਹੁਕਮ ਕਰਦਿਆਂ ਜਥੇਦਾਰ ਗੜਗੱਜ ਨੇ ਆਖਿਆ ਕਿ ਸਿੱਖ ਧਰਮ ’ਚ ਮਰਨ ਵਰਤ ਰੱਖਣੇ ਸਹੀ ਨਹੀਂ ਹਨ। ਉਨ੍ਹਾਂ ਕਿਹਾ ਕਿ ਉਹ ਭਾਈ ਗੁਰਜੀਤ ਸਿੰਘ ਨੂੰ ਟਾਵਰ ਤੋਂ ਹੇਠਾਂ ਆਉਣ ਲਈ ਨਹੀਂ ਕਹਿ ਸਕਦੇ ਕਿਉਂਕਿ ਸਿੱਖ ਸੰਘਰਸ਼ ਕਰਦੇ ਆਏ ਹਨ। ਜਥੇਦਾਰ ਗੜਗੱਜ ਨੇ ਆਖਿਆ ਕਿ ਗੁਰੂ ਗ੍ਰੰਥ ਸਾਹਿਬ ’ਚ ਭਾਰਤ ਦੇ ਕੋਨੇ-ਕੋਨੇ ’ਚੋਂ ਆਏ ਭਗਤਾਂ ਦੀ ਬਾਣੀ ਦਰਜ ਹੈ ਅਤੇ ਸਾਂਝੀਵਾਲਤਾ ਦਾ ਉਪਦੇਸ਼ ਹੈ ਫਿਰ ਵੀ ਕੇਂਦਰ ਅਤੇ ਰਾਜ ਸਰਕਾਰ ਸਖ਼ਤ ਕਾਨੂੰਨ ਬਣਾਉਣ ਤੋਂ ਟਾਲਾ ਕਿਉਂ ਵੱਟ ਰਹੀਆਂ ਹਨ? ਉਨ੍ਹਾਂ ਪੰਜਾਬ ਦੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੂੰ ਸਵਾਲ ਕੀਤਾ ਕਿ ਉਹ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਸਖ਼ਤ ਕਾਨੂੰਨ ਬਣਾਉਣ ਸਬੰਧੀ ਚੁੱਪ ਕਿਉਂ ਹਨ? ਉਨ੍ਹਾਂ ਕਿਹਾ ਕਿ ਪੰਥਕ ਲੀਡਰਾਂ ਨੂੰ ਵੀ ਸਖ਼ਤ ਕਾਨੂੰਨ ਦੀ ਮੰਗ ਲਈ ਅੱਗੇ ਆਉਣਾ ਚਾਹੀਦਾ ਹੈ।