ਭਗਵੰਤ ਮਾਨ ਵੱਲੋਂ ਸ਼ਹੀਦਾਂ ਨੂੰ ਭਾਰਤ ਰਤਨ ਦੇਣ ਦੀ ਵਕਾਲਤ
ਅਹੁਦਿਆਂ ਦੀ ਲਾਲਸਾ ਵਿਚ ਮਨਪ੍ਰੀਤ ਬਾਦਲ ਨੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ’ਚ ਚੁੱਕੀ ਸਹੁੰ ਨੂੰ ਵਿਸਾਰਿਆ: ਮੁੱਖ ਮੰਤਰੀ
ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ
ਸ਼ਹੀਦ ਊਧਮ ਸਿੰਘ ਦੇ 84ਵੇਂ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜਮਹੂਰੀਅਤ ਦਾ ਘਾਣ ਕਰਕੇ ਸ਼ਹੀਦਾਂ ਦੀ ਮਹਾਨ ਵਿਰਾਸਤ ਨੂੰ ਢਾਹ ਲਾਈ ਹੈ। ਉਨ੍ਹਾਂ ਊਧਮ ਸਿੰਘ, ਭਗਤ ਸਿੰਘ ਅਤੇ ਕਰਤਾਰ ਸਿੰਘ ਸਰਾਭਾ ਵਰਗੇ ਮਹਾਨ ਸ਼ਹੀਦਾਂ ਨੂੰ ‘ਭਾਰਤ ਰਤਨ ਐਵਾਰਡ’ ਦੇਣ ਦੀ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਨੂੰ ‘ਭਾਰਤ ਰਤਨ ਐਵਾਰਡ’ ਦੇਣ ਨਾਲ ਐਵਾਰਡ ਦਾ ਮਾਣ ਹੋਰ ਵਧੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੰਡਨ ਤੋਂ ਸ਼ਹੀਦ ਊਧਮ ਸਿੰਘ ਦਾ ਨਿੱਜੀ ਸਮਾਨ ਵਾਪਸ ਲਿਆਉਣ ਲਈ ਸਿਰਤੋੜ ਯਤਨ ਕਰੇਗੀ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਪਈਆਂ ਸ਼ਹੀਦ ਭਗਤ ਸਿੰਘ ਨਾਲ ਜੁੜੀਆਂ ਵਸਤਾਂ ਨੂੰ ਵੀ ਵਾਪਸ ਲਿਆਂਦਾ ਜਾਵੇਗਾ। ਸੁਨਾਮ ਦੇ ਮਹਾਰਾਜਾ ਪੈਲੇਸ ਵਿਚ ਹੋਏ ਰਾਜ ਪੱਧਰੀ ਸ਼ਰਧਾਂਜਲੀ ਸਮਾਗਮ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਪੰਜਾਬੀਆਂ ਦੇ ਅਣਖੀਲੇ ਸੁਭਾਅ ਦੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਊਧਮ ਸਿੰਘ ਨੇ 21 ਸਾਲਾਂ ਬਾਅਦ ਜੱਲ੍ਹਿਆਂਵਾਲਾ ਬਾਗ ਦੇ ਖੂਨੀ ਕਾਂਡ ਦਾ ਬਦਲਾ ਲੰਡਨ ਦੇ ਕੈਕਸਟਨ ਹਾਲ ਵਿਚ ਜਾ ਕੇ ਲਿਆ ਸੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸ਼ਹੀਦਾਂ ਦੇ ਸੁਫਨਿਆਂ ਵਾਲੀ ਆਜ਼ਾਦੀ ਘਰ ਘਰ ਪਹੁੰਚਾਉਣ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ,‘‘ਆਜ਼ਾਦੀ ਤੋਂ ਬਾਅਦ ਸਾਨੂੰ ਇਕ ਹੋਰ ਆਜ਼ਾਦੀ ਲਈ ਸੰਘਰਸ਼ ਕਰਨਾ ਪੈ ਰਿਹਾ ਹੈ ਅਤੇ ਇਸ ਸੰਘਰਸ਼ ਵਿਚ ਮਹਿਲਾਂ ਜਾਂ ਆਲੀਸ਼ਾਨ ਘਰਾਂ ਵਿਚ ਰਹਿਣ ਵਾਲਿਆਂ ਜਾਂ ਆਪਣੇ ਆਪ ਨੂੰ ‘ਕਾਕਾ ਜੀ’ ਤੇ ‘ਬੀਬਾ ਜੀ’ ਕਹਾਉਣ ਵਾਲਿਆਂ ਨੂੰ ਸਿਆਸੀ ਤੌਰ ’ਤੇ ਗੁੰਮਨਾਮੀ ਵਿਚ ਧੱਕ ਦੇਣਾ ਚਾਹੀਦਾ ਹੈ। ਇਹ ਮੌਕਾਪ੍ਰਸਤ ਨੇਤਾ ਕਦੇ ਵੀ ਲੋਕਾਂ ਦੇ ਪੱਖ ਵਿੱਚ ਨਹੀਂ ਖੜ੍ਹੇ ਹੋਏ ਸਗੋਂ ਇਹ ਲੋਕ ਉਸੇ ਧਿਰ ਦੇ ਕਲਾਵੇ ਵਿਚ ਚਲੇ ਜਾਂਦੇ ਹਨ, ਜਿੱਥੇ ਉਨ੍ਹਾਂ ਦਾ ਆਪਣਾ ਫਾਇਦਾ ਹੁੰਦਾ ਹੋਵੇ। ਚਾਹੇ ਮੁਗਲ ਸ਼ਾਸਕ ਹੋਣ, ਬਰਤਾਨਵੀ ਹਾਕਮ, ਕਾਂਗਰਸ ਅਤੇ ਚਾਹੇ ਭਾਜਪਾ ਹੋਵੇ।’’ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ’ਤੇ ਨਿਸ਼ਾਨਾ ਸੇਧਦਿਆਂ ਉਨ੍ਹਾਂ ਕਿਹਾ ਕਿ ਮਨਪ੍ਰੀਤ ਨੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਜਾ ਕੇ ਸੂਬੇ ਦੀ ਸੇਵਾ ਕਰਨ ਦੀ ਸਹੁੰ ਚੁੱਕੀ ਸੀ ਪਰ ਉਹ ਆਪਣਾ ਵਾਅਦਾ ਪੂਰਾ ਕਰਨ ਦੀ ਬਜਾਏ ਇਸ ਨੂੰ ਭੁੱਲ ਗਏ ਅਤੇ ਅਹੁਦੇ ਦੀ ਖਾਤਰ ਪਹਿਲਾਂ ਕਾਂਗਰਸ ਵਿੱਚ ਅਤੇ ਹੁਣ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਤੋਂ ਪਹਿਲਾਂ ਉਨ੍ਹਾਂ ਇਥੇ ਬਣੇ ਸ਼ਹੀਦੀ ਸਮਾਰਕ ’ਤੇ ਸ਼ਹੀਦ ਊਧਮ ਸਿੰਘ ਦੇ ਬੁੱਤ ’ਤੇ ਸ਼ਰਧਾਜਲੀ ਦੇ ਫੁੱਲ ਭੇਟ ਕੀਤੇ। ਇਸ ਮੌਕੇ ਸੁਨਾਮ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੁੱਖ ਮੰਤਰੀ ਤੋਂ ਸੁਨਾਮ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਮੰਗ ਵੀ ਕੀਤੀ। ਸ਼ਰਧਾਜਲੀ ਸਮਾਗਮ ਮੌਕੇ ਪ੍ਰਿੰਸੀਪਲ ਬੁੱਧਰਾਮ, ਲਹਿਰਾ ਦੇ ਵਿਧਾਇਕ ਵਰਿੰਦਰ ਗੋਇਲ, ਲਾਭ ਸਿੰਘ ਉਗੋਕੇ, ਜਸਵੀਰ ਕੁਟਨੀ, ਜਸਵੰਤ ਸਿੰਘ ਗੱਜਣਮਾਜਰਾ, ਅਵਤਾਰ ਸਿੰਘ ਈਲਵਾਲ, ਮਹਿੰਦਰ ਸਿੰਘ ਸਿੱਧੂ, ਗੁਰਮੇਲ ਸਿੰਘ ਘਰਾਚੋਂ ਅਤੇ ਹੋਰ ਪਤਵੰਤੇ ਮੌਜੂਦ ਸਨ।
‘ਕੇਂਦਰ ਤੋਂ ਹੜ੍ਹ ਪੀੜਤਾਂ ਲਈ ਭੀਖ ਨਹੀਂ ਮੰਗਾਂਗੇ’
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਹੜ੍ਹ ਪੀੜਤਾਂ ਨੂੰ ਰਾਹਤ ਦੇਣ ਲਈ ਕੇਂਦਰ ਤੋਂ ਭੀਖ ਨਹੀਂ ਮੰਗੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕੋਲ ਲੋਕਾਂ ਨੂੰ ਇਸ ਗੰਭੀਰ ਸੰਕਟ ਵਿੱਚੋਂ ਕੱਢਣ ਲਈ ਲੋੜੀਂਦੇ ਸਾਧਨ ਮੌਜੂਦ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ ਅਤੇ ਅਧਿਕਾਰੀਆਂ ਨੂੰ ਹਰ ਹੀਲੇ ਵਿਸ਼ੇਸ਼ ਗਿਰਦਾਵਰੀ 15 ਅਗਸਤ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਇੱਕ ਮੁਰਗੀ ਜਾਂ ਬੱਕਰੀ ਦਾ ਨੁਕਸਾਨ ਹੋਣ ’ਤੇ ਵੀ ਮੁਆਵਜ਼ਾ ਦੇਵੇਗੀ।