ਬੱਚਿਆਂ ਦੇ ਗੁਰਮਤਿ ਮੁਕਾਬਲੇ ਕਰਵਾਏ
ਗੁਰਦੁਆਰਾ ਸਿੰਘ ਸਭਾ ਅਕਾਲ ਸਾਹਿਬ ਪ੍ਰਤਾਪ ਨਗਰ ਵਿੱਚ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੀ ਯਾਦ ਵਿੱਚ ਪਰਮਜੀਤ ਕੌਰ ਦੀ ਅਗਵਾਈ ਹੇਠ ਬੱਚਿਆਂ ਦੇ ਗੁਰਮਤਿ ਮੁਕਾਬਲੇ ਕਰਾਏ ਗਏ ਜਿਸ ਵਿੱਚ 150 ਤੋਂ ਵੱਧ ਬੱਚਿਆਂ ਨੇ ਹਿੱਸਾ ਲਿਆ। ਇਸ ਮੌਕੇ ਬੱਚਿਆਂ ਨੇ ਕਵਿਤਾਵਾਂ, ਸਾਖੀਆਂ, ਢਾਡੀ ਵਾਰਾਂ ਅਤੇ ਗੁਰਬਾਣੀ ਕੰਠ ਮੁਕਾਬਲੇ ਵਿੱਚ ਹਿੱਸਾ ਲਿਆ। ਗੁਰਦੁਆਰਾ ਕਮੇਟੀ ਦੇ ਚੇਅਰਮੈਨ ਸੋਹਣ ਸਿੰਘ ਗੋਗਾ ਅਤੇ ਪ੍ਰਧਾਨ ਕੁੰਦਨ ਸਿੰਘ ਨਾਗੀ ਦੀ ਅਗਵਾਈ ਹੇਠ ਪ੍ਰਬੰਧਕ ਕਮੇਟੀ ਵੱਲੋਂ ਬੱਚਿਆਂ ਨੂੰ ਇਨਾਮ ਵੰਡੇ ਗਏ।
ਇਸ ਮੌਕੇ ਸ੍ਰੀ ਗੋਗਾ ਅਤੇ ਪਰਮਜੀਤ ਕੌਰ ਨੇ ਦੱਸਿਆ ਕਿ ਬੱਚਿਆਂ ਨੂੰ ਸਿੱਖ ਕੌਮ ਦੇ ਕੁਰਬਾਨੀਆਂ ਭਰੇ ਇਤਿਹਾਸ ਬਾਰੇ ਜਾਗਰੂਕ ਕਰਕੇ ਸਿੱਖੀ ਦਾ ਪ੍ਰਚਾਰ ਤੇ ਪਾਸਾਰ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਬੱਚਿਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਹੈ। ਸਮਾਗਮ ਵਿੱਚ ਸਿੱਖ ਮਿਸ਼ਨਰੀ ਕਾਲਜ ਦੇ ਜਸਪਾਲ ਸਿੰਘ ਤੋਂ ਇਲਾਵਾ ਹਰਪਾਲ ਸਿੰਘ, ਹਰਜਿੰਦਰ ਸਿੰਘ ਸੰਧੂ, ਬਲਵਿੰਦਰ ਸਿੰਘ, ਬਲਬੀਰ ਸਿੰਘ, ਮਾਨ ਸਿੰਘ ਬਿੱਟੂ ਅਤੇ ਦਵਿੰਦਰ ਸ਼ਰਮਾ ਵੀ ਹਾਜ਼ਰ ਸਨ। ਸਮਾਗਮ ਮਗਰੋਂ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।