ਭਗਵੰਤ ਮਾਨ ਹੀ ਬਣੇ ਰਹਿਣਗੇ ਮੁੱਖ ਮੰਤਰੀ: ਕੇਜਰੀਵਾਲ
ਅੰਮ੍ਰਿਤਸਰ, 16 ਮਾਰਚ
‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ ਵਿੱਚ ਅਗਲੇ ਦੋ ਸਾਲ ਲਈ ਭਗਵੰਤ ਮਾਨ ਹੀ ਮੁੱਖ ਮੰਤਰੀ ਬਣੇ ਰਹਿਣਗੇ। ਪੰਜਾਬ ਵਿੱਚ ‘ਆਪ’ ਸਰਕਾਰ ਦਾ ਤਿੰਨ ਸਾਲ ਦਾ ਕਾਰਜਕਾਲ ਮੁਕੰਮਲ ਹੋਣ ’ਤੇ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਨ ਮਾਨ ਨੇ ਅੱਜ ਦਰਬਾਰ ਸਾਹਿਬ ’ਚ ਮੱਥਾ ਟੇਕਿਆ। ਸ਼ੁਕਰਾਨੇ ਲਈ ਉਹ ਦੁਰਗਿਆਨਾ ਮੰਦਿਰ ਅਤੇ ਇਤਿਹਾਸਕ ਰਾਮ ਤੀਰਥ ਵਿਖੇ ਵੀ ਮੱਥਾ ਟੇਕਣ ਗਏ। ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਜਰੀਵਾਲ ਨੇ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਦਲਣ ਸਬੰਧੀ ਵਿਰੋਧੀਆਂ ਦੇ ਬਿਆਨ ਨਕਾਰਦਿਆਂ ਕਿਹਾ ਕਿ ਬਾਕੀ ਰਹਿੰਦੇ ਸਮੇਂ ਤੱਕ ਭਗਵੰਤ ਮਾਨ ਹੀ ਸੂਬੇ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੇ ਮੁੱਖ ਮੰਤਰੀ ਰਹਿਣਗੇ। ਜੇ ਅੱਗੇ ਮੌਕਾ ਮਿਲਿਆ ਤਾਂ ਅਗਲੇ ਪੰਜ ਸਾਲ ਵੀ ਭਗਵੰਤ ਮਾਨ ਹੀ ਮੁੱਖ ਮੰਤਰੀ ਬਣਨਗੇ।
ਸੂਚਨਾ ਕੇਂਦਰ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਤਿੰਨ ਸਾਲ ਪਹਿਲਾਂ ਉਨ੍ਹਾਂ ਖਟਕੜ ਕਲਾ ਤੋਂ ਇਹ ਸੇਵਾ ਸ਼ੁਰੂ ਕੀਤੀ ਸੀ। ਉਸ ਵੇਲੇ ਉਨ੍ਹਾਂ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਦੀ ਸਹੁੰ ਚੁੱਕੀ ਸੀ। ਤਿੰਨ ਸਾਲਾਂ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ ਅਤੇ ਲੋਕ ਸੇਵਾ ਵਜੋਂ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚੋਂ ਨਸ਼ੇ ਅਤੇ ਭ੍ਰਿਸ਼ਟਾਚਾਰ ਖ਼ਤਮ ਕਰਨ ਲਈ ਜੰਗ ਜਾਰੀ ਹੈ। ਇਸੇ ਤਰ੍ਹਾਂ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਪਹਿਲਕਦਮੀਆਂ ਕੀਤੀਆਂ ਗਈਆਂ ਹਨ, ਸਿਹਤ ਤੇ ਬਿਜਲੀ ਖੇਤਰ ਨੂੰ ਮਜ਼ਬੂਤ ਕੀਤਾ ਗਿਆ ਹੈ ਅਤੇ ਨੌਜਵਾਨਾਂ ਨੂੰ ਵੱਡੇ ਪੱਧਰ ’ਤੇ ਨੌਕਰੀਆਂ ਦਿੱਤੀਆਂ ਗਈਆਂ ਹਨ। ਪੰਜਾਬ ਵਿੱਚ ਮੁਢਲੇ ਢਾਂਚੇ ਦਾ ਵਿਕਾਸ ਕਰਨ ਲਈ ਲਗਾਤਾਰ ਕੰਮ ਚੱਲ ਰਿਹਾ ਹੈ। ਸਰਕਾਰ ਵੱਲੋਂ ਲੋਕਾਂ ਨੂੰ ਹਰ ਸੰਭਵ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਗੁਰੂ ਘਰ ਵਿੱਚ ਪੰਜਾਬ ਦੇ ਭਲੇ, ਭਾਈਚਾਰਕ ਸਾਂਝ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਅੰਮ੍ਰਿਤਸਰ ਵਿੱਚ ਧਾਰਮਿਕ ਅਸਥਾਨ ਦੇ ਬਾਹਰ ਹੋਏ ਧਮਾਕੇ ਦੇ ਮਾਮਲੇ ਵਿੱਚ ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਕੇਜਰੀਵਾਲ ਬੀਤੇ ਦਿਨ ਹੀ ਅੰਮ੍ਰਿਤਸਰ ਪੁੱਜੇ ਸਨ ਅਤੇ ਉਹ ਵਿਧਾਇਕ ਡਾਕਟਰ ਇੰਦਰਬੀਰ ਸਿੰਘ ਨਿੱਝਰ ਦੇ ਘਰ ਠਹਿਰੇ ਸਨ। ਉਨ੍ਹਾਂ ਬੀਤੇ ਦਿਨ ਭਾਜਪਾ ਆਗੂ ਅਤੇ ਦੁਰਗਿਆਨਾ ਮੰਦਰ ਕਮੇਟੀ ਦੀ ਮੁਖੀ ਪ੍ਰੋਫੈਸਰ ਲਕਸ਼ਮੀਕਾਂਤਾ ਚਾਵਲਾ ਨਾਲ ਵੀ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਕੇਜਰੀਵਾਲ ਹੁਸ਼ਿਆਰਪੁਰ ਵਿੱਚ ਵਿਪਾਸਨਾ ਕੇਂਦਰ ’ਚ ਸਨ।
‘ਆਪ’ ਸੁਪਰੀਮੋ ਅਨੁਸਾਰ ਨਸ਼ੇ ਤੇ ਭ੍ਰਿਸ਼ਟਾਚਾਰ ਸੂਬੇ ਦੀਆਂ ਵੱਡੀਆਂ ਸਮੱਸਿਆਵਾਂ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਇਸ ਵੇਲੇ ਸਭ ਤੋਂ ਵੱਡੀ ਸਮੱਸਿਆ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਦੀ ਹੈ, ਜਿਸ ਖ਼ਿਲਾਫ਼ ਸਰਕਾਰ ਨੇ ਜੰਗ ਛੇੜੀ ਹੋਈ ਹੈ। ਜਦੋਂ ਇਨ੍ਹਾਂ ਸਮੱਸਿਆਵਾਂ ਖ਼ਿਲਾਫ਼ ਪੰਜਾਬ ਦੇ ਤਿੰਨ ਕਰੋੜ ਲੋਕ ਇਕੱਠੇ ਹੋ ਕੇ ਯੁੱਧ ਕਰਨਗੇ ਤਾਂ ਜਿੱਤ ਪੱਕੀ ਹੋਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਾਸਤੇ ਇਹ ਕਾਰਜ ਰਾਜ ਨਹੀਂ, ਸਗੋਂ ਲੋਕਾਂ ਦੀ ਸੇਵਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿੱਚ ਤਿੰਨ ਸਾਲ ਦਾ ਕਾਰਜਕਾਲ ਮੁਕੰਮਲ ਕਰ ਲਿਆ ਹੈ, ਜਿਸ ਦੇ ਸ਼ੁਕਰਾਨੇ ਲਈ ਉਹ ਅੱਜ ਗੁਰੂ ਘਰ ਨਤਮਸਤਕ ਹੋਏ ਹਨ। ਉਨ੍ਹਾਂ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ ਹੈ ਕਿ ਉਹ ਅੱਗੇ ਵੀ ਮਾਰਗਦਰਸ਼ਨ ਕਰਨ, ਤਾਂ ਜੋ ਪਹਿਲਾਂ ਵਾਂਗ ਹੀ ਲੋਕਾਂ ਦੀ ਸੇਵਾ ਜਾਰੀ ਰੱਖੀ ਜਾ ਸਕੇ। ਇਸ ਮੌਕੇ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ, ਪੰਜਾਬ ਦੇ ਕੈਬਨਿਟ ਮੰਤਰੀ ਅਤੇ ਵਿਧਾਇਕ ਵੀ ਹਾਜ਼ਰ ਸਨ।