For the best experience, open
https://m.punjabitribuneonline.com
on your mobile browser.
Advertisement

ਭਗਵੰਤ ਮਾਨ ਵੱਲੋਂ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸ਼ੁਰੂ

08:22 AM Nov 28, 2023 IST
ਭਗਵੰਤ ਮਾਨ ਵੱਲੋਂ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸ਼ੁਰੂ
ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਯਾਤਰਾ ਨੂੰ ਹਰੀ ਝੰਡੀ ਦਿਖਾਉਂਦੇ ਹੋਏ।
Advertisement

* ਤਿੰਨ ਮਹੀਨਿਆਂ ਵਿੱਚ 50 ਹਜ਼ਾਰ ਤੋਂ ਵੱਧ ਸ਼ਰਧਾਲੂ ਕਰਨਗੇ ਧਾਰਮਿਕ ਸਥਾਨਾਂ ਦੀ ਯਾਤਰਾ

* ਵਿਰੋਧੀ ਪਾਰਟੀਆਂ ’ਤੇ ਗੁਮਰਾਹਕੁਨ ਪ੍ਰਚਾਰ ਕਰਨ ਦੇ ਦੋਸ਼ ਲਾਏ

ਪਵਨ ਕੁਮਾਰ ਵਰਮਾ/ਹਰਦੀਪ ਸਿੰਘ ਸੋਢੀ
ਧੂਰੀ, 27 ਨਵੰਬਰ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ਅੱਜ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸ਼ੁਰੂ ਕੀਤੀ। ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਫਲਸਫ਼ੇ ਮੁਤਾਬਕ ਹੈ, ਜਿਨ੍ਹਾਂ ਲੋਕਾਈ ਨੂੰ ਭਾਈਚਾਰੇ ਤੇ ਅਮਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨੂੰ ਦੇਸ਼ ਭਰ ਦੇ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸੂਬਾ ਸਰਕਾਰ ਨੇ ਇਹ ਸਕੀਮ ਸ਼ੁਰੂ ਕੀਤੀ ਹੈ। ਅੱਜ ਪਹਿਲੀ ਗੱਡੀ ਅੰਮ੍ਰਿਤਸਰ ਤੋਂ ਹਜ਼ੂਰ ਸਾਹਿਬ ਲਈ ਰਵਾਨਾ ਹੋਈ, ਜੋ ਧੂਰੀ ਰੇਲਵੇ ਸਟੇਸ਼ਨ ਤੋਂ ਲੰਘੀ। ਇਸ ਵਿੱਚ ਕਰੀਬ 1300 ਯਾਤਰੀ ਸਵਾਰ ਸਨ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਇਕ ਹੋਰ ਮਿਸਾਲੀ ਪਹਿਲਕਦਮੀ ਤਹਿਤ ਸੂਬਾ ਸਰਕਾਰ ਨੇ ਲੋਕਾਂ ਨੂੰ ਅਨਾਜ ਦੀ ਘਰ-ਘਰ ਸਪਲਾਈ ਦੀ ਵੀ ਸ਼ੁਰੂਆਤ ਕੀਤੀ ਹੈ।

Advertisement

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੋਮਵਾਰ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੀ ਸ਼ੁਰੂਆਤ ਕਰਦੇ ਹੋਏ।

ਮੁੱਖ ਮੰਤਰੀ ਨੇ ਦੱਸਿਆ ਕਿ ਆਗਾਮੀ ਤਿੰਨ ਮਹੀਨਿਆਂ ਵਿੱਚ 50 ਹਜ਼ਾਰ ਤੋਂ ਵੱਧ ਸ਼ਰਧਾਲੂ ਧਾਰਮਿਕ ਸਥਾਨਾਂ ਦੀ ਯਾਤਰਾ ਕਰਨਗੇ। ਉਨ੍ਹਾਂ ਦੱਸਿਆ ਕਿ ਹਰ ਅੱਠ ਦਿਨਾਂ ਬਾਅਦ ਚੱਲਣ ਵਾਲੀਆਂ ਇਨ੍ਹਾਂ 13 ਰੇਲ ਗੱਡੀਆਂ ’ਚੋਂ ਹਰ ਗੱਡੀ ਵਿੱਚ ਇਕ ਹਜ਼ਾਰ ਯਾਤਰੀ ਜਾਣਗੇ। ਬਾਕੀ ਸ਼ਰਧਾਲੂ ਬੱਸਾਂ ਰਾਹੀਂ ਸਫ਼ਰ ਕਰਨਗੇ। ਰੋਜ਼ਾਨਾ ਦਸ ਬੱਸਾਂ ਚੱਲਣਗੀਆਂ, ਜਿਨ੍ਹਾਂ ’ਚੋਂ ਹਰ ਬੱਸ ਵਿੱਚ 43 ਯਾਤਰੀ ਸਵਾਰ ਹੋਣਗੇ। ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਨਾਲ ਨਜਿੱਠਣ ਲਈ ਇਨ੍ਹਾਂ ਯਾਤਰੀਆਂ ਨਾਲ ਡਾਕਟਰਾਂ, ਵਾਲੰਟੀਅਰਾਂ ਤੇ ਅਧਿਕਾਰੀਆਂ ਦੀ ਇਕ ਟੀਮ ਵੀ ਸਫ਼ਰ ਕਰੇਗੀ।
ਭਗਵੰਤ ਮਾਨ ਨੇ ਕਿਹਾ ਕਿ ਇਹ ਸਕੀਮ ਪਹਿਲਾਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਦਿੱਲੀ ਸਰਕਾਰ ਨੇ ਸ਼ੁਰੂ ਕੀਤੀ ਸੀ। ਹੁਣ ਇਹ ਸਕੀਮ ਪੰਜਾਬ ਵਿੱਚ ਵੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਸ਼ਰਧਾਲੂਆਂ ਨੂੰ ਏਸੀ ਕਮਰੇ ਤੇ ਖਾਣ-ਪੀਣ ਦੀਆਂ ਵਸਤਾਂ ਵੀ ਮੁਹੱਈਆਂ ਕਰਵਾਈਆਂ ਜਾਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ਉਨ੍ਹਾਂ ਦੀ ਸਰਕਾਰ ਖ਼ਿਲਾਫ਼ ਬੋਲਣ ਲਈ ਕੋਈ ਮੁੱਦਾ ਨਹੀਂ ਹੈ। ਉਹ ਵੱਖ-ਵੱਖ ਮੁੱਦਿਆਂ ’ਤੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਸ ਗੁਮਰਾਹਕੁਨ ਪ੍ਰਚਾਰ ਵੱਲ ਧਿਆਨ ਨਾ ਦੇ ਕੇ ਰੰਗਲਾ ਪੰਜਾਬ ਬਣਾਉਣ ਲਈ ਸੂਬਾ ਸਰਕਾਰ ਦੇ ਯਤਨਾਂ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ। ਪਿਛਲੀਆਂ ਸਰਕਾਰਾਂ ’ਤੇ ਨਿਸ਼ਾਨਾ ਸੇਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਕੇ ਬੇਸ਼ੁਮਾਰ ਦੌਲਤ ਇਕੱਠੀ ਕੀਤੀ ਅਤੇ ਆਪਣੇ ਲਈ ਵੱਡੇ-ਵੱਡੇ ਮਹਿਲਨੁਮਾ ਘਰ ਉਸਾਰੇ ਹਨ। ਇਨ੍ਹਾਂ ਮਹਿਲਨੁਮਾ ਘਰਾਂ ਦੀਆਂ ਕੰਧਾਂ ਤਾਂ ਉੱਚੀਆਂ ਹਨ, ਪਰ ਦਰਵਾਜ਼ੇ ਆਮ ਤੌਰ ’ਤੇ ਲੋਕਾਂ ਲਈ ਹਮੇਸ਼ਾ ਬੰਦ ਹੀ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਹਵਾ (ਪਵਨ) ਨੂੰ ਗੁਰੂ, ਪਾਣੀ ਨੂੰ ਪਿਤਾ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਹੁਣ ਸਮਾਂ ਆ ਗਿਆ ਹੈ ਕਿ ਅਸੀਂ ਵਾਤਾਵਰਨ ਬਚਾਉਣ ਦਾ ਸੰਕਲਪ ਲੈਂਦਿਆਂ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਈਏ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਸ ਮੌਕੇ ‘ਆਪ’ ਆਗੂ ਰਾਘਵ ਚੱਢਾ, ਸੰਦੀਪ ਪਾਠਕ, ਹਰਪਾਲ ਸਿੰਘ ਚੀਮਾ, ਲਾਲ ਚੰਦ ਕਟਾਰੂਚੱਕ, ਚੇਤਨ ਸਿੰਘ ਜੋੜਾਮਾਜਰਾ, ਡਾਕਟਰ ਬਲਬੀਰ ਸਿੰਘ ਸਿੱਧੂ, ਲਾਲਜੀਤ ਸਿੰਘ ਭੁੱਲਰ, ਨਰਿੰਦਰ ਕੌਰ ਭਰਾਜ, ਦੇਵ ਮਾਨ, ਜਮੀਲ ਉਰ ਰਹਿਮਾਨ ਤੇ ਹੋਰ ਹਾਜ਼ਰ ਸਨ।

ਕੇਜਰੀਵਾਲ ਵੱਲੋਂ ਪ੍ਰਕਾਸ਼ ਪੁਰਬ ਦੀ ਵਧਾਈ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਗੁਰੂ ਸਾਹਿਬਾਨ ਵੱਲੋਂ ਦਰਸਾਏ ਰਾਹ ’ਤੇ ਚੱਲ ਕੇ ਦਿੱਲੀ ਤੇ ਪੰਜਾਬ ਦੇ ਲੋਕਾਂ ਦੀ ਸੇਵਾ ਕਰ ਰਹੀ ਹੈ। ਕੇਜਰੀਵਾਲ ਨੇ ਕਿਹਾ ਕਿ ਅੱਜ ਉਨ੍ਹਾਂ ਨੇ ਲੋਕਾਂ ਦੀ ਸਹੂਲਤ ਲਈ ਯੋਜਨਾ ਸ਼ੁਰੂ ਕੀਤੀ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਅਫ਼ਸੋਸ ਪ੍ਰਗਟਾਇਆ ਕਿ ਪਿਛਲੇ 75 ਸਾਲਾਂ ’ਚ ਕਦੇ ਵੀ ਕਿਸੇ ਸਰਕਾਰ ਨੇ ਲੋਕਾਂ ਲਈ ਇਹ ਸਕੀਮ ਸ਼ੁਰੂ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਇਸ ਯੋਜਨਾ ’ਤੇ ਜੋ ਪੈਸਾ ਖਰਚ ਕੀਤਾ ਜਾ ਰਿਹਾ ਹੈ, ਉਹੀ ਪੈਸਾ ਪਿਛਲੀਆਂ ਸਰਕਾਰਾਂ ਵੱਲੋਂ ਆਪਣੀ ਮੌਜ ਮਸਤੀ ’ਤੇ ਖਰਚਿਆ ਜਾਂਦਾ ਸੀ।

Advertisement
Author Image

joginder kumar

View all posts

Advertisement
Advertisement
×