ਭਾਂਖਰਪੁਰ ਨੇੜੇ ਸੜਕ ਚੌੜੀ ਕਰਨ ਦਾ ਰਾਹ ਪੱਧਰਾ
ਡੇਰਾਬੱਸੀ, 14 ਜੂਨ
ਚੰਡੀਗੜ੍ਹ-ਅੰਬਾਲਾ ਕੌਮੀ ਸ਼ਾਹਰਾਹ ’ਤੇ ਪੈਂਦੇ ਪਿੰਡ ਭਾਂਖਰਪੁਰ ਕੋਲ ਸੜਕ ਨੂੰ ਚੌੜਾ ਕਰਨ ਲਈ ਪਿਛਲੇ ਲੰਮੇ ਸਮੇਂ ਤੋਂ ਲਟਕ ਰਹੇ ਕੰਮ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦ ਸੜਕ ਨੂੰ ਚੌੜਾ ਕਰਨ ਦੌਰਾਨ ਰੌੜਾ ਬਣਦੇ ਜਾ ਰਹੇ ਨਾਜਾਇਜ਼ ਕਬਜ਼ੇ ਹਟਾ ਦਿੱਤੇ ਗਏ। ਪ੍ਰਸ਼ਾਸਨ ਵੱਲੋਂ ਹਾਈਵੇਅ ਦੇ ਕਿਨਾਰੇ ਨਾਜਾਇਜ਼ ਢੰਗ ਨਾਲ ਕੀਤੀਆਂ ਉਸਾਰੀਆਂ ਨੂੰ ਢਾਹ ਕੇ ਸੜਕ ਬਣਾਉਣ ਲਈ ਰਸਤਾ ਸਾਫ਼ ਕਰ ਦਿੱਤਾ ਗਿਆ ਹੈ। ਇਸ ਕਾਰਵਾਈ ਨਾਲ ਜਿੱਥੇ ਸਥਾਨਕ ਲੋਕਾਂ ਨੂੰ ਰਾਹਤ ਮਿਲੀ ਹੈ, ਉੱਥੇ ਹੀ ਆਵਾਜਾਈ ਦੇ ਸੁਚਾਰੂ ਪ੍ਰਬੰਧਾਂ ਦੀ ਵੀ ਉਮੀਦ ਵਧੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਨੈਸ਼ਨਲ ਹਾਈਵੇਅ ਦੇ ਇਸ ਹਿੱਸੇ ’ਤੇ ਕਈ ਥਾਈਂ ਦੁਕਾਨਾਂ ਅਤੇ ਹੋਰ ਵਪਾਰਕ ਅਦਾਰਿਆਂ ਵੱਲੋਂ ਸੜਕ ਕਿਨਾਰੇ ਨਾਜਾਇਜ਼ ਕਬਜ਼ੇ ਕੀਤੇ ਹੋਏ ਸਨ, ਜਿਸ ਕਾਰਨ ਸੜਕ ਚੌੜੀ ਕਰਨ ਦਾ ਕੰਮ ਲਮੇਂ ਸਮੇਂ ਤੋਂ ਲਟਕਿਆ ਹੋਇਆ ਸੀ। ਇਨ੍ਹਾਂ ਕਬਜ਼ਿਆਂ ਕਾਰਨ ਆਵਾਜਾਈ ਵਿੱਚ ਵੀ ਵਿਘਨ ਪੈਦਾ ਹੁੰਦਾ ਸੀ ਅਤੇ ਹਾਦਸਿਆਂ ਦਾ ਖਤਰਾ ਵੀ ਬਣਿਆ ਰਹਿੰਦਾ ਸੀ। ਪ੍ਰਸ਼ਾਸਨ ਨੇ ਕਈ ਵਾਰ ਨੋਟਿਸ ਜਾਰੀ ਕੀਤੇ ਸਨ ਪਰ ਕਬਜ਼ਾਧਾਰੀਆਂ ਵੱਲੋਂ ਨਾਜਾਇਜ਼ ਕਬਜ਼ੇ ਖ਼ਾਲੀ ਨਹੀਂ ਕੀਤੇ ਜਾ ਰਹੇ ਸੀ। ਲੰਘੀ ਦੇਰ ਸ਼ਾਮ ਪ੍ਰਸ਼ਾਸਨ ਅਤੇ ਨੈਸ਼ਨਲ ਹਾਈਵੇਅ ਦੀ ਟੀਮ ਵੱਡੀ ਗਿਣਤੀ ਵਿੱਚ ਪੁਲੀਸ ਫੋਰਸ ਨਾਲ ਮੌਕੇ ’ਤੇ ਪਹੁੰਚੀ ਅਤੇ ਜੇਸੀਬੀ ਮਸ਼ੀਨਾਂ ਦੀ ਮਦਦ ਨਾਲ ਨਾਜਾਇਜ਼ ਉਸਾਰੀਆਂ ਨੂੰ ਢਾਹ ਦਿੱਤਾ ਗਿਆ। ਇਸ ਕਾਰਵਾਈ ਦੌਰਾਨ ਕਿਸੇ ਵੀ ਤਰ੍ਹਾਂ ਦੇ ਟਕਰਾਅ ਦੀ ਸਥਿਤੀ ਪੈਦਾ ਨਹੀਂ ਹੋਈ।
ਇਸ ਕਾਰਵਾਈ ਨਾਲ ਨੈਸ਼ਨਲ ਹਾਈਵੇਅ ਨੂੰ ਚੌੜਾ ਕਰਨ ਦਾ ਕੰਮ ਤੇਜ਼ੀ ਨਾਲ ਅੱਗੇ ਵਧਣ ਦੀ ਸੰਭਾਵਨਾ ਬਣ ਗਈ ਹੈ। ਸੜਕ ਚੌੜੀ ਹੋਣ ਨਾਲ ਜਿੱਥੇ ਆਵਾਜਾਈ ਸੁਚਾਰੂ ਹੋਵੇਗੀ, ਉੱਥੇ ਹੀ ਸਫ਼ਰ ਦਾ ਸਮਾਂ ਵੀ ਘੱਟੇਗਾ ਅਤੇ ਹਾਦਸਿਆਂ ਵਿੱਚ ਵੀ ਕਮੀ ਆਵੇਗੀ। ਸਥਾਨਕ ਲੋਕਾਂ ਨੇ ਪ੍ਰਸ਼ਾਸਨ ਦੇ ਇਸ ਕਦਮ ਦੀ ਸ਼ਲਾਘਾ ਕੀਤੀ ਹੈ।