ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੇਰੁਜ਼ਗਾਰ ਅਧਿਆਪਕਾਂ ਤੇ ਪੁਲੀਸ ਵਿਚਾਲੇ ਖਿੱਚ-ਧੂਹ

08:48 AM Sep 06, 2023 IST
ਸੰਗਰੂਰ ’ਚ ਮੁੱਖ ਮੰਤਰੀ ਦੀ ਕੋਠੀ ਅੱਗੇ ਬੇਰੁਜ਼ਗਾਰਾਂ ਦੀ ਖਿੱਚ-ਧੂਹ ਕਰਦੀ ਹੋਈ ਪੁਲੀਸ।

ਗੁਰਦੀਪ ਸਿੰਘ ਲਾਲੀ
ਸੰਗਰੂਰ, 5 ਸਤੰਬਰ
ਅਧਿਆਪਕ ਦਿਵਸ ਮੌਕੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ਈਟੀਟੀ ਟੈਟ ਪਾਸ ਬੇਰੁਜ਼ਗਾਰ ਅਧਿਆਪਕਾਂ ਅਤੇ ਪੁਲੀਸ ਵਿਚਕਾਰ ਖਿੱਚਧੂਹ ਹੋਈ ਜਿਸ ਦੌਰਾਨ ਕਈ ਮਹਿਲਾ ਅਧਿਆਪਕਾਂ ਜ਼ਮੀਨ ’ਤੇ ਡਿੱਗ ਪਈਆਂ, ਜਿਨ੍ਹਾਂ ’ਚੋਂ ਇੱਕ ਅਧਿਆਪਕਾ ਬੇਹੋਸ਼ ਹੋ ਗਈ। ਕਈ ਮਹਿਲਾ ਅਧਿਆਪਕਾਂ ਦੀਆਂ ਚੁੰਨੀਆਂ ਲੱਥ ਗਈਆਂ ਅਤੇ ਕਈ ਮਹਿਲਾ ਪੁਲੀਸ ਮੁਲਾਜ਼ਮਾਂ ਨੂੰ ਵੀ ਖਿੱਚਧੂਹ ਦਾ ਸ਼ਿਕਾਰ ਹੋਣਾ ਪਿਆ ਅਤੇ ਕਈਆਂ ਦੇ ਵਰਦੀ ਤੋਂ ਬੈਜ ਤੱਕ ਉਖੜ ਗਏ। ਪੁਲੀਸ ਵਲੋਂ ਰੋਕੇ ਜਾਣ ’ਤੇ ਬੇਰੁਜ਼ਗਾਰ ਅਧਿਆਪਕਾਂ ਨੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ। ਬੇਰੁਜ਼ਗਾਰ ਅਧਿਆਪਕ ਮੰਗ ਕਰ ਰਹੇ ਸਨ ਕਿ ਈਟੀਟੀ ਕਾਡਰ ਦੀਆਂ 5994 ਅਧਿਆਪਕਾਂ ਦੀ ਭਰਤੀ ਸਿੰਗਲ ਲਿਸਟ ਵਿਚ ਪੂਰੀ ਕੀਤੀ ਜਾਵੇ।
ਈਟੀਟੀ ਟੈਟ ਪਾਸ ਬੇਰੁਜ਼ਗਾਰ 5994 ਅਧਿਆਪਕ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਰਾਜ ਭਰ ਤੋਂ ਸੈਂਕੜੇ ਬੇਰੁਜ਼ਗਾਰ ਅਧਿਆਪਕ ਸਥਾਨਕ ਪਟਿਆਲਾ ਰੋਡ ਸਥਿਤ ਮਿਲਕ ਪਲਾਂਟ ਨੇੜੇ ਇਕੱਠੇ ਹੋਏ ਜਿਥੋਂ ਉਹ ਰੋਸ ਮਾਰਚ ਕਰਦੇ ਹੋਏ ਜਿਉਂ ਹੀ ਮੁੱਖ ਮੰਤਰੀ ਦੀ ਰਿਹਾਇਸ਼ੀ ਕਲੋਨੀ ਦੇ ਮੁੱਖ ਗੇਟ ਨਜ਼ਦੀਕ ਪੁੱਜੇ ਤਾਂ ਪੁਲੀਸ ਵਲੋਂ ਲਾਏ ਬੈਰੀਕੇਡ ’ਤੇ ਉਨ੍ਹਾਂ ਨੂੰ ਰੋਕ ਲਿਆ ਗਿਆ। ਬੇਰੁਜ਼ਗਾਰ ਅਧਿਆਪਕਾਂ ਨੇ ਜਬਰੀ ਪੁਲੀਸ ਨੂੰ ਧੂਹ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਦੀ ਪੁਲੀਸ ਨਾਲ ਝੜਪ ਹੋ ਗਈ। ਐੱਸਪੀ ਪਲਵਿੰਦਰ ਸਿੰਘ ਚੀਮਾ ਨੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕੀਤਾ। ਇਸ ਮੌਕੇ ਯੂਨੀਅਨ ਦੀ ਸੂਬਾ ਕਮੇਟੀ ਮੈਂਬਰ ਬਲਿਹਾਰ ਸਿੰਘ ਬੱਲੀ, ਕੁਲਵਿੰਦਰ ਸਿੰਘ ਬਰੇਟਾ, ਅਮਨ ਖੰਨਾ, ਬੱਗਾ ਖੁਡਾਲ, ਪਰਗਟ ਬੋਹਾ, ਅਰਸ਼ ਬਠਿੰਡਾ ਅਤੇ ਬੰਟੀ ਅਬੋਹਰ ਨੇ ਕਿਹਾ ਕਿ ਈਟੀਟੀ ਕਾਡਰ ਦੀਆਂ 5994 ਅਧਿਆਪਕਾਂ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਇਸ ਸਾਲ 5 ਮਾਰਚ ਨੂੰ ਹੋਈ ਸੀ ਪਰ ਸੱਤ ਮਹੀਨੇ ਬੀਤਣ ਦੇ ਬਾਵਜੂਦ ਅਜੇ ਤੱਕ ਭਰਤੀ ਨੂੰ ਮੁਕੰਮਲ ਨਹੀਂ ਕੀਤਾ ਗਿਆ ਜਦਕਿ ਜੁਲਾਈ ਤੱਕ ਅਧਿਆਪਕਾਂ ਨੂੰ ਜੁਆਇਨ ਕਰਾਉਣ ਦਾ ਵਾਅਦਾ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਸਿੱਖਿਆ ਮੰਤਰੀ ਤੇ ਵਿਭਾਗ ਦੇ ਉਚ ਅਧਿਕਾਰੀਆਂ ਨਾਲ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਟਾਲਮਟੋਲ ਤੋਂ ਸਿਵਾਏ ਕੁਝ ਵੀ ਨਹੀਂ ਕੀਤਾ ਗਿਆ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੂਨੀਅਨ ਦੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ 16 ਸਤੰਬਰ ਦੀ ਚੰਡੀਗੜ੍ਹ ਵਿਚ ਮੀਟਿੰਗ ਤੈਅ ਕਰਵਾਈ ਗਈ, ਜਿਸ ਮਗਰੋਂ ਧਰਨਾ ਸਮਾਪਤ ਹੋਇਆ।

Advertisement

ਬੀਐੱਡ ਬੇਰੁਜ਼ਗਾਰ ਅਧਿਆਪਕਾਂ ਨੇ ਰੋਸ ਪ੍ਰਗਟਾਇਆ

ਸੰਗਰੂਰ ਵਿੱਚ ਬੀ.ਐੱਡ. ਬੇਰੁਜ਼ਗਾਰ ਅਧਿਆਪਕ ਤੇ ਪੁਲੀਸ ਮੁਲਾਜ਼ਮ ਧੱਕਾ-ਮੁੱਕੀ ਹੁੰਦੇ ਹੋਏ।

ਬੀਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵਲੋਂ ਇਥੇ ਮੁੱਖ ਮੰਤਰੀ ਦੀ ਕੋਠੀ ਅੱਗੇ ਪੁਲੀਸ ਨਾਲ ਧੱਕਾ-ਮੁੱਕੀ ਮਗਰੋਂ ਰੋਸ ਧਰਨਾ ਦਿੱਤਾ ਗਿਆ। ਇਸ ਤੋਂ ਪਹਿਲਾਂ ਬੇਰੁਜ਼ਗਾਰ ਅਧਿਆਪਕਾਂ ਵਲੋਂ ਮੁੱਖ ਮੰਤਰੀ ਦੀ ਕੋਠੀ ਤੱਕ ਰੋਸ ਮਾਰਚ ਕੀਤਾ ਗਿਆ। ਪ੍ਰਦਰਸ਼ਨਕਾਰੀ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ਸੀ ਪਰ ਪੁਲੀਸ ਨੇ ਅੱਗੇ ਨਹੀਂ ਵਧਣ ਦਿੱਤਾ। ਇਸ ਤੋਂ ਪਹਿਲਾਂ ਬੇਰੁਜ਼ਗਾਰ ਅਧਿਆਪਕ ਮਿਲਕ ਪਲਾਂਟ ਤੋਂ ਮੁੱਖ ਮੰਤਰੀ ਦੀ ਕੋਠੀ ਤੱਕ ਰੋਸ ਮਾਰਚ ਕਰਦਿਆਂ ਜਿਉਂ ਹੀ ਕਲੋਨੀ ਦੇ ਮੁੱਖ ਗੇਟ ’ਤੇ ਪੁੱਜੇ ਤਾਂ ਪੁਲੀਸ ਨੇ ਰੋਕ ਲਿਆ। ਯੂਨੀਅਨ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਪੱਕਾ ਤੇ ਸੀਨੀਅਰ ਮੀਤ ਪ੍ਰਧਾਨ ਅਮਨਦੀਪ ਸਿੰਘ ਸੇਖਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੋਟਾਂ ਤੋਂ ਪਹਿਲਾਂ ਕੀਤੇ ਵਾਅਦੇ ਸੱਤਾ ’ਤੇ ਕਾਬਜ਼ ਹੋਣ ਮਗਰੋਂ ਪੂਰਾ ਕਰਨ ਵਿਚ ਫੇਲ੍ਹ ਸਾਬਤ ਹੋਈ ਹੈ। ਬੁਲਾਰਿਆਂ ਨੇ ਮੰਗ ਕੀਤੀ ਕਿ ਮਾਸਟਰ ਕੇਡਰ ਵਿੱਚ ਨਵੀਂ ਭਰਤੀ ਕੀਤੀ ਜਾਵੇ, ਨੌਕਰੀ ਲਈ ਗਰੈਜੂਏਸ਼ਨ ਵਿੱਚੋਂ ਲਾਈ 55 ਫੀਸਦੀ ਦੀ ਸ਼ਰਤ ਨੂੰ ਮੁੱਢੋਂ ਰੱਦ ਕੀਤਾ ਜਾਵੇ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੂਨੀਅਨ ਦੀ ਮੁੱਖ ਮੰਤਰੀ ਦੀ ਡਿਪਟੀ ਪ੍ਰਿੰਸੀਪਲ ਸਕੱਤਰ ਨਵਰਾਜ ਸਿੰਘ ਬਰਾੜ ਨਾਲ ਮੀਟਿੰਗ ਤੈਅ ਕਰਵਾਈ ਗਈ।

Advertisement
Advertisement