ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਵੱਲੋਂ ਯੂਟੀ ਪ੍ਰਸ਼ਾਸਕ ਨਾਲ ਮੁਲਾਕਾਤ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 7 ਜਨਵਰੀ
ਚੰਡੀਗੜ੍ਹ ਵਿੱਚ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਕੈਰੋਲੀਨ ਰੋਵੇਟ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਪੰਜਾਬ ਰਾਜ ਭਵਨ ਵਿੱਚ ਮੁਲਾਕਾਤ ਕੀਤੀ। ਇਸ ਦੌਰਾਨ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਨੇ ਪੰਜਾਬ, ਚੰਡੀਗੜ੍ਹ ਅਤੇ ਬਰਤਾਨੀਆ ਦਰਮਿਆਨ ਆਪਸੀ ਸਹਿਯੋਗ ਦੇ ਵੱਖ-ਵੱਖ ਖੇਤਰਾਂ ’ਤੇ ਚਰਚਾ ਕੀਤੀ। ਇਹ ਮੁਲਾਕਾਤ ਮੁੱਖ ਚੁਣੌਤੀਆਂ ਨਾਲ ਨਜਿੱਠਣ ਅਤੇ ਆਪਸੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸਹਿਯੋਗ ਵਧਾਉਣ ’ਤੇ ਕੇਂਦਰਿਤ ਸੀ।
ਰਾਜਪਾਲ ਅਤੇ ਸ੍ਰੀਮਤੀ ਰੋਵੇਟ ਨੇ ਗ਼ੈਰ-ਕਾਨੂੰਨੀ ਪ੍ਰਵਾਸ ਅਤੇ ਇਮੀਗ੍ਰੇਸ਼ਨ ਵਿੱਚ ਧੋਖਾਧੜੀ ਰੋਕਣ ਲਈ ਸਾਂਝੇ ਯਤਨਾਂ ਵਿੱਚ ਤੇਜ਼ੀ ਲਿਆਉਣ ਦੀ ਲੋੜ ’ਤੇ ਜ਼ੋਰ ਦਿੱਤਾ। ਰਾਜਪਾਲ ਨੇ ਪੰਜਾਬ, ਚੰਡੀਗੜ੍ਹ ਅਤੇ ਬਰਤਾਨੀਆ ਦਰਮਿਆਨ ਸਿੱਖਿਆ ਆਦਾਨ-ਪ੍ਰਦਾਨ ਪ੍ਰੋਗਰਾਮਾਂ ਦਾ ਵਿਸਥਾਰ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਇਸ ਦੇ ਨਾਲ ਹੀ ਰਾਜਪਾਲ ਨੇ ਸੱਭਿਆਚਾਰਕ ਅਤੇ ਖੇਡ ਸਬੰਧਾਂ ਨੂੰ ਉਤਸ਼ਾਹਿਤ ਕਰਨ ਲਈ ਬਰਤਾਨੀਆ ਅਤੇ ਯੂਟੀ ਚੰਡੀਗੜ੍ਹ ਦਰਮਿਆਨ ਖੇਡ ਆਦਾਨ-ਪ੍ਰਦਾਨ ਪ੍ਰੋਗਰਾਮਾਂ ਦੀ ਸ਼ੁਰੂਆਤ ਦਾ ਮਤਾ ਵੀ ਰੱਖਿਆ। ਦੋਵੇਂ ਪਤਵੰਤੇ ਹਾਕੀ ਅਤੇ ਕ੍ਰਿਕਟ ਵਿੱਚ ਆਦਾਨ-ਪ੍ਰਦਾਨ ਪ੍ਰੋਗਰਾਮ ਸ਼ੁਰੂ ਕਰਨ ਲਈ ਸਹਿਮਤ ਹੋਏ। ਇਸ ਮੌਕੇ ਗਲੋਬਲ ਵਾਰਮਿੰਗ, ਠੋਸ ਰਹਿੰਦ-ਖੂੰਹਦ ਪ੍ਰਬੰਧਨ, ਪ੍ਰਦੂਸ਼ਣ ਕੰਟਰੋਲ, ਹਰੀ ਊਰਜਾ ਅਤੇ ਬਾਇਓਮਾਸ ਪ੍ਰਾਜੈਕਟਾਂ ਵਰਗੇ ਆਲਮੀ ਮਸਲੇ ਵੀ ਵਿਚਾਰੇ ਗਏ। ਦੋਵਾਂ ਧਿਰਾਂ ਨੇ ਟਿਕਾਊ ਹੱਲਾਂ ਨੂੰ ਲਾਗੂ ਕਰਨ ਲਈ ਸਾਂਝੇ ਯਤਨਾਂ ਦੀ ਲੋੜ ਨੂੰ ਕਬੂਲਿਆ।